ਵੱਡੀ ਖ਼ਬਰ: ਕੇਂਦਰੀ ਬਜਟ 'ਚ MSP ਗਾਇਬ, ਰੁਜ਼ਗਾਰ ਗਾਇਬ- ਪੰਜਾਬ ਦੇ ਪੱਲੇ ਫਿਰ ਨਿਰਾਸ਼ਾ: ਭਗਵੰਤ ਮਾਨ
Babushahi Network
ਚੰਡੀਗੜ੍ਹ, 1 ਫਰਵਰੀ 2026: ਕੇਂਦਰੀ ਬਜਟ 2026 ਦੇ ਪੇਸ਼ ਹੋਣ ਤੋਂ ਤੁਰੰਤ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਿਰੁੱਧ ਤਿੱਖਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਨੇ ਬਜਟ ਨੂੰ ਪੰਜਾਬ ਵਿਰੋਧੀ ਦੱਸਦਿਆਂ ਕਿਹਾ ਕਿ ਇਸ ਵਿੱਚ ਸੂਬੇ ਦੀਆਂ ਅਹਿਮ ਲੋੜਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬਜਟ ਵਿੱਚ ਕਿਸਾਨਾਂ ਦੀ ਚਿਰੋਕਣੀ ਮੰਗ MSP (ਘੱਟੋ-ਘੱਟ ਸਮਰਥਨ ਮੁੱਲ) ਬਾਰੇ ਕੋਈ ਜ਼ਿਕਰ ਨਹੀਂ ਕੀਤਾ ਗਿਆ। ਨਾ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਜਾਂ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਕੋਈ ਯੋਜਨਾ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਜਨਤਾ ਮਹਿੰਗਾਈ ਨਾਲ ਜੂਝ ਰਹੀ ਹੈ, ਪਰ ਟੈਕਸ ਪ੍ਰਣਾਲੀ ਵਿੱਚ ਕਿਸੇ ਤਰ੍ਹਾਂ ਦੀ ਰਾਹਤ ਨਾ ਦੇ ਕੇ ਕੇਂਦਰ ਨੇ ਲੋਕਾਂ ਦੇ ਜ਼ਖਮਾਂ 'ਤੇ ਲੂਣ ਛਿੜਕਿਆ ਹੈ।
ਕੇਂਦਰੀ ਬਜਟ 'ਚ ਪੰਜਾਬ ਨਾਲ ਵਿਤਕਰਾ: ਸੀਐਮ ਮਾਨ
ਸੀਐਮ ਮਾਨ ਨੇ ਇਲਜ਼ਾਮ ਲਾਇਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕੇਂਦਰ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਪੰਜਾਬ ਦੀ ਆਰਥਿਕ ਮਜ਼ਬੂਤੀ ਲਈ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਗਿਆ। ਮੁੱਖ ਮੰਤਰੀ ਨੇ ਕਿਹਾ, "ਪੰਜਾਬ ਦੇ ਲੋਕ ਬਹੁਤ ਮਿਹਨਤਕਸ਼ ਅਤੇ ਜਨੂੰਨੀ ਹਨ। ਜੇਕਰ ਕੇਂਦਰ ਮਦਦ ਨਹੀਂ ਵੀ ਕਰਦਾ, ਤਾਂ ਵੀ ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਮੁੜ ਆਪਣੇ ਪੈਰਾਂ ਸਿਰ ਖੜ੍ਹਾ ਕਰਾਂਗੇ ਅਤੇ ਸੂਬੇ ਨੂੰ ਤਰੱਕੀ ਦੀਆਂ ਰਾਹਾਂ 'ਤੇ ਲੈ ਕੇ ਜਾਵਾਂਗੇ।"