ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਵੱਖ-ਵੱਖ ਬਲਾਕਾਂ ਦਾ ਕੀਤਾ ਦੌਰਾ
ਕਿਸਾਨ ਭਲਾਈ ਸਕੀਮਾਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਰੋਹਿਤ ਗੁਪਤਾ
ਗੁਰਦਾਸਪੁਰ, 27 ਜੁਲਾਈ
ਜ਼ਿਲ੍ਹਾ ਗੁਰਦਾਸਪੁਰ ਵਿੱਚ ਖੇਤੀਬਾੜੀ ਵਿਭਾਗ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਕੇ ਕਿਸਾਨਾਂ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਅੱਜ ਕਲਾਨੌਰ, ਡੇਰਾ ਬਾਬਾ ਨਾਨਕ ਸਮੇਤ ਵੱਖ-ਵੱਖ ਬਲਾਕਾਂ ਦਾ ਦੌਰਾ ਕੀਤਾ।
ਦੌਰੇ ਦੌਰਾਨ ਡਾ. ਚੀਮਾ ਨੇ ਬਲਾਕ ਪੱਧਰ ਦੇ ਸਮੂਹ ਖੇਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਅਤੇ ਗਤੀਵਿਧੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਸਰਕਾਰੀ ਸਕੀਮਾਂ ਦੇ ਲਾਭ ਸਮੇਂ ਸਿਰ ਪਹੁੰਚਾਉਣ ਲਈ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦਾ ਲਾਭ ਲੈਣ ਲਈ ਆਪਣੀ ਫਾਰਮ ਰਜਿਸਟਰੀ ਜ਼ਰੂਰ ਕਰਵਾਉਣ। ਉਨ੍ਹਾਂ ਦੱਸਿਆ ਕਿ ਇਹ ਰਜਿਸਟ੍ਰੇਸ਼ਨ ਨੇੜਲੇ ਸੀ.ਐਸ.ਸੀ. (ਕਾਮਨ ਸਰਵਿਸ ਸੈਂਟਰ) ਵਿਖੇ ਮੁਫ਼ਤ ਕੀਤੀ ਜਾ ਰਹੀ ਹੈ। ਇਸ ਲਈ ਕਿਸਾਨ ਆਪਣੇ ਆਧਾਰ ਕਾਰਡ ਅਤੇ ਮੋਬਾਈਲ ਨੰਬਰ ਨਾਲ ਨਜ਼ਦੀਕੀ ਸੀ.ਐਸ.ਸੀ. ਕੇਂਦਰ 'ਤੇ ਜਾ ਕੇ ਤੁਰੰਤ ਰਜਿਸਟ੍ਰੇਸ਼ਨ ਕਰਵਾਉਣ।
ਡਾ. ਚੀਮਾ ਨੇ ਮੌਜੂਦਾ ਮੌਸਮੀ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦਾ ਨਿਯਮਿਤ ਨਿਰੀਖਣ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਸਿਫ਼ਾਰਸ਼ੀ ਮਾਤਰਾ ਅਨੁਸਾਰ ਹੀ ਕੀਤੀ ਜਾਵੇ ਅਤੇ ਬੇਲੋੜੀ ਖਾਦਾਂ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਫ਼ਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਜ਼ਰ ਆਉਂਦੀ ਹੈ ਤਾਂ ਕਿਸੇ ਵੀ ਦਵਾਈ ਦਾ ਛਿੜਕਾਅ ਕਰਨ ਤੋਂ ਪਹਿਲਾਂ ਖੇਤੀ ਮਾਹਿਰਾਂ ਦੀ ਸਲਾਹ ਜ਼ਰੂਰ ਲਈ ਜਾਵੇ, ਤਾਂ ਜੋ ਬੇਲੋੜੇ ਖ਼ਰਚ ਤੋਂ ਬਚਿਆ ਜਾ ਸਕੇ ਅਤੇ ਫ਼ਸਲ ਦੀ ਸਿਹਤ ਵੀ ਬਰਕਰਾਰ ਰਹੇ।
- Download Babushahi App
-
-