ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ
ਡਿਪਟੀ ਕਮਿਸ਼ਨਰ ਵੱਲੋਂ ਡਰੋਨ ਸ਼ੋਅ ਦੇ ਸੁਚੱਜੇ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ
ਐਮ.ਐਲ.ਏ. ਕੁਲਵੰਤ ਸਿੰਘ ਵੱਲੋਂ ਪਰਿਵਾਰਾਂ ਤੇ ਬੱਚਿਆਂ ਸਮੇਤ ਸ਼ੋਅ ਦਾ ਆਨੰਦ ਮਾਣਨ ਦੀ ਅਪੀਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਸਤੰਬਰ:
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ 29 ਸਤੰਬਰ, ਦਿਨ ਮੰਗਲਵਾਰ ਨੂੰ ਸ਼ਾਮ 6:30 ਵਜੇ ਅਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ-79, ਮੋਹਾਲੀ ਦੇ ਸਾਹਮਣੇ ਸਥਿਤ ਦੁਸਹਿਰਾ ਗਰਾਊਂਡ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਸ ਵਿਲੱਖਣ ਪੇਸ਼ਕਾਰੀ ਦੌਰਾਨ ਅਸਮਾਨ ਵਿੱਚ ਰੌਸ਼ਨੀਆਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਹਾਨ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਦਰਸ਼ਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਡਰੋਨ ਸ਼ੋਅ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨੂੰ ਲੋੜੀਂਦੀਆਂ ਡਿਊਟੀਆਂ ਸੌਂਪੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਅਤੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ ਅਤੇ ਸਮਾਗਮ ਦੌਰਾਨ ਕਿਸੇ ਕਿਸਮ ਦੀ ਅਸੁਵਿਧਾ ਨਾ ਆਉਣ ਦਿੱਤੀ ਜਾਵੇ।
ਉਨ੍ਹਾਂ ਦੱਸਿਆ ਕਿ ਲਗਭਗ 500 ਡਰੋਨ ਇਕੋ ਸਮੇਂ ਅਸਮਾਨ ਵਿੱਚ ਉਡਾਣ ਭਰਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਲੱਖਣ ਦ੍ਰਿਸ਼ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਸੰਗਤ ਅਤੇ ਇਲਾਕਾ ਵਾਸੀਆਂ ਲਈ ਇੱਕ ਯਾਦਗਾਰ ਅਨੁਭਵ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ, ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਾਰਕਿੰਗ ਦੀ ਢੁੱਕਵੀਂ ਵਿਵਸਥਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਭੀੜ ਪ੍ਰਬੰਧਨ ਅਤੇ ਆਵਾਜਾਈ ਸਬੰਧੀ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਐਸ.ਡੀ.ਐਮ. ਮੋਹਾਲੀ ਸ੍ਰੀਮਤੀ ਦਮਨਦੀਪ ਕੌਰ ਨੂੰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਦਰਸ਼ਕਾਂ ਲਈ ਪੀਣ ਵਾਲੇ ਸਾਫ਼ ਪਾਣੀ, ਲੰਗਰ, ਬੈਠਣ ਦੀ ਵਿਵਸਥਾ, ਮੈਡੀਕਲ ਟੀਮਾਂ, ਗਰਾਊਂਡ ਦੀ ਸਫ਼ਾਈ ਅਤੇ ਨਿਰਵਿਘਨ ਬਿਜਲੀ ਸਪਲਾਈ ਸਮੇਤ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਇਸੇ ਦੌਰਾਨ ਐਮ.ਐਲ.ਏ. ਸ੍ਰੀ ਕੁਲਵੰਤ ਸਿੰਘ ਨੇ ਮੋਹਾਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਇਸ ਵਿਸ਼ੇਸ਼ ਡਰੋਨ ਸ਼ੋਅ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਇਹ ਪੇਸ਼ਕਾਰੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਹਾਨ ਜੀਵਨ, ਬਾਣੀ ਅਤੇ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੀਆਂ ਸਿੱਖਿਆਵਾਂ ਨੂੰ ਯਾਦ ਕਰਨ ਦਾ ਵਿਲੱਖਣ ਮੌਕਾ ਹੋਵੇਗੀ।
- Download Babushahi App
-
-