ਸਕੂਲਾਂ ਵਿੱਚ ਵਧੀਆ ਸਿੱਖਿਆ ਮੁਹਈਆ ਕਰਵਾਉਣ ਲਈ ਪੰਜਾਬ ਸਰਕਾਰ ਯਤਨਸ਼ੀਲ –ਡਾ. ਜਮੀਲ ਉਰ ਰਹਿਮਾਨ
* ਕਿਹਾ, ਬੁਨਿਆਦੀ ਢਾਂਚੇ ਵਿੱਚ ਇਸ ਮਹੱਤਵਪੂਰਨ ਨਿਵੇਸ਼ ਦਾ ਉਦੇਸ਼ ਵਿਦਿਆਰਥੀਆਂ ਲਈ ਸਿੱਖਣ ਦਾ ਅਨੁਕੂਲ ਮਾਹੌਲ ਸਿਰਜਣਾ
* ਹਲਕੇ ਦੇ ਤਿੰਨ ਹੋਰ ਪ੍ਰਾਇਮਰੀ ਸਕੂਲਾਂ ਲਈ ਕਰੀਬ 15 ਲੱਖ 31 ਹਜਾਰ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ
ਮਾਲੇਰਕੋਟਲਾ 6 ਮਈ :
ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਰਾਜ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਮਾਲੇਰਕੋਟਲਾ ਦੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਹਲਕੇ ਦੇ ਤਿੰਨ ਹੋਰ ਸਰਕਾਰੀ ਪ੍ਰਾਇਮਰੀ ਸਕੂਲ ਨੌਧਰਾਣੀ, ਸਰਕਾਰੀ ਪ੍ਰਾਇਮਰੀ ਸਕੂਲ ਰੁੜਕਾ, ਸਰਕਾਰੀ ਪ੍ਰਾਇਮਰੀ ਸਕੂਲ ਆਦਮਪਾਲ ਵਿਖੇ ਕਰੀਬ 15 ਲੱਖ 31 ਹਜਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ।
ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਨੌਧਰਾਣੀ ਵਿਖੇ ਕਰੀਬ 04 ਲੱਖ 50 ਹਜਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਰੁੜਕਾ ਵਿਖੇ ਕਰੀਬ 02 ਲੱਖ 25 ਹਜਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਆਦਮਪਾਲ ਵਿਖੇ ਕਰੀਬ 08 ਲੱਖ 56 ਹਜਾਰ ਰੁਪਏ ਦੀ ਲਾਗਤ ਨਾਲ ਨਵਾ ਕਮਰਾ, ਪਖਾਨੇ ਦਾ ਨਵੀਨੀਕਰਨ ਅਤੇ ਕਮਰੇ ਦਾ ਨਵੀਨੀਕਰਨ ਦੀ ਉਸਾਰੀ ਦਾ ਉਦਘਾਟਨ ਕੀਤਾ ।
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਸੂਬੇ ਵਿੱਚ ਵਿਦਿਅਕ ਮਿਆਰਾਂ ਨੂੰ ਉੱਚਾ ਚੁੱਕਣ ਲਈ "ਪੰਜਾਬ ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਆਮ ਘਰਾਂ ਦੇ ਬੱਚੇ ਵਿਸ਼ਵ ਪੱਧਰੀ ਮੁਕਾਬਲੇ ਦੇ ਇਸ ਯੁੱਗ ਵਿੱਚ ਆਪਣਾ ਅਹਿਮ ਸਥਾਨ ਬਣਾ ਸਕਣ।
ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਵਿੱਚ ਹਾਈ-ਸਪੀਡ ਵਾਈਫਾਈ ਕਨੈਕਸ਼ਨ, ਪੀਣ ਵਾਲਾ ਸਾਫ਼ ਪਾਣੀ, ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਸਮਾਰਟ ਕਲਾਸ ਰੂਮ, ਏਕੀਕ੍ਰਿਤ ਵਿਗਿਆਨ ਲੈਬਾਂ, ਖੇਡ ਦੇ ਮੈਦਾਨ ਅਤੇ ਆਧੁਨਿਕ ਫਰਨੀਚਰ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਵਿੱਚ ਇਸ ਮਹੱਤਵਪੂਰਨ ਨਿਵੇਸ਼ ਦਾ ਉਦੇਸ਼ ਵਿਦਿਆਰਥੀਆਂ ਲਈ ਸਿੱਖਣ ਦਾ ਅਨੁਕੂਲ ਮਾਹੌਲ ਸਿਰਜਣਾ ਹੈ।
ਇਸ ਮੌਕੇ ਸਰਪੰਚ ਪਿੰਡ ਰੁੜਕਾ ਸਿੰਗਾਰਾ ਸਿੰਘ, ਸਰਪੰਚ ਪਿੰਡ ਆਦਮਪਾਲ ਨਰਿੰਦਰ ਸਿੰਘ ਸੋਹੀ, ਸਰਪੰਚ ਪਿੰਡ ਨੌਧਰਾਣੀ ਅਨਵਰ ਖਾਂ, ਹੈੱਡ ਮਾਸਟਰ ਗੁਰਪ੍ਰੀਤ ਸਿੰਘ, ਹੈੱਡ ਮਾਸਟਰ ਕਮਲਜੀਤ ਸਿੰਘ, ਕਲਸਟਰ ਹੈੱਡ ਟੀਚਰ ਅਸ਼ੋਕ ਕੁਮਾਰ ਤੋਂ ਇਲਾਵਾ ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਅਤੇ ਪਿੰਡ ਵਾਸੀ ਹਾਜਰ ਸਨ।