ਸ਼੍ਰੋਮਣੀ ਕਮੇਟੀ ਵੱਲੋਂ ਹਲਕਾ ਜੋਗਾ ’ਚ ਗੁਰਮਤਿ ਕੈਂਪ ਦੌਰਾਨ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ
ਨੌਜੁਆਨਾਂ ਤੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਰਹੀ ਹੈ ਕਾਰਜਸ਼ੀਲ- ਐਡਵੋਕੇਟ ਧਾਮੀ
ਬੱਚਿਆਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣ ਲਈ ਸਹਾਈ ਹੋਣਗੇ ਅਜਿਹੇ ਕਾਰਜ- ਗਿਆਨੀ ਟੇਕ ਸਿੰਘ
ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਬਾਬਾ ਟੇਕ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ ਤੇ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਨੇ ਗੁਰਮਤਿ ਮੁਕਾਬਲਿਆਂ ’ਚ ਅਵੱਲ ਆਏ ਬੱਚਿਆਂ ਨੂੰ ਕੀਤਾ ਸਨਮਾਨਿਤ
ਮਾਨਸਾ/ਅੰਮ੍ਰਿਤਸਰ, 11 ਜੁਲਾਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ, ਸਿੱਖ ਇਤਿਹਾਸ ਅਤੇ ਸਿੱਖੀ ਨਾਲ ਜੋੜਨ ਦੇ ਉਦੇਸ਼ ਤਹਿਤ ਬੱਚਿਆਂ ਦੇ ਗੁਰਮਤਿ ਕੈਂਪਾਂ ਰਾਹੀਂ ਸਿੱਖਿਆ ਦਿੱਤੀ ਜਾ ਰਹੀ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੇ ਵਿਸ਼ੇਸ਼ ਉਪਰਾਲੇ ਨਾਲ ਮਾਨਸਾ ਜ਼ਿਲ੍ਹੇ ਦੇ ਹਲਕਾ ਜੋਗਾ ਅੰਦਰ ਪਿਛਲੇ ਇੱਕ ਮਹੀਨੇ ਤੋਂ ਵੱਖ-ਵੱਖ ਪਿੰਡਾਂ ਵਿੱਚ ਆਯੋਜਿਤ ਕੀਤੇ ਗਏ ਗੁਰਮਤਿ ਸਿਖਲਾਈ ਕੈਂਪਾਂ ਦੀ ਸਮਾਪਤੀ ਅੱਜ ਗੁਰਦੁਆਰਾ ਭਾਈ ਬਹਿਲੋ ਜੀ, ਫਫੜੇ ਭਾਈਕੇ ਵਿਖੇ ਵਿਸ਼ਾਲ ਸਮਾਗਮ ਦੇ ਰੂਪ ਵਿੱਚ ਹੋਈ। ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਬਾਬਾ ਗੁਰਮੀਤ ਸਿੰਘ ਤ੍ਰਿਲੋਕਵਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਕੇ ਬੱਚਿਆਂ, ਗੁਰਮਤਿ ਅਨੁਸਾਰੀ ਜੀਵਨ ਬਿਤਾਉਣ ਦਾ ਸੰਦੇਸ਼ ਦਿੱਤਾ।
ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੇ ਵਿਸ਼ੇਸ਼ ਯਤਨਾਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਹਲਕਾ ਜੋਗਾ ਦੇ 53 ਪਿੰਡਾਂ ਵਿੱਚ 64 ਕੇਂਦਰਾਂ ’ਤੇ ਲਗਾਏ ਗਏ ਇਨ੍ਹਾਂ ਗੁਰਮਤਿ ਸਿਖਲਾਈ ਕੈਂਪਾਂ ਵਿੱਚ ਕੁੱਲ 3500 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵੱਖ-ਵੱਖ ਪਿੰਡਾਂ ਵਿੱਚ ਕੈਂਪ ਦੌਰਾਨ ਧਾਰਮਿਕ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਅਵੱਲ ਰਹੇ 540 ਬੱਚਿਆਂ ਦਾ ਅੱਜ ਗੁਰਮਤਿ ਸਿੱਖਿਆ ਸਬੰਧੀ ਲਿਖਤੀ ਪੇਪਰ ਲਿਆ ਗਿਆ ਅਤੇ ਅਵੱਲ ਆਏ ਬੱਚਿਆਂ ਨੂੰ ਸਾਈਕਲ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੱਚੇ ਕੌਮ ਦਾ ਭਵਿੱਖ ਹਨ, ਜਿਨ੍ਹਾਂ ਨੂੰ ਗੁਰਮਤਿ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਕਾਰਜਸ਼ੀਲ ਹੈ। ਇਸ ਮਕਸਦ ਦੀ ਪੂਰਤੀ ਲਈ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਦੇਸ਼ ਭਰ ਅੰਦਰ ਗੁਰਮਤਿ ਕੈਂਪ ਲਗਾਏ ਜਾਂਦੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੇ ਗੁਰਮਤਿ ਕੈਂਪਾਂ ਵਿਚ ਬੱਚਿਆਂ ਨੂੰ ਗੁਰਬਾਣੀ ਪਾਠ, ਕੀਰਤਨ, ਸਿੱਖ ਰਹਿਤ-ਮਰਿਆਦਾ, ਸਿੱਖ ਇਤਿਹਾਸ ਅਤੇ ਗੁਰਮਤਿ ਜੀਵਨ-ਮੁੱਲਾਂ ਨਾਲ ਜੋੜਨ ਦੇ ਨਾਲ-ਨਾਲ ਸਿੱਖ ਸੰਸਥਾਵਾਂ ਦੀ ਅਹਿਮੀਅਤ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ, ਤਾਂ ਜੋਂ ਭਵਿੱਖ ਦੇ ਵਾਰਿਸ ਆਪਣੇ ਇਤਿਹਾਸ ਅਤੇ ਪਰੰਪਰਾਵਾਂ ਦੇ ਜਾਣਕਾਰ ਹੋਣ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਗੁਰਮਤਿ ਨਾਲ ਜੋੜੀ ਰੱਖਣ ਲਈ ਸਦਾ ਸੁਚੇਤ ਰਹਿਣ। ਉਨ੍ਹਾਂ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਵੱਲੋਂ ਆਪਣੇ ਹਲਕੇ ਦੇ ਹਰ ਪਿੰਡ ਤੱਕ ਪਹੁੰਚ ਕਰਕੇ ਸਿੱਖੀ ਪ੍ਰਚਾਰ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਗੁਰਦੁਆਰਾ ਕਮੇਟੀਆਂ ਅਤੇ ਗ੍ਰੰਥੀ ਸਿੰਘਾਂ ਵੱਲੋਂ ਕੀਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ।
ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਗ੍ਰੰਥੀ ਸਿੰਘਾਂ ਨੂੰ ਹਰ ਰੋਜ਼ ਬੱਚਿਆਂ ਦੀਆਂ ਗੁਰਮਤਿ ਕਲਾਸਾਂ ਲਗਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਅਜਿਹੇ ਕਾਰਜ ਬੱਚਿਆਂ ਨੂੰ ਨਸ਼ੇ ਅਤੇ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਲਈ ਸਹਾਈ ਹੋਣਗੇ। ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਨੂੰ ਵੀ ਗ੍ਰੰਥੀ ਸਿੰਘਾਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰੀ ਪ੍ਰੇਮ ਕੁਮਾਰ ਅਰੋੜਾ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਨੇ ਪੁੱਜੀਆਂ ਸਖਸ਼ੀਅਤਾਂ ਅਤੇ ਹਲਕੇ ਦੀਆਂ ਗੁਰਦੁਆਰਾ ਕਮੇਟੀਆਂ ਤੇ ਗ੍ਰੰਥੀ ਸਿੰਘਾਂ ਦਾ ਇਸ ਕਾਰਜ ਵਾਸਤੇ ਸਹਿਯੋਗ ਕਰਨ ਲਈ ਧੰਨਵਾਦ ਕੀਤਾ। ਜਿਕਰਯੋਗ ਹੈ ਕਿ ਕੈਂਪਾਂ ਦੀ ਸਫਲਤਾ ਲਈ ਸ. ਗੁਰਪ੍ਰੀਤ ਸਿੰਘ ਝੱਬਰ ਵੱਲੋਂ ਘਰ-ਘਰ ਪਹੁੰਚ ਕਰਕੇ ਬੱਚਿਆਂ ਅਤੇ ਮਾਪਿਆਂ ਨੂੰ ਇਸ ਧਾਰਮਿਕ ਉਪਰਾਲੇ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਗਿਆ। ਸਮਾਪਤੀ ਸਮਾਗਮ ਮੌਕੇ ਅੱਵਲ ਆਏ ਬੱਚਿਆਂ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਬਾਬਾ ਟੇਕ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਇਨਾਮ ਵਜੋਂ ਸਾਈਕਲ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਕੈਂਪਾਂ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਨੂੰ ਵੀ ਮੈਡਲ, ਸਨਮਾਨ ਪੱਤਰ ਦੇ ਕੇ ਸਨਮਾਨ ਦਿੱਤਾ ਗਿਆ। ਇਸ ਦੇ ਨਾਲ ਹੀ ਗ੍ਰੰਥੀ ਸਿੰਘਾਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਦਸਤਾਰ ਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਤਕਾ ਟੀਮਾਂ ਵੱਲੋਂ ਗੱਤਕੇ ਦੇ ਜ਼ੌਹਰ ਵੀ ਵਿਖਾਏ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਬਣੇ ਸੁੰਦਰ ਫੁਹਾਰੇ ਦਾ ਉਦਘਾਟਨ ਵੀ ਕੀਤਾ।
ਇਸ ਮੌਕੇ ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਹਰਦੇਵ ਸਿੰਘ, ਸ. ਗੁਰਮੇਲ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮੀਤ ਮੈਨੇਜਰ ਮਨਦੀਪ ਸਿੰਘ, ਸ. ਹਰਭਗਵਾਨ ਸਿੰਘ ਮੈਨੇਜਰ, ਸ. ਰੂਬਲ ਸਿੰਘ ਢਿੱਲੋਂ ਪ੍ਰਧਾਨ ਯੂਥ ਵਿੰਗ, ਪ੍ਰਿੰਸੀਪਲ ਜਸਵਿੰਦਰ ਸਿੰਘ, ਪ੍ਰਿੰਸੀਪਲ ਰਵਿੰਦਰ ਸਿੰਘ, ਇੰਚਾਰਜ ਸ. ਭੋਲਾ ਸਿੰਘ, ਪ੍ਰਚਾਰਕ ਭਾਈ ਸਵਿੰਦਰ ਸਿੰਘ, ਬੀਬੀ ਕਰਮਜੀਤ ਕੌਰ ਸਮਾਊ, ਸ. ਗੁਰਪ੍ਰੀਤ ਸਿੰਘ, ਸ. ਜਸਵਿੰਦਰ ਸਿੰਘ, ਸ. ਸੁਰਜੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਬੱਚੇ ਮੌਜੂਦ ਸਨ।
- Download Babushahi App
-
-