ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਤੋਂ ਮੰਗਿਆ ਸਹਿਯੋਗ
ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਵਾਂਗੇ, ਰੰਗਲਾ ਪੰਜਾਬ, ਤੰਦਰੁਸਤ ਪੰਜਾਬ ਬਣਾਵਾਂਗੇ- ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਬਲੂਆਣਾ ਨੇ ਪਿੰਡਾਂ ਅੰਦਰ ਜਾਗਰੂਕਤਾ ਸਭਾ ਨੂੰ ਕੀਤਾ ਸੰਬੋਧਨ
ਲੋਕਾਂ ਨੂੰ ਨਸ਼ਾ ਤਸਕਰਾਂ ਤੇ ਨਸ਼ਿਆਂ ਦਾ ਖਾਤਮਾ ਕਰਨ ਦੀ ਸਹੁੰ ਚੁਕਾਈ
ਬਲੂਆਣਾ, ਅਬੋਹਰ 19 ਮਈ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਬਹਾਵਲ ਵਾਸੀ, ਕੇਰਾ ਖੇੜਾ, ਬਲੂਆਣਾ ਦੇ ਨਾਲ-ਨਾਲ ਹੋਰਨਾਂ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਏ ਸਮਾਗਮਾਂ ਨੂੰ ਸੰਬੋਧਨ ਕੀਤਾ।
ਪਿੰਡ ਬਹਾਵਲ ਵਾਸੀ ਵਿੱਚ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਹਸਦਾ, ਵਸਦਾ ਤੇ ਨਸ਼ਾ ਮੁਕਤ ਬਣਾਉਣ ਦੇ ਵੇਖੇ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਰੋਜਾਨਾ ਦੇ ਆਧਾਰ ਉਤੇ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾਵੇਗਾ।
ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਵਾਂਗੇ, ਰੰਗਲਾ ਪੰਜਾਬ, ਤੰਦਰੁਸਤ ਪੰਜਾਬ ਬਣਾਵਾਂਗੇ ਨਸ਼ਾ ਮੁਕਤੀ ਯਾਤਰਾ ਦਾ ਅਸਲ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਵਰਗਾਂ ਦਾ ਸਹਿਯੋਗ ਲੈ ਕੇ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਨਸ਼ੇ ਵੇਚ ਕੇ ਨਸ਼ਾ ਤਸਕਰਾਂ ਵਲੋਂ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾ ਰਿਹਾ ਹੈ ।
ਵਿਧਾਇਕ ਬਲੂਆਣਾ ਨੇ ਹਾਜ਼ਰੀਨ ਨੂੰ ਨਸ਼ਿਆਂ ਦਾ ਖਾਤਮਾ ਕਰਨ ਲਈ ਸਹੁੰ ਵੀ ਚੁਕਾਈ। ਉਨਾਂ ਕਿਹਾ ਕਿ ਜਿਹੜੇ ਲੋਕ ਕਿਸੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ ਉਹਨਾਂ ਦਾ ਮੁਫਤ ਇਲਾਜ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ ਅਤੇ ਉਹ ਅਜਿਹੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਹੋ ਕੇ ਆਪਣਾ ਇਲਾਜ ਜ਼ਰੂਰ ਕਰਵਾਇਆ ਜਾਵੇ। ਉਨ੍ਹਾਂ ਲੋਕਾਂ ਨੁੰ ਇਕਜੁਟ ਹੋਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਨਸ਼ਾਂ ਤਸਕਰਾਂ ਖਿਲਾਫ ਜਾਣਕਾਰੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਮਾੜੀ ਅਲਾਮਤ ਦਾ ਪੂਰੀ ਤਰ੍ਹਾਂ ਖਾਤਮਾ ਹੋ ਸਕੇ। ਉਨ੍ਹਾਂ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿੰਦਿਆਂ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਵੀ ਕੀਤਾ । ਉਨ੍ਹਾਂ ਕਿਹਾ ਕਿ ਬਲੂਆਣਾ ਹਲਕੇ ਦੇ ਪਿੰਡਾਂ ਵਿਚ 44 ਖੇਡ ਮੈਦਾਨ ਤਿਆਰ ਕੀਤੇ ਜਾ ਚੁੱਕੇ ਹਨ ਤੇ ਹੋਰ ਵੀ ਤਿਆਰ ਕੀਤੇ ਜਾ ਰਹੇ ਹਨ ।
ਇਸ ਮੌਕੇ ਬੀਡੀਪੀਓ ਅੰਤਰਪ੍ਰੀਤ ਸਿੰਘ ਤੋਂ ਇਲਾਵਾ ਸਰਪੰਚ ਸਾਹਿਬਾਨ ਤੇ ਹੋਰ ਪਤਵੰਤੇ ਸਜਨ ਆਦਿ ਮੌਜੂਦ ਸਨ।