ਵਿਧਾਨ ਸਭਾ ਚੋਣਾਂ 2027 ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ਦਾ ਦਾਅਵਾ
ਅਸ਼ੋਕ ਵਰਮਾ
ਬਠਿੰਡਾ, 25 ਅਕਤੂਬਰ 2026: ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇਸੂਬੇ ਵਿੱਚ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਕਰਦਿਆਂ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਲੋਕਾਂ ਦੇ ਉਹ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਪੂਰੇ ਕੀਤੇ ਜਾਣਗੇ, ਜਿਹੜੇ ਕਿਸੇ ਕਾਰਨ ਕਰਕੇ ਅਧੂਰੇ ਰਹਿ ਗਏ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕਰ ਰਹੇ ਹਨ। ਉਨ੍ਹਾਂ ਮੁਤਾਬਕ ਪਾਰਟੀ ਦੀਆਂ ਸਰਗਰਮੀਆਂ ਅਤੇ ਲੀਡਰਸ਼ਿਪ ਦੀ ਮਿਹਨਤ ਦੇ ਨਤੀਜੇ ਵਜੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ। ਸੁਸ਼ੀਲ ਕੁਮਾਰ ਗੋਲਡੀ ਅਤੇ ਓਮ ਪ੍ਰਕਾਸ ਸ਼ਰਮਾ ਨੇ ਦੱਸਿਆ ਕਿ ਅੱਜ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਉੱਘੇ ਵਪਾਰੀ ਰਮਿੰਦਰ ਆਵਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਏ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਹੋਰਨਾਂ ਪਾਰਟੀਆਂ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਅਨੁਸਾਰ, ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਅਕਾਲੀ ਦਲ ਨਾਲ ਜੁੜਨਾ ਪਾਰਟੀ ਦੀ ਵਧ ਰਹੀ ਸਿਆਸੀ ਸਰਗਰਮੀ ਦਾ ਸੰਕੇਤ ਹੈ।ਦੋਵਾਂ ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਨਾਲ ਸੰਪਰਕ ਵਧਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਹਮੇਸ਼ਾ ਯਤਨ ਕੀਤੇ ਜਾਂਦੇ ਹਨ ਅਤੇ ਇਸੇ ਕਰਕੇ ਲੋਕਾਂ ਦਾ ਪਾਰਟੀ ਪ੍ਰਤੀ ਭਰੋਸਾ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਿਆਸੀ ਹਾਲਾਤਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿੱਚ ਮਾਹੌਲ ਬਣ ਰਿਹਾ ਹੈ ਅਤੇ ਪਾਰਟੀ ਵਰਕਰ ਵੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਤਸ਼ਾਹ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਹੋਰ ਸੀਨੀਅਰ ਆਗੂ ਅਤੇ ਵਿਧਾਇਕ ਵੀ ਆਪਣੀਆਂ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਸਕਦੇ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਸਮਝਣ ਲਈ ਵੀ ਯਤਨ ਜਾਰੀ ਹਨ।ਆਗੂਆਂ ਨੇ ਭਰੋਸਾ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਲੋਕਾਂ ਦੇ ਸਮਰਥਨ ਨਾਲ ਸਰਕਾਰ ਬਣਾਏਗਾ ਅਤੇ ਸਰਕਾਰ ਬਣਨ ਤੋਂ ਬਾਅਦ ਸੂਬੇ ਦੇ ਵਿਕਾਸ, ਲੋਕਾਂ ਦੀਆਂ ਸਹੂਲਤਾਂ ਅਤੇ ਅਧੂਰੇ ਪਏ ਕੰਮਾਂ ਨੂੰ ਪੂਰਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
- Download Babushahi App
-
-