ਲਾਲਾ ਲਾਜਪਤ ਰਾਏ ਦੇ ਜੱਦੀ ਘਰ ਪਹੁੰਚੇ ਦਲਿਤ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਵਿਜੇ ਦਾਨਵ
ਦੀਪਕ ਜੈਨ
ਜਗਰਾਓਂ , 8 ਅਗਸਤ 2026 :
ਦਲਿਤ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਵਿਜੇ ਦਾਨਵ ਬੀਤੇ ਦਿਨ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੱਦੀ ਘਰ ਵਿਖੇ ਪਹੁੰਚੇ ਅਤੇ ਲਾਲਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਨੇ ਲਾਲਾ ਜੀ ਦੇ ਜੱਦੀ ਘਰ ਵਿੱਚ ਮੌਜੂਦ ਉਨ੍ਹਾਂ ਨਾਲ ਸਬੰਧਤ ਇਤਿਹਾਸਕ ਨਿਸ਼ਾਨੀਆਂ ਨੂੰ ਬੜੇ ਧਿਆਨ ਨਾਲ ਦੇਖਿਆ ਅਤੇ ਲਾਲਾ ਜੀ ਦੇ ਜੀਵਨ ਅਤੇ ਦੇਸ਼ ਦੀ ਆਜ਼ਾਦੀ ਲਈ ਦਿੱਤੇ ਮਹਾਨ ਯੋਗਦਾਨ ਨੂੰ ਯਾਦ ਕੀਤਾ।
ਚੇਅਰਮੈਨ ਵਿਜੇ ਦਾਨਵ ਨੇ ਕਿਹਾ ਕਿ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਨੇ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੱਤਾ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣਾ ਬਲਿਦਾਨ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦ ਭਾਰਤ ਵਿੱਚ ਰਹਿ ਰਹੇ ਹਾਂ, ਉਸ ਪਿੱਛੇ ਲਾਲਾ ਲਾਜਪਤ ਰਾਏ ਜੀ ਵਰਗੇ ਮਹਾਨ ਆਜ਼ਾਦੀ ਘੁਲਾਟੀਆਂ ਦੀ ਕੁਰਬਾਨੀ ਹੈ।
ਲਾਲਾ ਜੀ ਦੇ ਜੱਦੀ ਘਰ ਵਿਖੇ ਪਹੁੰਚਣ ’ਤੇ ਲਾਲਾ ਲਾਜਪਤ ਰਾਏ ਚੈਰੀਟੇਬਲ ਵੈਲਫੇਅਰ ਸੋਸਾਇਟੀ ਵੱਲੋਂ ਚੇਅਰਮੈਨ ਵਿਜੇ ਦਾਨਵ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੋਸਾਇਟੀ ਦੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਸੰਸਥਾ ਦੀਆਂ ਮੰਗਾਂ ਅਤੇ ਲਾਲਾ ਜੀ ਦੇ ਜੱਦੀ ਘਰ ਨਾਲ ਸਬੰਧਤ ਮੁੱਦਿਆਂ ਤੋਂ ਵੀ ਜਾਣੂ ਕਰਵਾਇਆ ਗਿਆ।
ਸੋਸਾਇਟੀ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਲਾਲਾ ਲਾਜਪਤ ਰਾਏ ਜੀ ਦੇ ਨਾਮ ’ਤੇ ਸਿਵਲ ਹਸਪਤਾਲ ਜਗਰਾਓਂ ਵਿਖੇ ਟਰੌਮਾ ਸੈਂਟਰ ਸਥਾਪਿਤ ਕੀਤਾ ਜਾਵੇ। ਇਸ ਦੇ ਨਾਲ ਹੀ ਸੋਸਾਇਟੀ ਨੇ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਖੁਦ ਲਾਲਾ ਜੀ ਦੇ ਜੱਦੀ ਘਰ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਅਤੇ ਇਸ ਇਤਿਹਾਸਕ ਸਥਾਨ ਦੀ ਮਹੱਤਤਾ ਨੂੰ ਹੋਰ ਉਜਾਗਰ ਕਰਨ।
ਚੇਅਰਮੈਨ ਵਿਜੇ ਦਾਨਵ ਨੇ ਸੋਸਾਇਟੀ ਨੂੰ ਭਰੋਸਾ ਦਿਵਾਇਆ ਕਿ ਉਹ ਲਾਲਾ ਜੀ ਦੇ ਜੱਦੀ ਘਰ ਨਾਲ ਸਬੰਧਤ ਮਾਮਲੇ ਨੂੰ ਲੈ ਕੇ ਜਲਦ ਹੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਨਾਲ ਰਾਬਤਾ ਕਾਇਮ ਕਰਨਗੇ ਅਤੇ ਸੋਸਾਇਟੀ ਦੀਆਂ ਮੰਗਾਂ ਅਤੇ ਸੁਝਾਵਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਉਣਗੇ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੋਪੀ ਸ਼ਰਮਾ, ਸੰਸਥਾ ਦੇ ਵਾਈਸ ਪ੍ਰਧਾਨ ਅੰਕੁਸ਼ ਮਿੱਤਲ, ਕਾਰਜਕਾਰੀ ਮੈਂਬਰ ਰਿਸ਼ੀ ਮਾਰੀਆ ਅਤੇ ਸੁਨੀਲ ਮੱਕੜ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
- Download Babushahi App
-
-