ਮੁਲਾਜ਼ਮਾਂ ਦੇ 27 ਅਗਸਤ ਦੇ ਸੰਘਰਸ਼ ਦੀ ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਵੱਲੋਂ ਹਮਾਇਤ
ਰਜਿੰਦਰ ਸਿੰਘ ਰਾਣਾ, ਰਸ਼ਪਾਲ ਸਿੰਘ ਤੇ ਸ਼ਮਸ਼ੇਰ ਸਿੰਘ ਰਤੜਾ ਨੇ ਕਿਹਾ—ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ ਸਰਕਾਰ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ:26 ਅਗਸਤ 2026 ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਦਫ਼ਤਰਾਂ ਦਾ ਕੰਮਕਾਜ ਠੱਪ ਕਰਨ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੀਤੀ ਜਾ ਰਹੀ ਵੱਡੀ ਰੈਲੀ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਕਿਰਤੀ ਕਿਸਾਨ ਯੂਨੀਅਨ ਦੇ ਪੰਜਾਬ ਸੂਬਾ ਜਨਰਲ ਸਕੱਤਰ ਰਸ਼ਪਾਲ ਸਿੰਘ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਸ਼ਮਸ਼ੇਰ ਸਿੰਘ ਰਤੜਾ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਟਕਾਉਣ ਦੀ ਬਜਾਏ ਤੁਰੰਤ ਪ੍ਰਵਾਨ ਕਰਕੇ ਉਨ੍ਹਾਂ ਨੂੰ ਸੰਤੁਸ਼ਟ ਕਰਨਾ ਚਾਹੀਦਾ ਹੈ।
ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਨੂੰ ਹੋਰ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵਿੱਚ ਸਰਕਾਰ ਦੀਆਂ ਨੀਤੀਆਂ ਪ੍ਰਤੀ ਰੋਸ ਲਗਾਤਾਰ ਵਧ ਰਿਹਾ ਹੈ ਅਤੇ ਇਸ ਨੂੰ ਨਜ਼ਰਅੰਦਾਜ਼ ਕਰਨਾ ਸਰਕਾਰ ਲਈ ਮਹਿੰਗਾ ਸਾਬਤ ਹੋ ਸਕਦਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਮੁਲਾਜ਼ਮਾਂ ਦਾ ਹੱਕ ਹੈ। ਇਸ ਤੋਂ ਇਲਾਵਾ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਮਿਲਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਆਮ ਲੋਕਾਂ ਦੇ ਨਾਲ-ਨਾਲ ਸਰਕਾਰੀ ਮੁਲਾਜ਼ਮਾਂ ਦੀ ਆਰਥਿਕ ਹਾਲਤ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਇਸ ਲਈ ਤਨਖਾਹਾਂ ਤੋਂ ਇਲਾਵਾ ਮਹਿੰਗਾਈ ਦੇ ਅਨੁਸਾਰ ਬਣਦੇ ਲਾਭ ਅਤੇ ਭੱਤੇ ਵੀ ਮੁਲਾਜ਼ਮਾਂ ਨੂੰ ਦਿੱਤੇ ਜਾਣੇ ਚਾਹੀਦੇ ਹਨ।
ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੇ ਸੰਘਰਸ਼ ਨੂੰ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 27 ਅਗਸਤ ਦੇ ਰੋਸ ਪ੍ਰੋਗਰਾਮ ਤੋਂ ਪਹਿਲਾਂ ਮੁਲਾਜ਼ਮ ਜਥੇਬੰਦੀਆਂ ਨਾਲ ਗੰਭੀਰਤਾ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਢੁਕਵਾਂ ਹੱਲ ਕੱਢਿਆ ਜਾਵੇ।
ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਆਮ ਲੋਕਾਂ ਦੇ ਹੱਕਾਂ ਨਾਲ ਜੁੜੇ ਮਸਲਿਆਂ ’ਤੇ ਸੰਯੁਕਤ ਕਿਸਾਨ ਮੋਰਚਾ ਹਮੇਸ਼ਾ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਨਾਲ ਖੜ੍ਹਾ ਰਹੇਗਾ।
- Download Babushahi App
-
-