ਸਾਂਝੇ ਅਧਿਆਪਕ ਮੋਰਚੇ ਨੇ ਪਦਉਨਤੀਆਂ ਲਈ ਟੈੱਟ ਦੀ ਸ਼ਰਤ ਦਾ ਕੀਤਾ ਵਿਰੋਧ; ਸਾਰੇ ਯੋਗ ਅਧਿਆਪਕਾਂ ਲਈ ਸਟੇਸ਼ਨ ਚੋਣ ਦੀ ਕੀਤੀ ਮੰਗ
ਪ੍ਰਮੋਦ ਭਾਰਤੀ
ਨਵਾਂਸ਼ਹਿਰ 24 ਜਨਵਰੀ 2026- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਸੁਰਿੰਦਰ ਕੰਬੋਜ, ਕ੍ਰਿਸ਼ਨ ਸਿੰਘ ਦੁੱਗਾਂ, ਬਾਜ ਸਿੰਘ ਖਹਿਰਾ, ਹਰਵਿੰਦਰ ਸਿੰਘ ਬਿਲਗਾ, ਰਵਿੰਦਰਜੀਤ ਸਿੰਘ ਪੰਨੂ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਗੁਰਿੰਦਰ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਬੰਗਾ ਅਤੇ ਪਤਵੰਤ ਸਿੰਘ ਨੇ ਸਾਂਝੇ ਬਿਆਨ ਰਾਹੀਂ ਸਿੱਖਿਆ ਵਿਭਾਗ ਵਿੱਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੀ ਪਦਉਨਤੀ ਸਮੇਂ ਟੈੱਟ ਦੀ ਸ਼ਰਤ ਲਾਉਣ ਦੀ ਨਿਖੇਧੀ ਕੀਤੀ।
ਉਹਨਾਂ ਕਿਹਾ ਕਿ 23 ਅਗਸਤ 2010 ਤੋਂ ਪਹਿਲਾਂ ਹਾਜ਼ਰ ਹੋ ਚੁੱਕੇ ਅਧਿਆਪਕਾਂ ਤੇ ਟੈੱਟ ਦੀ ਸ਼ਰਤ ਲਾਉਣੀ ਬੇਤੁਕੀ ਹੈ। ਸਾਂਝੇ ਅਧਿਆਪਕ ਮੋਰਚੇ ਨੇ ਉਪਰੋਕਤ ਮਿਤੀ ਤੋਂ ਪਹਿਲਾਂ ਵਿਭਾਗ ਵਿੱਚ ਹਾਜ਼ਰ ਹੋ ਚੁੱਕੇ ਅਧਿਆਪਕਾਂ ਤੋਂ ਟੈੱਟ ਦੀ ਸ਼ਰਤ ਹਟਾ ਕੇ ਪਦਉਨਤੀ ਲਈ ਸਾਰੇ ਯੋਗ ਅਧਿਆਪਕਾਂ ਨੂੰ ਸਟੇਸ਼ਨ ਚੋਣ ਕਰਵਾਉਣ ਦੀ ਪੁਰਜੋਰ ਮੰਗ ਕੀਤੀ ਹੈ।