ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੰਪਿਊਟਰ ਅਧਿਆਪਕਾਂ ਵੱਲੋਂ ਨੁੱਕੜ ਨਾਟਕ ਰਾਹੀਂ ਰੋਸ ਵਿਖਾਵਾ
ਅਸ਼ੋਕ ਵਰਮਾ
ਬਠਿੰਡਾ, 28 ਸਤੰਬਰ 2026: ਕੰਪਿਊਟਰ ਟੀਚਰ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ 20 ਸਤੰਬਰ ਤੋਂ ਸ਼ੁਰੂ ਕੀਤੇ ਗਏ ਪੱਕੇ ਧਰਨੇ ਤਹਿਤ ਜ਼ਿਲ੍ਹਾ-ਵਾਈਜ਼ ਵਾਰੀ ਅਨੁਸਾਰ ਬਠਿੰਡਾ ਜ਼ਿਲ੍ਹੇ ਦੇ ਕੰਪਿਊਟਰ ਅਧਿਆਪਕਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ਨੁੱਕੜ ਨਾਟਕ ਪੇਸ਼ ਕੀਤਾ ਅਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ। ਨੁੱਕੜ ਨਾਟਕ ਦੀ ਅਗਵਾਈ ਸਟੇਟ ਕਮੇਟੀ ਮੈਂਬਰ ਜੋਨੀ ਸਿੰਗਲਾ ਅਤੇ ਗੁਰਬਖਸ਼ ਲਾਲ ਵੱਲੋਂ ਕੀਤੀ ਗਈ।ਨੁੱਕੜ ਨਾਟਕ ਰਾਹੀਂ ਕੰਪਿਊਟਰ ਅਧਿਆਪਕਾਂ ਨੇ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਅਤੇ ਉਨ੍ਹਾਂ ਦੀ ਇਨਕਲਾਬੀ ਸੋਚ ਨੂੰ ਲੋਕਾਂ ਤੱਕ ਪਹੁੰਚਾਇਆ। ਨਾਟਕ ਰਾਹੀਂ ਮੌਜੂਦਾ ਸਮੇਂ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਰਾਜਨੀਤਿਕ ਗਤੀਵਿਧੀਆਂ ’ਤੇ ਵਿਅੰਗ ਕਰਦਿਆਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਵੀ ਉਜਾਗਰ ਕੀਤਾ ਗਿਆ।
ਧਰਨੇ ਵਿੱਚ ਬਠਿੰਡਾ ਜ਼ਿਲ੍ਹੇ ਦੀਆਂ ਵੱਡੀ ਗਿਣਤੀ ਵਿੱਚ ਮਹਿਲਾ ਅਧਿਆਪਕਾਂ ਨੇ ਵੀ ਸ਼ਮੂਲੀਅਤ ਕੀਤੀ। ਅਧਿਆਪਕਾਂ ਵੱਲੋਂ ਜੋਸ਼ ਨਾਲ ਨਾਅਰੇਬਾਜ਼ੀ ਕਰਦਿਆਂ ਸਰਕਾਰ ਤੋਂ ਆਪਣੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ ਗਈ। ਅਧਿਆਪਕਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਵਾਰ-ਵਾਰ ਮੀਟਿੰਗਾਂ ਦਾ ਭਰੋਸਾ ਦਿੱਤਾ ਜਾਂਦਾ ਹੈ, ਪਰ ਮੰਗਾਂ ਦੇ ਹੱਲ ਲਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਇਸ ਮੌਕੇ ਸੈਫੀ ਗੋਇਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਚੋਣ ਮੈਨੀਫੈਸਟੋ ਵਿੱਚ ਅਤੇ ਇਸ ਤੋਂ ਬਾਅਦ ਸਾਲ 2022 ਵਿੱਚ ਸਿੱਖਿਆ ਮੰਤਰੀ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਸਬੰਧੀ ਗੱਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕ ਆਪਣੀਆਂ ਮੰਗਾਂ ਦੇ ਹੱਲ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਇਹ ਪੱਕਾ ਧਰਨਾ ਮੰਗਾਂ ਦਾ ਹੱਲ ਹੋਣ ਤੱਕ ਜਾਰੀ ਰਹੇਗਾ।
ਇਸ ਮੌਕੇ ਸਮਿਤ ਗੋਇਲ, ਸੈਫੀ ਗੋਇਲ, ਕਮਲਜੀਤ ਸਿੰਘ, ਗੁਰਬਖਸ਼ ਲਾਲ, ਜੋਨੀ ਸਿੰਘਲਾ, ਪ੍ਰਤੀਭਾ, ਪਰਮਜੀਤ, ਹਰਪ੍ਰੀਤ ਸਿੰਘ, ਪਰਮਿੰਦਰ ਕੌਰ, ਵੀਰਪਾਲ ਕੌਰ, ਮੈਰੀ, ਦਵਿੰਦਰ ਸ਼ਰਮਾ, ਹਰਜੀਵਨ ਸਿੰਘ ਸਮੇਤ ਬਠਿੰਡਾ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਹਾਜ਼ਰ ਸਨ।
- Download Babushahi App
-
-