ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਕੂਲ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ਵਧੀ : ਗੁਰਦੀਪ ਸਿੰਘ ਰੰਧਾਵਾ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 6 ਮਈ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸੂਬੇ ਭਰ ਵਿੱਚ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਭਗਤਾਣਾ ਬੋਹੜਵਾਲਾ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਵਿਕਸਿਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਤੇ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਨੂੰ ਪਹਿਲੀ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਅੱਜ ਜਿੱਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ ਉੱਥੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ, ਅਧਿਆਪਕਾਂ ਨੂੰ ਸਿਖ਼ਲਾਈ ਲਈ ਵਿਦੇਸ਼ ਭੇਜਣਾ, ਸਕੂਲ ਆਫ਼ ਐਮੀਨੈਂਸ ਵਿੱਚ ਬੱਸ ਸਰਵਿਸ ਸ਼ੁਰੂ ਕਰਨਾ, ਕੈਂਪਸ ਮੈਨੇਜਰ ਤੇ ਸੁਰੱਖਿਆ ਗਾਰਡ ਦੀ ਨਿਯੁਕਤੀ, ਡਿਜੀਟਲ ਢੰਗ ਨਾਲ ਸਿੱਖਿਆ ਪ੍ਰਦਾਨ ਕਰਨ ਵਰਗੀਆਂ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਅਤੇ ਪੰਜਾਬ ਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਤੇ ਰੌਸ਼ਨ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਮਾਪਿਆਂ ਨੂੰ ਵੀ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਅਤੇ ਇੱਥੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਤੋਂ ਲਾਭ ਲੈਣ ਦੀ ਅਪੀਲ ਕੀਤੀ।