ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਜਲ ਜੀਵਨ ਮਿਸ਼ਨ ਦੀਆਂ ਸਕੀਮਾਂ ਦੀ ਕੀਤੀ ਸਮੀਖਿਆ
ਜਲ ਸ਼ਕਤੀ ਅਭਿਆਨ ਤਹਿਤ ਸਰਕਾਰੀ ਸਕੀਮਾਂ ਦਾ ਲਾਭ ਹੇਠਲੀ ਪੱਧਰ ਤੱਕ ਦੇਣ ਦੀ ਹਦਾਇਤ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 18 ਜੂਨ ( ) ਜਲ ਜੀਵਨ ਮਿਸ਼ਨ ਅਤੇ ਜਲ ਸ਼ਕਤੀ ਮਿਸ਼ਨ ਸਕੀਮਾਂ ਸਬੰਧੀ ਰੀਵਿਊ ਮੀਟਿੰਗ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਜਿਲ੍ਹੇ ਦੇ ਹਰ ਘਰ ਤੱਕ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਦੇ ਟੀਚਿਆਂ ਦੀ ਪ੍ਰਾਪਤੀ ਤੋਂ ਇਲਾਵਾ ਜਲ ਸੰਗ੍ਰਹਿ (ਬਰਸਾਤੀ ਪਾਣੀ ਦਾ ਜਮੀਨ ਵਿੱਚ ਰਿਚਾਰਜ), ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨਾ ਅਤੇ ਇਸ ਸਬੰਧੀ ਵੱਖ ਵੱਖ ਲੋਕਾਂ ਨੂੰ ਜਾਗਰੂਕ ਕਰਨ ਆਦਿ ਸਬੰਧੀ ਵਿਸਥਾਰ ਸਹਿਤ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਜਲ ਹੀ ਜੀਵਨ ਹੈ ਅਤੇ ਆਪਣੇ ਲੋਕਾਂ ਨੂੰ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦਾ ਮੁੱਢਲਾ ਫਰਜ ਹੈ। ਉਨ੍ਹਾਂ ਜਨ ਸਿਹਤ, ਪੇਂਡੂ ਵਿਕਾਸ, ਸਿੱਖਿਆ ਵਿਭਾਗ ਆਦਿ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰ ਦੇ ਜਲ ਜੀਵਨ ਮਿਸ਼ਨ ਅਤੇ ਜਲ ਸ਼ਕਤੀ ਅਭਿਆਨ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੀਂਹ ਦੇ ਪਾਣੀ ਦੀ ਸੁਚੱਚੀ ਸੰਭਾਲ ਅਤੇ ਇਸ ਨੂੰ ਜਮੀਨ ਵਿੱਚ ਰਿਚਾਰਜ ਕਰਨ ਸਬੰਧੀ ਵੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਜਮੀਨ ਹੇਠਲੇ ਪਾਣੀ ਦੀ ਸੱਤਾ ਨੂੰ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਜਲ ਸੰਮਤੀਆਂ ਦੀ ਰਚਨਾ, ਪਿੰਡਾਂ ਦੇ ਲੋਕਾਂ ਦੀ ਭਾਗੀਦਾਰੀ ਤੇ ਖਾਸ ਕਰਕੇ ਇਸ ਮਿਸ਼ਨ ਵਿੱਚ ਮਹਿਲਾਵਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਵੀ ਬਣਾਈ ਜਾਵੇ ਕਿਉਂਕਿ ਪਾਣੀ ਦੀ ਉਪਲਬਧਾ ਦਾ ਘਰ ਦੀ ਸਿਹਤ ਅਤੇ ਜੀਵਨ ਪੱਧਰ ਨਾਲ ਸਿੱਧਾ ਸਬੰਧ ਹੈ। ਇਸ ਮੌਕੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੀਆਂ ਵੱਖ ਵੱਖ ਜਲ ਯੋਜਨਾਵਾਂ ਸਬੰਧੀ ਜਾਣਕਾਰੀ ਲੈ ਕੈ ਉਨ੍ਹਾਂ ਦੀ ਸਮੀਖਿਆ ਕੀਤੀ ਗਈ।
ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਸੁਖਵੰਤ ਸਿੰਘ ਪੱਕਾ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਯੂਥ ਵਿੰਗ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਐਸ.ਡੀ.ਐਮ. ਜੈਤੋ ਸ੍ਰੀ ਸੂਰਜ ਕੁਮਾਰ, ਡੀ.ਡੀ.ਪੀ.ਓ ਸ. ਰਣਜੀਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਮੈਡਮ ਨੀਲਮ ਰਾਣੀ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜਨਾ ਕੌਂਸਲ, ਕਾਰਜਕਾਰੀ ਇੰਜੀਨੀਅਰ ਜਲ ਸਿਹਤ ਵਿਭਾਗ ਸ਼ਮਿੰਦਰ ਸਿੰਘ, ਐਸ.ਡੀ.ਓ. ਪੰਚਾਇਤੀ ਰਾਜ ਮਨਿੰਦਰ ਸਿੰਘ, ਗੁਰਪ੍ਰੀਤ ਸਿੰਘ ਜੇ.ਈ, ਗੁਰਇਕਲਾਬ ਸਿੰਘ ਜੇ.ਈ. ਡਿਪਟੀ ਡਾਇਰੈਕਟ ਪਸ਼ੂ ਪਾਲਣ ਸ. ਸੁਰਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।