ਸਤੌਜ 'ਚ ਅਧਿਆਪਕਾਂ ਤੇ ਮੁਲਾਜ਼ਮਾਂ ਦੀ ਵਿਸ਼ਾਲ ਰੈਲੀ, ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 23 ਅਗਸਤ 2026
ਪੁਰਾਣੀ ਪੈਨਸ਼ਨ ਬਹਾਲੀ ਸਮੇਤ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਮੰਚ ਦੀ ਅਗਵਾਈ ਹੇਠ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿੱਚ ਅਧਿਆਪਕਾਂ ਅਤੇ ਮੁਲਾਜ਼ਮਾਂ ਵੱਲੋਂ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਅਧਿਆਪਕ ਅਤੇ ਮੁਲਾਜ਼ਮ ਸ਼ਾਮਲ ਹੋਏ।
ਰੈਲੀ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਕੀਤੀ ਗਈ ਸਖ਼ਤੀ ਵੀ ਚਰਚਾ ਦਾ ਵਿਸ਼ਾ ਬਣੀ। ਜਥੇਬੰਦੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸਤੌਜ ਪਹੁੰਚ ਰਹੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੁਲਿਸ ਨੇ ਲਾਠੀਆਂ ਅਤੇ ਡੰਡਿਆਂ ਦੀ ਵਰਤੋਂ ਕਰਦਿਆਂ ਰੋਕਿਆ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਪਿੱਛੇ ਨਹੀਂ ਹਟੇ ਅਤੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਰੈਲੀ ਕੀਤੀ।
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਨੇ ਦੱਸਿਆ ਕਿ ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ, ਮਾਲੇਰਕੋਟਲਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਕਪੂਰਥਲਾ, ਗੁਰਦਾਸਪੁਰ ਅਤੇ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ਤੋਂ ਮੁਲਾਜ਼ਮ ਤੇ ਅਧਿਆਪਕ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਪੁੱਜੇ।
ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਵਾਅਦਿਆਂ ਦੇ ਬਾਵਜੂਦ ਪੁਰਾਣੀ ਪੈਨਸ਼ਨ ਬਹਾਲੀ, 18 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨ, ਮੁਲਾਜ਼ਮ ਵਿਰੋਧੀ ਪੱਤਰ ਰੱਦ ਕਰਨ, ਪੇਂਡੂ ਭੱਤੇ ਸਮੇਤ 37 ਭੱਤੇ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਤਨਖ਼ਾਹ ਕਮਿਸ਼ਨ ਦੇ ਬਕਾਏ ਜਾਰੀ ਕਰਨ ਵਰਗੀਆਂ ਮੰਗਾਂ ਅਜੇ ਵੀ ਲੰਬਿਤ ਹਨ।
ਜਥੇਬੰਦੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
- Download Babushahi App
-
-