ਵਿਧਾਇਕ ਸ਼ੈਰੀ ਕਲਸੀ ਨੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ
ਕਿਹਾ- ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ
ਰੋਹਿਤ ਗੁਪਤਾ
ਬਟਾਲਾ, 22 ਜੂਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਵਾਰਡ ਨੰਬਰ 2, ਪਿੰਡ ਪੂੰਦਰ ਵਿਖੇ ਨਵੀ ਲੁੱਕ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ, ਮਾਸਟਰ ਤਿਲਕ ਰਾਜ, ਐਡਵੋਕੇਟ ਮਨਜੀਤ ਸਿੰਘ, ਗੋਲਡੀ ਬਾਜਵਾ, ਸੁਖਦੇਵ ਸਿੰਘ ਸਮੇਤ ਵਾਰਡ ਵਾਸੀ ਮੋਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲ ਕਰਦਿਆਂ ਦੱਸਿਆ ਕਿ ਬਟਾਲਾ ਵਿਧਾਨ ਸਭਾ ਹਲਕੇ ਅੰਦਰ ਸ਼ਹਿਰ ਬਟਾਲਾ ਅਤੇ ਪਿੰਡਾਂ ਅੰਦਰ ਵਿਕਾਸ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਲੋਕਾਂ ਦੀਆਂ ਪੁਰਾਣੀਆਂ ਮੰਗਾਂ ਨੂੰ ਪੂਰਾ ਕਰਦਿਆਂ ਸਮੱਸਿਆਵਾਂ ਹੱਲ ਕੀਤੀਆਂ ਜਾ ਰਹੀਆਂ ਹਨ।
ਉਨਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੀਆਂ ਸਹੂਲਤ ਤੇ ਨਵੀਆਂ ਗਲੀਆਂ ਤੇ ਸੜਕਾਂ ਦਾ ਨਿਰਮਾਣ ਕਾਰਜ ਤੇਜਗਤੀ ਨਾਲ ਕਰਵਾਇਆ ਜਾ ਰਿਹਾ ਹੈ। ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਦੇ ਨਾਲ ਹਲਕੇ ਦੇ ਪਿੰਡਾਂ ਅੰਦਰ ਗੰਦੇ ਪਾਣੀ ਦੇ ਨਿਕਾਸੀ ਦੇ ਹੱਲ ਲਈ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਪਿੰਡਾਂ ਅੰਦਰ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਖੂਬਸੂਰਤ ਪਾਰਕ ਬਣਾਏ ਜਾ ਰਹੇ ਹਨ, ਸਟਰੀਟ ਲਾਈਟਸ ਤੇ ਸੀ.ਸੀ.ਟੀ.ਵੀ ਲਗਾਏ ਗਏ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਸਫਲ ਯਤਨ ਕਰ ਰਹੀ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਹਰੇਕ ਖੇਤਰ ਵਿੱਚ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਰਿਕਾਰਡ ਵਿਕਾਸ ਕੰਮ ਕੀਤੇ ਹਨ ਅਤੇ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ।