ਵਿੱਤ ਮੰਤਰੀ ਚੀਮਾ ਵੱਲੋਂ ਦਿੜ੍ਹਬਾ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਇੱਕ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਚੈੱਕ ਭੇਟ*
ਪਿੰਡਾਂ ਦੀਆਂ ਸੱਥਾਂ ਵਿੱਚ ਪਹੁੰਚ ਕੇ ਪੰਚਾਇਤਾਂ ਨੂੰ ਸੌਂਪੇ ਚੈੱਕ; ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਚੀਮਾ
ਰੋਗਲਾ ਦੀ ਫਿਰਨੀ ਨੂੰ ਕਰੀਬ 90 ਲੱਖ ਰੁਪਏ ਦੀ ਲਾਗਤ ਨਾਲ 18 ਫੁੱਟ ਚੌੜਾ ਕਰਨ ਅਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਲਿਆ ਜਾਇਜ਼ਾ
ਖੇਡ ਸਟੇਡੀਅਮਾਂ ਦੀ ਉਸਾਰੀ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਪ੍ਰਾਜੈਕਟਾਂ ਰਾਹੀਂ ਪਿੰਡਾਂ ਦੀ ਨੁਹਾਰ ਬਦਲਣ ਲਈ ਯਤਨ ਜਾਰੀ
ਦਿੜ੍ਹਬਾ, 2 ਅਕਤੂਬਰ:
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਲਗਭਗ ਅੱਧੀ ਦਰਜਨ ਪਿੰਡਾਂ ਦਾ ਦੌਰਾ ਕਰਕੇ ਵੱਖ-ਵੱਖ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਇੱਕ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਚੈੱਕ ਸੌਂਪੇ। ਉਨ੍ਹਾਂ ਬਿਨਾਂ ਕਿਸੇ ਰਸਮੀ ਸਮਾਗਮ ਦੇ ਪਿੰਡਾਂ ਦੀਆਂ ਸੱਥਾਂ ਵਿੱਚ ਪਹੁੰਚ ਕੇ ਸਰਪੰਚਾਂ ਨੂੰ ਚੈੱਕ ਭੇਟ ਕੀਤੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਪਿੰਡ ਰੋਗਲਾ ਵਿਖੇ ਫਿਰਨੀ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਜਾਇਜ਼ਾ ਲੈਣ ਅਤੇ ਸਰਪੰਚ ਮਨਪ੍ਰੀਤ ਕੌਰ ਨੂੰ ਵਿਕਾਸ ਕਾਰਜਾਂ ਲਈ ਚੈੱਕ ਸੌਂਪਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵੀ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਮੁਕੰਮਲ ਕਰਵਾਉਣ ਲਈ ਪੰਚਾਇਤਾਂ ਨੂੰ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿੰਡ ਰੋਗਲਾ ਦੀ ਫਿਰਨੀ ਨੂੰ ਕਰੀਬ 90 ਲੱਖ ਰੁਪਏ ਦੀ ਲਾਗਤ ਨਾਲ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਅਤੇ ਇਸ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਫਿਰਨੀ ਦੀ ਖ਼ਸਤਾ ਹਾਲਤ ਕਾਰਨ ਪਿੰਡ ਵਾਸੀਆਂ ਨੂੰ ਆਵਾਜਾਈ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਕਾਰਜ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਸੁਖਾਲੀ ਆਵਾਜਾਈ ਦੀ ਸਹੂਲਤ ਮਿਲੇਗੀ।
ਵਿੱਤ ਮੰਤਰੀ ਨੇ ਪਿੰਡ ਕੈਂਪਰ ਦੀ ਸੱਥ ਵਿੱਚ ਪਹੁੰਚ ਕੇ ਸਰਪੰਚ ਗੁਰਸੇਵਕ ਸਿੰਘ ਨੂੰ ਵੀ ਵਿਕਾਸ ਕਾਰਜਾਂ ਲਈ ਗਰਾਂਟ ਦਾ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਪਹਿਲਾਂ ਤੋਂ ਚੱਲ ਰਹੇ ਕਾਰਜਾਂ ਦੇ ਨਾਲ-ਨਾਲ ਬਾਕੀ ਲੋੜੀਂਦੇ ਕੰਮਾਂ ਲਈ ਵੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੁਝ ਪਿੰਡਾਂ ਵਿੱਚ ਰਾਜ ਮਿਸਤਰੀਆਂ ਅਤੇ ਮਜ਼ਦੂਰਾਂ ਦੀ ਘਾਟ ਕਾਰਨ ਵਿਕਾਸ ਕਾਰਜਾਂ ਦੀ ਰਫ਼ਤਾਰ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਸ਼ਕਲਾਂ ਦੇ ਬਾਵਜੂਦ ਸਾਰੇ ਕਾਰਜ ਜਲਦੀ ਤੋਂ ਜਲਦੀ ਮੁਕੰਮਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਮਿਲ ਸਕੇ।
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਹਲਕਾ ਦਿੜ੍ਹਬਾ ਦੇ ਲਗਭਗ ਹਰ ਤੀਜੇ ਪਿੰਡ ਵਿੱਚ ਸ਼ਾਨਦਾਰ ਖੇਡ ਸਟੇਡੀਅਮ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਖੇਡ ਸਹੂਲਤਾਂ ਉਪਲਬਧ ਹੋਣ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ। ਇਸ ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਵਿੱਚ ਵੀ ਮਦਦ ਮਿਲੇਗੀ।
ਉਨ੍ਹਾਂ ਅੱਗੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਵਾਸਤੇ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨਾਲ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟੇਗੀ ਅਤੇ ਕਿਸਾਨਾਂ ਨੂੰ ਸਿੰਚਾਈ ਦੀ ਬਿਹਤਰ ਸਹੂਲਤ ਮਿਲੇਗੀ।
ਇਸ ਮੌਕੇ ਪਿੰਡ ਰੋਗਲਾ ਦੀ ਸਰਪੰਚ ਮਨਪ੍ਰੀਤ ਕੌਰ ਅਤੇ ਪਿੰਡ ਕੈਂਪਰ ਦੇ ਸਰਪੰਚ ਗੁਰਸੇਵਕ ਸਿੰਘ ਨੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਪਹੁੰਚ ਕੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਸੌਂਪਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਨੇ ਆਪਣੇ ਆਉਣ ਬਾਰੇ ਫੋਨ ’ਤੇ ਸੂਚਿਤ ਕੀਤਾ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਮਿਲ ਕੇ ਚੈੱਕ ਸੌਂਪੇ। ਸਰਪੰਚਾਂ ਨੇ ਕਿਹਾ ਕਿ ਬਿਨਾਂ ਕਿਸੇ ਰਸਮੀ ਸਮਾਗਮ ਦੇ ਗਰਾਂਟਾਂ ਦੇ ਚੈੱਕ ਸੌਂਪਣ ਨਾਲ ਪੰਚਾਇਤਾਂ ਦਾ ਸਮਾਂ ਬਚਦਾ ਹੈ ਅਤੇ ਸਮਾਗਮਾਂ ’ਤੇ ਹੋਣ ਵਾਲੇ ਖ਼ਰਚੇ ਤੋਂ ਵੀ ਬਚਾਅ ਹੁੰਦਾ ਹੈ।
ਇਸ ਮੌਕੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ, ਐੱਸ.ਡੀ.ਓ. ਦਲਜੀਤ ਸਿੰਘ, ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਆਮ ਆਦਮੀ ਪਾਰਟੀ ਦੇ ਯੂਥ ਆਗੂ ਲਖਵਿੰਦਰ ਸਿੰਘ ਕਾਲਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
- Download Babushahi App
-
-