ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਵੀਂ ਹਾਈ-ਟੈਕ ਕੰਪਿਊਟਰ ਲੈਬ ਦਾ ਉਦਘਾਟਨ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 13 ਮਾਰਚ,2026
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸੋਵਾਲ ਵਿੱਚ ਅੱਜ ਨਵੀਂ ਤਰ੍ਹਾਂ ਤਿਆਰ ਕੀਤੀ ਗਈ ਆਧੁਨਿਕ ਅਤੇ ਹਾਈ-ਟੈਕ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸ.ਸੋਹਣ ਸਿੰਘ ਬੈਂਸ ਅਤੇ ਸਕੂਲ ਮੈਨੇਜਮੈਂਟ ਕਮੇਟੀ ਐਸ.ਐਮ.ਸੀ. ਦੇ ਚੇਅਰਮੈਨ ਸ.ਜਸਮੇਰ ਸਿੰਘ ਨੇ ਇਸ ਲੈਬ ਦਾ ਉਦਘਾਟਨ ਕੀਤਾ। ਸਮਾਗਮ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਸਤਿਕਾਰਯੋਗ ਮੈਂਬਰਾਂ ਅਤੇ ਇਲਾਕੇ ਦੇ ਪ੍ਰਮੁੱਖ ਵਿਅਕਤੀਆਂ ਨੇ ਵੀ ਹਾਜ਼ਰੀ ਲਗਵਾਈ। ਇਸ ਮੌਕੇ ਸ.ਖੁਸ਼ਹਾਲ ਸਿੰਘ, ਬਾਲ ਕਿਸ਼ਨ, ਅੰਕੁਸ਼ ਪਾਠਕ ਅਤੇ ਸੁਖਵਿੰਦਰ ਸਿੰਘ ਸਮੇਤ ਕਈ ਪਿੰਡ ਵਾਸੀ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਰਹੇ। ਮਹਿਮਾਨਾਂ ਨੇ ਸਕੂਲ ਕੈਂਪਸ ਦਾ ਦੌਰਾ ਕੀਤਾ ਅਤੇ ਸਕੂਲ ਵੱਲੋਂ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ. ਅਵਤਾਰ ਸਿੰਘ ਦੜੌਲੀ ਅਤੇ ਲੈਕਚਰਾਰ ਅਮਰੀਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਨਵੀ ਦਿਸ਼ਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਨਵੀਂ ਕੰਪਿਊਟਰ ਲੈਬ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਨਾਲ ਜੋੜਨ ਲਈ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਲੈਬ ਵਿੱਚ ਆਧੁਨਿਕ ਕੰਪਿਊਟਰ ਅਤੇ ਤਕਨੀਕੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ, ਇੰਟਰਨੈਟ ਦੀ ਵਰਤੋਂ ਅਤੇ ਆਈ.ਟੀ. ਨਾਲ ਸੰਬੰਧਿਤ ਵੱਖ-ਵੱਖ ਹੁਨਰ ਸਿਖਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਤਕਨੀਕੀ ਅਤੇ ਡਿਜੀਟਲ ਗਿਆਨ ਦੀ ਬਹੁਤ ਮਹੱਤਤਾ ਹੈ ਅਤੇ ਇਸ ਲੈਬ ਰਾਹੀਂ ਵਿਦਿਆਰਥੀ ਭਵਿੱਖ ਵਿੱਚ ਆਉਣ ਵਾਲੀਆਂ ਤਕਨੀਕੀ ਚੁਣੌਤੀਆਂ ਲਈ ਤਿਆਰ ਹੋ ਸਕਣਗੇ। ਮੁੱਖ ਮਹਿਮਾਨ ਸ. ਸੋਹਣ ਸਿੰਘ ਬੈਂਸ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿੰਡਾਂ ਦੇ ਸਕੂਲਾਂ ਵਿੱਚ ਇਸ ਤਰ੍ਹਾਂ ਦੀਆਂ ਆਧੁਨਿਕ ਸਹੂਲਤਾਂ ਉਪਲਬਧ ਹੋਣਾ ਬਹੁਤ ਹੀ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਸਿੱਖਿਆ ਦੇ ਜ਼ਰੀਏ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਿਆ ਜਾ ਸਕਦਾ ਹੈ ਅਤੇ ਉਹ ਭਵਿੱਖ ਵਿੱਚ ਹੋਰ ਮਜ਼ਬੂਤ ਬਣ ਸਕਦੇ ਹਨ।
ਸਕੂਲ ਪ੍ਰਬੰਧਕਾਂ ਵੱਲੋਂ ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ, ਐਸ.ਐਮ.ਸੀ. ਮੈਂਬਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੇ ਸਹਿਯੋਗ ਨਾਲ ਇਹ ਪ੍ਰੋਜੈਕਟ ਸਫਲਤਾਪੂਰਵਕ ਸੰਪੰਨ ਹੋ ਸਕਿਆ। ਇਸ ਮੌਕੇ ਸਕੂਲ ਸਟਾਫ ਵਿੱਚ ਲੈਕ.ਸਰਵੇਸ਼ ਪਾਠਕ, ਜੈਮਲ ਸਿੰਘ, ਗੁਲਜ਼ਾਰ ਸਿੰਘ, ਸੰਦੀਪ ਬਸੀ, ਕੁਲਵਿੰਦਰਜੀਤ ਕੌਰ, ਰੂਮਾ ਰਾਣੀ, ਸਲਮਾ, ਪ੍ਰਦੀਪ ਕੁਮਾਰ ਹਾਜ਼ਰ ਸਨ।
Click to Follow Babushahi Facebook page →