ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਆਦਰਸ਼ ਰਾਜ-ਪ੍ਰਬੰਧ ਅੱਜ ਵੀ ਸੰਸਾਰ ਭਰ ਲਈ ਮਿਸਾਲ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 29 ਜੂਨ,2026
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ 187ਵੀਂ ਬਰਸੀ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਰਾਖੰਭਾ ਰੋਡ ਸਥਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਕਮੇਟੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਇਨਸਾਫ਼, ਧਾਰਮਿਕ ਸਹਿਣਸ਼ੀਲਤਾ ਅਤੇ ਸਰਬੱਤ ਦੇ ਭਲੇ ਦੀ ਸੋਚ 'ਤੇ ਆਧਾਰਿਤ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਲਗਭਗ 40 ਸਾਲਾਂ ਦੇ ਸ਼ਾਸਨ ਦੌਰਾਨ ਕਿਸੇ ਨੂੰ ਵੀ ਮੌਤ ਦੀ ਸਜ਼ਾ ਨਾ ਦੇ ਕੇ ਮਨੁੱਖਤਾ ਅਤੇ ਦਇਆ ਦਾ ਵਿਲੱਖਣ ਸੰਦੇਸ਼ ਦਿੱਤਾ, ਜਿਸ ਦੀ ਮਿਸਾਲ ਅੱਜ ਵੀ ਸੰਸਾਰ ਭਰ ਵਿੱਚ ਦਿੱਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਸਿਰਫ਼ 19 ਸਾਲ ਦੀ ਉਮਰ ਵਿੱਚ ਲਾਹੌਰ ਫਤਿਹ ਕੀਤਾ ਅਤੇ 20 ਸਾਲ ਦੀ ਉਮਰ ਵਿੱਚ ਸਿੱਖ ਸਾਮਰਾਜ ਦੀ ਸਥਾਪਨਾ ਕਰਕੇ ਇਤਿਹਾਸ ਵਿੱਚ ਵਿਲੱਖਣ ਸਥਾਨ ਹਾਸਲ ਕੀਤਾ। ਉਨ੍ਹਾਂ ਦਾ ਰਾਜ ਪੰਜਾਬ ਤੋਂ ਖੈਬਰ ਤੱਕ ਫੈਲਿਆ ਹੋਇਆ ਸੀ ਅਤੇ ਉਨ੍ਹਾਂ ਨੇ ਆਪਣੀ ਦੂਰਅੰਦੇਸ਼ੀ, ਬਹਾਦਰੀ ਅਤੇ ਕੁਸ਼ਲ ਪ੍ਰਸ਼ਾਸਨ ਨਾਲ ਇੱਕ ਮਜ਼ਬੂਤ ਅਤੇ ਖ਼ੁਸ਼ਹਾਲ ਰਾਜ ਕਾਇਮ ਕੀਤਾ।
ਸਰਦਾਰ ਕਾਲਕਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਸਾਰਿਆਂ ਧਰਮਾਂ ਦਾ ਬਰਾਬਰ ਸਤਿਕਾਰ ਕੀਤਾ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੋਨੇ ਨਾਲ ਸੁਸ਼ੋਭਿਤ ਕਰਨ ਦੇ ਨਾਲ-ਨਾਲ ਕਾਸ਼ੀ ਵਿਸ਼ਵਨਾਥ ਮੰਦਰ ਸਮੇਤ ਹੋਰ ਧਾਰਮਿਕ ਅਸਥਾਨਾਂ ਦੀ ਵੀ ਸੇਵਾ ਕੀਤੀ ਜੋ ਉਨ੍ਹਾਂ ਦੀ ਧਾਰਮਿਕ ਸਾਂਝ, ਸਹਿਣਸ਼ੀਲਤਾ ਅਤੇ ਮਨੁੱਖਤਾ ਪ੍ਰਤੀ ਡੂੰਘੀ ਵਚਨਬੱਧਤਾ ਦਾ ਪ੍ਰਤੀਕ ਹੈ।
ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਵਿਦੇਸ਼ੀ ਫੌਜੀ ਮਾਹਿਰਾਂ ਨੂੰ ਆਪਣੀ ਫੌਜ ਵਿੱਚ ਸ਼ਾਮਲ ਕਰਕੇ ਆਧੁਨਿਕ ਅਤੇ ਅਨੁਸ਼ਾਸਿਤ ਸੈਨਾ ਤਿਆਰ ਕੀਤੀ । ਉਨ੍ਹਾਂ ਕਿਹਾ ਕਿ ਇਸੇ ਕਰਕੇ ਅੰਗਰੇਜ਼ਾਂ ਨੂੰ ਪੂਰੇ ਭਾਰਤ 'ਤੇ ਕਬਜ਼ਾ ਕਰਨ ਦੇ ਬਾਵਜੂਦ ਪੰਜਾਬ ਵੱਲ ਵਧਣ ਲਈ ਲੰਬਾ ਸਮਾਂ ਉਡੀਕ ਕਰਨੀ ਪਈ।
ਸਰਦਾਰ ਕਾਲਕਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਜੀਵਨ ਅਤੇ ਉਨ੍ਹਾਂ ਦਾ ਸੁਸ਼ਾਸਨ ਅੱਜ ਵੀ ਹਰ ਸ਼ਾਸਕ ਅਤੇ ਸਮਾਜ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਦੇ ਆਦਰਸ਼ਾਂ 'ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
- Download Babushahi App
-
-