ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਰਚ ਅਭਿਆਨ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ,15 ਮਾਰਚ 2026:ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਅਤੇ “ਗੈਂਗਸਟਰਾਂ ਤੇ ਵਾਰ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਲ੍ਹੇ ਅੰਦਰ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਨਿਰੰਤਰ ਕਾਰਵਾਈ ਜਾਰੀ ਹੈ।
ਇਸ ਸਬੰਧੀ ਸ਼੍ਰੀ ਅਭਿਮਨਿਯੂ ਰਾਣਾ, ਆਈ.ਪੀ.ਐਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੁਲਿਸ ਵੱਲੋਂ ਰਾਤ ਸਮੇਂ ਵਿਸ਼ੇਸ਼ ਗਸ਼ਤ ਅਤੇ ਅਚਨਚੇਤ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਤਹਿਤ ਸ਼੍ਰੀ ਬਚਨ ਸਿੰਘ, ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਪਬਲਿਕ ਪਾਰਕਾਂ, ਪਬਲਿਕ ਸਥਾਨਾਂ ਅਤੇ ਪਾਰਕਿੰਗਾਂ ‘ਤੇ ਅਚਾਨਕ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪਾਰਕਾਂ ਵਿੱਚ ਮੌਜੂਦ ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਸ਼ੱਕੀ ਹਾਲਤ ਵਿੱਚ ਪਾਏ ਗਏ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਇੰਸਪੈਕਟਰ ਜਸਕਰਨਦੀਪ ਸਿੰਘ ਮੁੱਖ ਸਰਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਅਤੇ 50 ਦੇ ਕਰੀਬ ਪੁਲਿਸ ਮੁਲਾਜ਼ਮ ਹਾਜ਼ਰ ਸਨ।
ਪੁਲਿਸ ਵੱਲੋਂ ਉਥੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਪਛਾਣ ਦੀ ਜਾਂਚ ਕੀਤੀ ਗਈ। ਜੇਕਰ ਕੋਈ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਜਾਂ ਸ਼ੱਕੀ ਹਾਲਾਤਾਂ ਵਿੱਚ ਮਿਲਿਆ ਤਾਂ ਉਸ ਦੀ ਪੂਰੀ ਤਸਦੀਕ ਕੀਤੀ ਗਈ ਅਤੇ ਜ਼ਰੂਰਤ ਪੈਣ ‘ਤੇ ਉਸ ਨੂੰ ਥਾਣੇ ਲੈ ਜਾ ਕੇ ਵਧੇਰੇ ਪੁੱਛਗਿੱਛ ਵੀ ਕੀਤੀ ਗਈ।ਇਸ ਤੋਂ ਇਲਾਵਾ ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਦੇ ਵੇਰਵਿਆਂ ਨੂੰ ਪੰਜਾਬ ਪੁਲਿਸ ਦੇ ਡਿਜ਼ੀਟਲ ਐਪਸ ਰਾਹੀਂ ਚੈੱਕ ਕੀਤਾ ਗਿਆ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਸੇ ਵਿਅਕਤੀ ਦਾ ਕੋਈ ਕ੍ਰਿਮਿਨਲ ਰਿਕਾਰਡ ਤਾਂ ਨਹੀਂ ਹੈ। ਪਾਰਕਿੰਗ ਵਿੱਚ ਖੜ੍ਹੇ ਵਾਹਨਾਂ ਦੀ ਵੀ ਵਾਹਨ ਐਪ ਰਾਹੀਂ ਵੈਰੀਫਿਕੇਸ਼ਨ ਕੀਤੀ ਗਈ, ਤਾਂ ਜੋ ਚੋਰੀਸ਼ੁਦਾ ਜਾਂ ਸ਼ੱਕੀ ਵਾਹਨਾਂ ਦੀ ਪਛਾਣ ਕੀਤੀ ਜਾ ਸਕੇ।
ਐੱਸ.ਐੱਸ.ਪੀ ਨੇ ਦੱਸਿਆ ਕਿ ਜਿਲ੍ਹੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਪੁਲਿਸ ਵੱਲੋਂ ਅਜਿਹੀਆਂ ਅਚਨਚੇਤ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਜਾਂ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਸ਼ੱਕੀ ਵਿਅਕਤੀ, ਨਸ਼ਾ ਤਸਕਰੀ ਜਾਂ ਅਪਰਾਧਿਕ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਇਸ ਲਈ ਪੰਜਾਬ ਪੁਲਿਸ ਹੈਲਪਲਾਈਨ ਨੰਬਰ 112 ਜਾਂ 80549-42100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਵੇਰਵਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
Click to Follow Babushahi Facebook page →