ਸਕੂਲ ਜਾ ਰਹੇ 12ਵੀਂ ਜਮਾਤ ਦੇ ਵਿਦਿਆਰਥੀ ਦੀ ਗਲਤ ਸਾਈਡ ਤੋਂ ਆ ਰਹੇ ਬਾਈਕ ਸਵਾਰਾਂ ਦੀ ਟੱਕਰ ਨਾਲ ਮੌਤ
Ravinder Singh
ਮਾਛੀਵਾੜਾ ਸਾਹਿਬ (ਖੰਨਾ), 17 ਨਵੰਬਰ, 2026: ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਸ੍ਰੀ ਮਾਛੀਵਾੜਾ ਸਾਹਿਬ ਪੁਲਿਸ ਥਾਣੇ ਦੇ ਨਜ਼ਦੀਕ ਵਾਪਰੇ ਇੱਕ ਬੇਹੱਦ ਦਰਦਨਾਕ ਸੜਕ ਹਾਦਸੇ ਵਿੱਚ ਸਕੂਲ ਜਾ ਰਹੇ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੋਤ ਸਿੰਘ (18) ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਜੀਵਨਪੁਰ ਵਜੋਂ ਹੋਈ ਹੈ, ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ, ਰਣਜੋਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਅੱਜ ਸਵੇਰੇ ਵੀ ਆਪਣੇ ਪਿੰਡ ਜੀਵਨਪੁਰ ਤੋਂ ਸਕੂਲ ਜਾਣ ਲਈ ਘਰੋਂ ਨਿਕਲਿਆ ਸੀ। ਜਦੋਂ ਉਹ ਮਾਛੀਵਾੜਾ ਪੁਲਿਸ ਥਾਣੇ ਦੇ ਨੇੜੇ ਪਹੁੰਚਿਆ, ਤਾਂ ਸਾਹਮਣੇ ਤੋਂ ਗਲਤ ਦਿਸ਼ਾ (Wrong Side) ਵਿੱਚ ਆ ਰਹੇ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰਾਂ ਨੇ ਉਸ ਦੇ ਵਾਹਨ ਨੂੰ ਸਿੱਧੀ ਅਤੇ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਭਿਆਨਕ ਟੱਕਰ ਕਾਰਨ ਰਣਜੋਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਤੁਰੰਤ ਇਲਾਜ ਲਈ ਮਾਛੀਵਾੜਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਅੱਗੇ ਰੈਫ਼ਰ ਕਰ ਦਿੱਤਾ। ਪਰਿਵਾਰ ਵੱਲੋਂ ਜਦੋਂ ਉਸ ਨੂੰ ਇਲਾਜ ਲਈ ਫੋਰਟਿਸ ਹਸਪਤਾਲ ਲਿਜਾਇਆ ਗਿਆ, ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਰਣਜੋਤ ਸਿੰਘ ਦੇ ਪਿਤਾ ਬਲਜਿੰਦਰ ਸਿੰਘ ਮਹਿਕਮਾ ਮਾਲ ਵਿੱਚ ਪਟਵਾਰੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਇਕਲੌਤੇ ਜਵਾਨ ਪੁੱਤ ਦੀ ਬੇਵਕਤੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਜਦੋਂ ਕਿ ਸਕੂਲ ਦੇ ਸਾਥੀ ਵਿਦਿਆਰਥੀ ਗ਼ਮਗੀਨ ਹਨ ਅਤੇ ਪੂਰੇ ਪਿੰਡ ਜੀਵਨਪੁਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮੌਕੇ 'ਤੇ ਮੌਜੂਦ ਚਸ਼ਮਦੀਦਾਂ ਅਨੁਸਾਰ, ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਨਸ਼ੇ ਦੀ ਹਾਲਤ ਵਿੱਚ ਜਾਪ ਰਹੇ ਸਨ।
ਇਸ ਸਬੰਧੀ ਮਾਛੀਵਾੜਾ ਸਾਹਿਬ ਦੇ ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਵਿਦਿਆਰਥੀ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਉਪਰੰਤ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਚਸ਼ਮਦੀਦਾਂ ਦੇ ਬਿਆਨਾਂ ਦੇ ਆਧਾਰ 'ਤੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਥਾਣਾ ਮੁਖੀ ਨੇ ਭਰੋਸਾ ਦਿੱਤਾ ਕਿ ਹਾਦਸਾ ਕਰਨ ਵਾਲੇ ਮੋਟਰਸਾਈਕਲ ਸਵਾਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
- Download Babushahi App
-
-