ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ
2,008 ਪਿੰਡਾਂ ਤੇ ਵਾਰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਇੱਕ ਹਫ਼ਤੇ ਅੰਦਰ ਵੰਡੇ ਜਾਣਗੇ ਕਾਰਡ
ਕੋਈ ਵੀ ਯੋਗ ਲਾਭਪਾਤਰੀ ਸਿਹਤ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ - ਚੇਅਰਮੈਨ ਪ੍ਰਭਬੀਰ ਸਿੰਘ ਬਰਾੜ
ਅੰਮ੍ਰਿਤਸਰ, 14 ਸਤੰਬਰ:
ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਦੇ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਸੂਬਾ ਸਰਕਾਰ ਵੱਲੋਂ ਕਾਰਡਾਂ ਦੀ ਵੰਡ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸ ਤਹਿਤ ਜਲਦ ਹੀ ਜ਼ਿਲ੍ਹਿਆਂ ਵਿੱਚ ਲਗਭਗ 33 ਲੱਖ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਉਪਲੱਬਧ ਹੋਣ ਦੀ ਸੰਭਾਵਨਾ ਹੈ।
ਇਹ ਜਾਣਕਾਰੀ ਦਿੰਦਿਆਂ ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਸਮਾਂਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਪਰਿਵਾਰ ਸਰਕਾਰੀ ਸਿਹਤ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਦੱਸਿਆ ਕਿ ਲਗਭਗ 31 ਲੱਖ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਪਹਿਲਾਂ ਹੀ ਜ਼ਿਲ੍ਹਿਆਂ ਵਿੱਚ ਉਪਲੱਬਧ ਕਰਵਾਏ ਜਾ ਚੁੱਕੇ ਹਨ, ਜਦਕਿ ਕਰੀਬ 2 ਲੱਖ ਹੋਰ ਕਾਰਡ ਜਲਦ ਉਪਲੱਬਧ ਹੋਣ ਦੀ ਉਮੀਦ ਹੈ।
ਸ੍ਰੀ ਬਰਾੜ ਨੇ ਦੱਸਿਆ ਕਿ ਸਰਕਾਰ ਵੱਲੋਂ ਲਗਭਗ 2,008 ਪਿੰਡਾਂ ਅਤੇ ਵਾਰਡਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ 400 ਜਾਂ ਇਸ ਤੋਂ ਵੱਧ ਲਾਭਪਾਤਰੀ ਕਾਰਡ ਲਈ ਯੋਗ ਹਨ। ਇਨ੍ਹਾਂ ਸਥਾਨਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਕਾਰਡਾਂ ਦੀ ਵੰਡ ਕੀਤੀ ਜਾਵੇਗੀ, ਤਾਂ ਜੋ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਹੀ ਕਾਰਡ ਪ੍ਰਾਪਤ ਕਰਨ ਦੀ ਸਹੂਲਤ ਮਿਲ ਸਕੇ।
ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਇਨ੍ਹਾਂ ਕੈਂਪਾਂ ਬਾਰੇ ਪਹਿਲਾਂ ਹੀ ਸੂਚਿਤ ਕੀਤਾ ਜਾਵੇਗਾ। ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰਾਂ, ਸਿਹਤ ਮਿੱਤਰਾਂ ਅਤੇ ਹੋਰ ਫੀਲਡ ਸਟਾਫ਼ ਨੂੰ ਲਾਭਪਾਤਰੀਆਂ ਨਾਲ ਸੰਪਰਕ ਕਰਕੇ ਕੈਂਪਾਂ ਵਿੱਚ ਉਨ੍ਹਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਤਾਇਨਾਤ ਕੀਤਾ ਜਾਵੇਗਾ।
ਸ੍ਰੀ ਬਰਾੜ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਅਤੇ ਵਾਰਡਾਂ ਵਿੱਚ 400 ਤੋਂ ਘੱਟ ਲਾਭਪਾਤਰੀ ਹਨ, ਉੱਥੇ ਪਹਿਲਾਂ ਵਾਂਗ ਘਰ-ਘਰ ਕਾਰਡ ਵੰਡ ਦੀ ਵਿਵਸਥਾ ਜਾਰੀ ਰਹੇਗੀ। ਕੈਂਪਾਂ ਤੋਂ ਬਾਅਦ ਜਿਹੜੇ ਕਾਰਡ ਵੰਡੇ ਨਹੀਂ ਜਾ ਸਕਣਗੇ, ਉਹ ਵੀ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਰਾਹੀਂ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾਏ ਜਾਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਸੂਬੇ ਦੇ ਹਰ ਯੋਗ ਵਿਅਕਤੀ ਨੂੰ ਸਿਹਤ ਸੁਰੱਖਿਆ ਦੇ ਘੇਰੇ ਵਿੱਚ ਲਿਆਉਣਾ ਹੈ ਅਤੇ ਇਸ ਦਿਸ਼ਾ ਵਿੱਚ ਕਾਰਡਾਂ ਦੀ ਵੰਡ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ।
- Download Babushahi App
-
-