ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਫੇਰੀ ਦੌਰਾਨ ਵਿਸ਼ੇਸ਼ ਪੈਕੇਜ ਦੇ ਕੇ ਜਾਣ - ਸੰਧਵਾਂ
ਰੋਹਿਤ ਗੁਪਤਾ
ਗੁਰਦਾਸਪੁਰ, 08 ਸਤੰਬਰ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਅਤੇ ਜੈਨਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਜੈਨਪੁਰ ਵਿਖੇ ਟੁੱਟੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ ਅਤੇ ਹੜ੍ਹ ਪੀੜਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਬਾਰੇ ਅਧਿਕਾਰੀਆਂ ਕੋਲੋਂ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਆਗੂ ਸ਼ਮਸ਼ੇਰ ਸਿੰਘ ਵੀ ਮੌਜੂਦ ਸਨ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਨੂੰ ਬਹੁਤ ਵੱਡੀ ਮਾਰ ਪਈ ਹੈ ਅਤੇ ਬਹੁਤ ਸਾਰੇ ਲੋਕ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਆਫ਼ਤ ਨਾਲ ਨਜਿੱਠਣ ਲਈ ਪੂਰੀ ਤਾਕਤ ਨਾਲ ਕੰਮ ਕਰ ਰਹੀ ਹੈ ਅਤੇ ਅਸੀਂ ਸਾਰੇ ਮਿਲ ਕੇ ਇਸ ਆਫ਼ਤ ਉੱਪਰ ਕਾਬੂ ਪਾ ਲਵਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਪੁਨਰਵਾਸ ਦਾ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ ਤਾਂ ਜੋ ਹੜ੍ਹ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਮੁੜ ਲੀਹਾਂ ਉੱਪਰ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਧੁੱਸੀ ਬੰਨ੍ਹ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਹੋਰ ਹੜ੍ਹ ਰੋਕੂ ਪ੍ਰਬੰਧ ਵੀ ਕੀਤੇ ਜਾਣਗੇ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਕੀਤੇ ਜਾ ਰਹੇ ਹਨ ਓਥੇ ਖ਼ਾਲਸਾ ਏਡ ਅਤੇ ਅਕਾਲ ਪੁਰਖ਼ ਕੀ ਫ਼ੌਜ ਸਮੇਤ ਕਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਹੜ੍ਹ ਪੀੜ੍ਹਤਾਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖ਼ਾਲਸਾ ਏਡ ਅਤੇ ਅਕਾਲ ਪੁਰਖ਼ ਕੀ ਫ਼ੌਜ ਵੱਲੋਂ ਕਈ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਗੋਦ ਲੈ ਕੇ ਉੱਥੇ ਪੁਨਰਵਾਸ ਕਾਰਜ ਕੀਤੇ ਜਾ ਰਹੇ ਜਿਸ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ।
ਪੱਤਰਕਾਰਾਂ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਗੁਰਦਾਸਪੁਰ ਤੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਸਬੰਧੀ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਾਹਿਬ ਨੂੰ ਹੜ੍ਹਾਂ ਨਾਲ ਜੂਝ ਰਹੇ ਪੰਜਾਬ ਨੂੰ ਜ਼ਰੂਰ ਕੋਈ ਰਾਹਤ ਪੈਕੇਜ ਦੇ ਕੇ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ 50,000 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਵੀ ਤੁਰੰਤ ਜਾਰੀ ਕਰਨੀ ਚਾਹੀਦੀ ਹੈ ਤਾਂ ਇਹ ਰਾਸ਼ੀ ਸੂਬੇ ਦੇ ਵਿਕਾਸ ਉੱਪਰ ਖ਼ਰਚ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਆਪਣੀ ਪੰਜਾਬ ਫੇਰੀ ਦੌਰਾਨ ਪੰਜਾਬੀਆਂ ਦੀਆਂ ਉਮੀਦਾਂ ਉੱਪਰ ਖਰੇ ਉੱਤਰਨਗੇ।
ਇਸ ਮੌਕੇ ਤੇ ਬਲਾਕ ਪ੍ਰਧਾਨ ਜਸਬੀਰ ਸਿੰਘ ਕਠਿਆਲੀ, ਬਲਾਕ ਪ੍ਰਧਾਨ ਰਣਜੀਤ ਸਿੰਘ ਜੀਵਨਚੱਕ, ਬਲਾਕ ਪ੍ਰਧਾਨ ਸੋਨੂੰ ਪਹਾੜੀਪੁਰ, ਬਲਾਕ ਪ੍ਰਧਾਨ ਅਨੂਪ ਠਾਕੁਰ, ਬਲਾਕ ਪ੍ਰਧਾਨ ਅਰਜਨ ਸਿੰਘ ਝਬਕਰਾ, ਪ੍ਰਿੰਸੀਪਲ ਸੰਸਾਰ ਸਿੰਘ ਝਬਕਰਾ, ਸਰਪੰਚ ਸੋਨੂੰ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।