ਲਾਲਜੀਤ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ: ਜਾਇਜ਼ ਮੰਗਾਂ ਦੇ ਛੇਤੀ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ, 19 ਅਗਸਤ 2025 - ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟਰ ਵਰਕਰਜ਼ ਯੁਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕਰਨ ਲਈ ਮੀਟਿੰਗ ਕੀਤੀ।
ਦੋਵਾਂ ਯੂਨੀਅਨਾਂ ਦੇ ਨੁਮਾਇੰਦਿਆਂ ਸੂਬਾ ਪ੍ਰਧਾਨ ਸ੍ਰੀ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਸ੍ਰੀ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਜਸਪਾਲ ਸਿੰਘ ਬਾਜਵਾ ਅਤੇ ਹੋਰਾਂ ਨਾਲ ਹੋਈ ਇਸ ਮੀਟਿੰਗ ਦੌਰਾਨ, ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਵਿਭਾਗ ਸ੍ਰੀ ਵਰੁਣ ਰੂਜ਼ਮ, ਮੈਨੇਜ਼ਿੰਗ ਡਾਇਰੈਕਟਰ ਪੀ.ਆਰ.ਟੀ.ਸੀ ਸ੍ਰੀ ਬੀ.ਐਸ. ਸ਼ੇਰਗਿੱਲ, ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀ ਰਾਜੀਵ ਕੁਮਾਰ ਗੁਪਤਾ, ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ।
ਟਰਾਂਸਪੋਰਟ ਮੰਤਰੀ ਨੇ ਯੂਨੀਅਨਾਂ ਮੈਂਬਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਭਾਗ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ।
ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਮੰਗਾਂ ਸੰਬੰਧੀ ਇੱਕ ਤਜਵੀਜ਼ ਬਣਾ ਕੇ ਵਿੱਤ ਅਤੇ ਪ੍ਰਸੋਨਲ ਵਿਭਾਗ ਨਾਲ ਚਰਚਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਛੇਤੀ ਹੀ ਕਾਨੂੰਨੀ ਪ੍ਰਕਿਰਿਆ ਅਪਣਾ ਕੇ ਸਮੁੱਚੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ।