ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ
- ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ - ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 22 ਮਈ 2025 - ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀ ਅਗਵਾਈ ਹੇਠ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਭੰਗਵਾਂ, ਗੋਹਤ ਪੋਕਰ ਅਤੇ ਮੁਸਤਫ਼ਾਬਾਦ ਜੱਟਾਂ ਵਿਖੇ ਪਹੁੰਚੀ। ਨਸ਼ਾ ਮੁਕਤੀ ਯਾਤਰਾ ਮੌਕੇ ਇਨ੍ਹਾਂ ਪਿੰਡਾਂ ਵਿੱਚ ਵੱਡੇ ਜਨਤਕ ਇਕੱਠ ਕੀਤੇ ਗਏ ਜਿੱਥੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ।
ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡ ਭੰਗਵਾਂ, ਗੋਹਤ ਪੋਕਰ ਅਤੇ ਮੁਸਤਫ਼ਾਬਾਦ ਜੱਟਾਂ ਵਿਖੇ ਹੋਏ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਇੱਕ ਵੱਡੀ ਲੜਾਈ ਹੈ ਅਤੇ ਹਰ ਪੰਜਾਬੀ ਨੂੰ ਆਪਣੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਇਸ ਮੁਹਿੰਮ ਵਿੱਚ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਸੰਕਲਪ ਹੈ ਅਤੇ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਰਕਾਰ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਨਸ਼ਾ ਤਸਕਰਾਂ ਦੀ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜਿਹੜੇ ਲੋਕ ਨਸ਼ੇ ਤੋਂ ਪੀੜਤ ਹਨ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮਾਜ ਦੇ ਜ਼ਿੰਮੇਵਾਰ ਵਿਅਕਤੀਆਂ, ਪੰਚਾਇਤਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਪਿੰਡ ਕੋਈ ਵਿਅਕਤੀ ਨਸ਼ੇ ਦੀ ਦਲ-ਦਲ ਵਿੱਚ ਫਸ ਗਿਆ ਹੈ ਤਾਂ ਉਸ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰ ਤੱਕ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਜਿਹੇ ਵਿਅਕਤੀ ਦਾ ਇਲਾਜ ਕਰਕੇ ਬਾਅਦ ਵਿੱਚ ਉਨ੍ਹਾਂ ਨੂੰ ਹੁਨਰ ਸਿਖਲਾਈ ਕਰਵਾ ਕੇ ਰੋਜ਼ਗਾਰ ਨਾਲ ਵੀ ਜੋੜਿਆ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚ ਕੇ ਖੇਡਾਂ ਨਾਲ ਜੁੜਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਹਰ ਸਾਲ ਖੇਡਾਂ ਵਤਨ ਪੰਜਾਬ ਦੀ ਕਰਵਾ ਕੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਨਾਲ ਯੁੱਧ ਨਸ਼ੇ ਵਿਰੁੱਧ ਹਲਕਾ ਕੋਆਰਡੀਨੇਟਰ ਸ੍ਰੀ ਨੀਰਜ ਸਲਹੋਤਰਾ, ਚੇਅਰਮੈਨ ਮਾਰਕੀਟ ਕਮੇਟੀ ਗੁਰਦਾਸਪੁਰ ਸ੍ਰੀ ਭਾਰਤ ਭੂਸ਼ਨ ਸ਼ਰਮਾ, ਟਰਸਟੀ ਅਤੇ ਬਲਾਕ ਪ੍ਰਧਾਨ ਹਿਤੇਸ਼ ਮਹਾਜਨ, ਸਰਪੰਚ ਰਾਜੇਸ਼ ਕੁਮਾਰ ਭੰਗਵਾਂ, ਸਰਪੰਚ ਸੁਖਬੀਰ ਸਿੰਘ ਗੋਹਤ ਪੋਕਰ, ਸਰਪੰਚ ਸਤਨਾਮ ਸਿੰਘ ਮੁਸਤਫ਼ਾਬਾਦ ਜੱਟਾਂ ਤੋਂ ਇਲਾਵਾ ਸਰਕਾਰੀ ਅਧਿਕਾਰੀ ਅਤੇ ਇਲਾਕੇ ਦੇ ਮੁਹਤਬਰ ਵੀ ਹਾਜ਼ਰ ਸਨ।