ਸਰਕਾਰ ਦੇ ਲਾਰਿਆਂ ਤੋਂ ਅੱਕੇ ਕੰਪਿਊਟਰ ਅਧਿਆਪਕਾਂ ਵੱਲੋਂ ਸੰਗਰੂਰ ਵਿਖੇ ਪੱਕੇ ਮੋਰਚੇ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 15 ਸਤੰਬਰ 2026 :ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਦੇ ਸੂਬਾ ਆਗੂ ਜੋਨੀ ਸਿੰਗਲਾ ਅਤੇ ਜਿਲ੍ਹਾ ਪ੍ਰਧਾਨ ਈਸ਼ਰ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਜਾਣਕਾਰੀ ਦਿੰਦੇ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ 5 ਸਤੰਬਰ ਨੂੰ ਜੱਥੇਬੰਦੀ ਵੱਲੋਂ ਲਏ ਗਏ ਫੈਸਲੇ ਅਨੁਸਾਰ 20 ਸਤੰਬਰ ਤੋਂ ਜਿਲ੍ਹਾ ਹੈੱਡ ਕੁਆਟਰ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਸ ਦਿਨ ਤੋਂ ਹੀ ਸੰਗਰੂਰ ਵਿਖੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸੁਰੂਆਤ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ (PICTES) ਦੇ ਨਾਂ 'ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਸਬ ਕਮੇਟੀ ਨਾਲ ਪਿਛਲੀਆਂ ਮੀਟਿੰਗਾਂ ਵਿੱਚ ਬਣੀ ਸਹਿਮਤੀ ਅਨੁਸਾਰ ਪੰਜਵੇ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਇਜਡ ਡੀਏ ਲਾਗੂ ਕਰਨਾ, ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ। ਕੰਪਿਊਟਰ ਟੀਚਰਜ਼ ਯੂਨੀਅਨ ਇਕਾਈ ਬਠਿੰਡਾ ਦੇ ਜਿਲ੍ਹਾ ਆਗੂ ਗੁਰਬਖਸ਼ ਲਾਲ ਨੇ ਦੱਸਿਆ ਕਿ ਸੰਗਰੂਰ ਵਿਖੇ 20 ਸਤੰਬਰ ਦੀ ਸੂਬਾ ਪੱਧਰੀ ਰੈਲੀ ਵਿੱਚ ਜ਼ਿਲ੍ਹਾ ਬਠਿੰਡਾ ਦੇ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।
ਇਸ ਮੌਕੇ ਆਗੂਆਂ ਵੱਲੋ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿੱਚ ਹਮੇਸਾ ਉਨਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ ਬਿਨ ਲਾਗੂ ਨਹੀਂ ਕੀਤਾ ਹੈ। ਇਸ ਦੌਰਾਨ 116 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 5 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ ਪਰ ਉਨਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2.12.2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ।ਇਸ ਸਮੇ ਜਿਲ੍ਹਾ ਬਠਿੰਡਾ ਦੇ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਹਾਜਰ ਸਨ ਜਿੰਨਾ ਵਿੱਚੋ ਸ਼ੈਫੀ ਗੋਇਲ, ਗੁਰਦੀਪ ਸਿੰਘ, ਸੁਮੀਤ ਗੋਇਲ, ਬਲਰਾਜ ਸਿੰਘ ਨਵਪ੍ਰੀਤ ਸਿੰਘ, ਅੰਸ਼ੁਮਣ ਕਾਂਸਲ, ਹਰਪ੍ਰੀਤ ਸਿੰਘ, ਕੁਲਵਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਭੁਚੋ, ਮਨਦੀਪ ਕੁਮਾਰ, ਸਿਮਰਨਜੀਤ ਸਿੰਘ ਬਰਾੜ, ਹਰਪ੍ਰੀਤ ਸਿੰਘ ਭੂੰਦੜ, ਨਵਨੀਤ ਮਿੱਤਲ, ਸੁਖਜਿੰਦਰ ਸਿੰਘ, ਕਮਲਜੀਤ ਸਿੰਘ, ਹਰਜੀਵਨ ਸਿੰਘ, ਗੁਰਪ੍ਰੀਤ ਸਿੰਘ ਤਾਰੂਆਣਾ, ਵਿਜੇ ਸ਼ਰਮਾ ਹਾਜਰ ਸਨ।
- Download Babushahi App
-
-