ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਾਮ ਲਈ ਦੋ ਬੱਸਾਂ ਰਵਾਨਾ
ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਸ਼ਰਧਾਲੂਆਂ ਵਿੱਚ ਤੀਰਥ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ: ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਵਿਧਾਇਕ ਸ. ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਖਾਟੂ ਸ਼ਾਮ ਲਈ ਰਵਾਨਾ ਕੀਤਾ। ਇਹ ਬੱਸਾਂ ਖਾਟੂ ਸ਼ਾਮ, ਬਾਲਾਸਰ, ਹਰਿਦੁਆਰ ਅਤੇ ਵਰਿੰਦਾਵਨ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਉਪਰੰਤ ਸ਼ਰਧਾਲੂਆਂ ਨੂੰ ਵਾਪਸ ਮੋਹਾਲੀ ਲੈ ਕੇ ਪਰਤਣਗੀਆਂ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੈਕਟਰ-68 ਅਤੇ ਬਲੌਂਗੀ-ਦਾਊਂ ਪਿੰਡ ਦੀਆਂ ਸੰਗਤਾਂ ਵੱਲੋਂ ਸਾਬਕਾ ਸਰਪੰਚ ਸ. ਮੱਖਣ ਸਿੰਘ ਬਲੌਂਗੀ ਅਤੇ ਸ੍ਰੀਮਤੀ ਸਰਬਜੀਤ ਕੌਰ ਦੇ ਯਤਨਾਂ ਸਦਕਾ ਇਸ ਯਾਤਰਾ ਲਈ ਰਜਿਸਟ੍ਰੇਸ਼ਨ ਕਰਵਾਈ ਗਈ ਅਤੇ ਅੱਜ ਸੰਗਤਾਂ ਆਪਣੇ ਆਸਥਾ ਦੇ ਕੇਂਦਰਾਂ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ ਹਨ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਪਹਿਲਾਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕਿ ਮੰਦਰ, ਵਾਹਗਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ ਦੇ ਦਰਸ਼ਨ ਕਰਵਾਏ ਜਾਂਦੇ ਸਨ। ਉਨ੍ਹਾਂ ਦੱਸਿਆ ਕਿ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਇਸ ਯੋਜਨਾ ਦਾ ਦਾਇਰਾ ਵਧਾਉਂਦਿਆਂ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇਲਾਵਾ ਖਾਟੂ ਸ਼ਾਮ, ਵਰਿੰਦਾਵਨ, ਹਰਿਦੁਆਰ, ਬਾਲਾਸਰ ਆਦਿ ਧਾਰਮਿਕ ਸਥਾਨਾਂ ਲਈ ਵੀ ਬੱਸਾਂ ਭੇਜਣ ਦੀ ਸ਼ੁਰੂਆਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵੱਲੋਂ ਲਗਾਤਾਰ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਯਾਤਰਾ ਨੂੰ ਸੁਚਾਰੂ, ਸੁਰੱਖਿਅਤ ਅਤੇ ਸੁਵਿਧਾਜਨਕ ਬਣਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਖਾਸ ਤੌਰ ’ਤੇ ਸੀਨੀਅਰ ਸਿਟੀਜ਼ਨ ਸ਼ਰਧਾਲੂਆਂ ਦੀ ਸਹੂਲਤ ਦਾ ਪੂਰਾ ਧਿਆਨ ਰੱਖਿਆ ਜਾਂਦਾ ਹੈ। ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਲਈ ਗਾਈਡ ਅਤੇ ਲੋੜ ਪੈਣ ’ਤੇ ਤੁਰੰਤ ਡਾਕਟਰੀ ਸਹਾਇਤਾ ਲਈ ਡਾਕਟਰ ਵੀ ਉਪਲਬਧ ਰਹਿੰਦੇ ਹਨ। ਇਸ ਤੋਂ ਇਲਾਵਾ ਸ਼ਰਧਾਲੂਆਂ ਲਈ ਖਾਣ-ਪੀਣ ਅਤੇ ਰਹਿਣ-ਸਹਿਣ ਦੇ ਵੀ ਢੁਕਵੇਂ ਪ੍ਰਬੰਧ ਕੀਤੇ ਜਾਂਦੇ ਹਨ।
ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ ਸ. ਫੂਲਰਾਜ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਲਈ ਬੱਸਾਂ ਸ਼ਾਮ ਵੇਲੇ ਰਵਾਨਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਵੱਲੋਂ ਵਿਧਾਇਕ ਸ. ਕੁਲਵੰਤ ਸਿੰਘ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੇ ਯਤਨਾਂ ਸਦਕਾ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸੀਨੀਅਰ ਸਿਟੀਜ਼ਨਾਂ ਦੇ ਵੱਡੇ ਕਾਫਲੇ ਲਗਾਤਾਰ ਇਸ ਯਾਤਰਾ ਲਈ ਰਵਾਨਾ ਹੋ ਰਹੇ ਹਨ।
ਇਸ ਮੌਕੇ ਹਲਕਾ ਕੋਆਰਡੀਨੇਟਰ ਸ. ਫੂਲਰਾਜ ਸਿੰਘ ਤੋਂ ਇਲਾਵਾ ਮੋਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਰਜਿੰਦਰ ਪ੍ਰਸਾਦ ਸ਼ਰਮਾ, ਕੌਂਸਲਰ ਸ. ਗੁਰਜੀਤ ਸਿੰਘ, ਸ. ਜਸਪਾਲ ਸਿੰਘ ਮਟੌਰ, ਸ. ਬਲਜੀਤ ਸਿੰਘ ਹੈਪੀ, ਸ. ਰਜਿੰਦਰ ਸਿੰਘ ਅਤੇ ਸ. ਨਿਰਮਲ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
- Download Babushahi App
-
-