ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਨਗਰ ਨਿਗਮ ਬਟਾਲਾ ਵਿਖੇ ਜਾਗਰੂਕਤਾ ਮੀਟਿੰਗ
ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਡਿਊਟੀ ਨਿਭਾਉਣ ਲਈ ਕੀਤਾ ਪ੍ਰੇਰਿਤ
ਰੋਹਿਤ ਗੁਪਤਾ

ਬਟਾਲਾ, 29 ਅਕਤੂਬਰ
ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਡੀ.ਐਸ.ਪੀ. ਸ਼ਰਨਜੀਤ ਸਿੰਘ ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਦੀ ਅਗਵਾਈ ਹੇਠ ਭ੍ਰਿਸ਼ਟਾਚਾਰ ਦੀ ਰੋਕਥਾਮ, ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਦੇ ਉਦੇਸ਼ ਨਾਲ ਨਗਰ ਨਿਗਮ ਬਟਾਲਾ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਮੀਟਿੰਗ ਕਰਵਾਈ ਗਈ। ਇਸ ਮੌਕੇ ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਅਤੇ ਵਿਜੀਲੈਂਸ ਦੇ ਇੰਸਪੈਕਟਰ ਇੰਦਰਜੀਤ ਸਿੰਘ ਆਪਣੀ ਟੀਮ ਸਮੇਤ ਪਹੁੰਚੇ।
ਮੀਟਿੰਗ ਦੌਰਾਨ ਵਿਜੀਲੈਂਸ ਵਿਭਾਗ ਦੀ ਕਾਰਜਪ੍ਰਣਾਲੀ, ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ, ਸਰਕਾਰੀ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਰਕਾਰੀ ਡਿਊਟੀ ਨਿਭਾਉਂਦੇ ਸਮੇਂ ਇਮਾਨਦਾਰੀ, ਨਿਰਪੱਖਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਪਹਿਲ ਦੇਣ ਲਈ ਪ੍ਰੇਰਿਤ ਕੀਤਾ ਗਿਆ।
ਡੀ.ਐੱਸ.ਪੀ. ਸ.ਸ਼ਰਨਜੀਤ ਸਿੰਘ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਅਤੇ ਲੋਕਾਂ ਦਾ ਸਰਕਾਰੀ ਸੰਸਥਾਵਾਂ ਵਿੱਚ ਭਰੋਸਾ ਮਜ਼ਬੂਤ ਕਰਨ ਲਈ ਹਰ ਅਧਿਕਾਰੀ ਅਤੇ ਕਰਮਚਾਰੀ ਦੀ ਅਹਿਮ ਭੂਮਿਕਾ ਹੈ। ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨਾਲ ਸਤਿਕਾਰਪੂਰਵਕ ਵਿਵਹਾਰ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਨਾ ਅਤੇ ਜਾਇਜ਼ ਕੰਮਾਂ ਨੂੰ ਨਿਯਮਾਂ ਅਨੁਸਾਰ ਸਮੇਂ ਸਿਰ ਪੂਰਾ ਕਰਨਾ ਹਰੇਕ ਸਰਕਾਰੀ ਕਰਮਚਾਰੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਸਰਕਾਰੀ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਲੋਕ-ਪੱਖੀ ਪਹੁੰਚ ਅਪਣਾਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ, ਭ੍ਰਿਸ਼ਟਾਚਾਰ ਜਾਂ ਗਲਤ ਵਿਵਹਾਰ ਨੂੰ ਬਰਦਾਸ਼ਤ ਨਾ ਕੀਤਾ ਜਾਵੇ।
ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੰਮਕਾਜ ਵਿੱਚ ਪੂਰੀ ਪਾਰਦਰਸ਼ਤਾ ਬਣਾਈ ਰੱਖਣ ਅਤੇ ਸਮਾਜ ਵਿੱਚ ਇਮਾਨਦਾਰੀ ਤੇ ਨੈਤਿਕਤਾ ਦੀਆਂ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ। ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਗਰੂਕ ਕੀਤਾ ਗਿਆ ਕਿ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਲੋਕਾਂ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ। ਜੇਕਰ ਕੋਈ ਸਰਕਾਰੀ ਜਾਂ ਗੈਰ-ਸਰਕਾਰੀ ਅਦਾਰੇ ਵਿੱਚ ਕੰਮ ਕਰਨ ਵਾਲਾ ਵਿਅਕਤੀ ਕਿਸੇ ਜਾਇਜ਼ ਕੰਮ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ ਪੰਜਾਬ ਦੇ ਅਧਿਕਾਰਤ ਹੈਲਪਲਾਈਨ ਨੰਬਰਾਂ 1800 1800 1000 ਅਤੇ 9501200200 ’ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਸਰਕਾਰੀ ਅਦਾਰਿਆਂ ਵਿੱਚ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਉਠਾਉਣ ਲਈ ਪ੍ਰੇਰਿਤ ਕਰਨਾ ਸੀ।
ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਸਰਕਾਰ ਭ੍ਰਿਸ਼ਟਾਚਾਰ ਖਿਲਾਫ ਨਿਰੰਤਰ ਸਖਤ ਕਾਰਵਾਈ ਕਰ ਰਹੀ ਹੈ। ਨਗਰ ਨਿਗਮ ਬਟਾਲਾ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਜੇਕਰ ਕੋਈ ਵੀ ਅਧਿਕਾਰੀ ਅਤੇ ਕਰਮਚਾਰੀ ਕਿਸੇ ਤੋਂ ਰਿਸ਼ਤਵ ਦੀ ਮੰਗ ਕਰਦਾ ਹੈ ਜਾਂ ਸਰਕਾਰ ਫੀਸ ਤੋਂ ਵੱਧ ਪੈਸੇ ਦੀ ਮੰਗ ਕਰਦਾ ਹੈ, ਉਸ ਦੀ ਜਾਣਕਾਰੀ ਮੇਰੇ ਧਿਆਨ ਵਿਚ ਲਿਆਂਦੀ ਜਾਵੇ, ਮੈਂ ਵਿਸ਼ਵਾਸ ਦਿਵਾਉਂਦਾ ਹਾਂ ਨਗਰ ਨਿਗਮ ਬਟਾਲਾ ਵਿਚ ਭ੍ਰਿਸ਼ਟਾਚਾਰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
- Download Babushahi App
-
-