ਸਾਥੀਆਂ ਸਮੇਤ ਵਾਪਸ ਘਰ ਪਰਤੇ ਵਾਰਡ ਇੰਚਾਰਜ ਦਾ ਸਾਂਸਦ ਗੁਰਜੀਤ ਔਜਲਾ ਸੁੱਖ ਔਜਲਾ ਨੇ ਕੀਤਾ ਸਵਾਗਤ
ਕੁਲਵਿੰਦਰ ਸਿੰਘ
ਅੰਮ੍ਰਿਤਸਰ 26 ਨਵੰਬਰ
ਅੰਮ੍ਰਿਤਸਰ। ਅਜਨਾਲਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵਾਰਡ ਨੰਬਰ 4 ਅਜਨਾਲਾ ਦੇ ਵਾਰਡ ਇੰਚਾਰਜ ਸੁਖਵਿੰਦਰ ਸਿੰਘ ਸੁਖ ਨਿੱਝਰ ਨੇ ਆਪਣੇ ਸਾਥੀਆਂ ਅਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਛੱਡ ਕੇ ਮੁੜ ਕਾਂਗਰਸ ਪਾਰਟੀ ਵਿੱਚ ਘਰ ਵਾਪਸੀ ਕੀਤੀ। ਇਸ ਮੌਕੇ ਮੈਂਬਰ ਪਾਰਲੀਆਮੈਂਟ ਗੁਰਜੀਤ ਸਿੰਘ ਔਜਲਾ ਨੇ ਸੁਖ ਨਿੱਝਰ ਅਤੇ ਉਨ੍ਹਾਂ ਦੇ ਨਾਲ ਆਏ ਸਾਰੇ ਸਮਰਥਕਾਂ ਦਾ ਕਾਂਗਰਸ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਕਾਂਗਰਸੀ ਆਗੂ ਅਤੇ ਉਨ੍ਹਾਂ ਦੇ ਭਰਾ ਸੁਖਜਿੰਦਰ ਸਿੰਘ ਔਜਲਾ (ਸੁਖ ਔਜਲਾ) ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਜ਼ਿਕਰਯੋਗ ਹੈ ਕਿ ਸੁਖਵਿੰਦਰ ਸਿੰਘ ਸੁਖ ਨਿੱਝਰ ਕੁਝ ਦੇਰ ਪਹਿਲਾਂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।
ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਪਣੇ ਵਰਕਰਾਂ ਅਤੇ ਸਮਰਥਕਾਂ ਨੂੰ ਪੂਰਾ ਮਾਣ-ਸਤਿਕਾਰ ਦਿੰਦੀ ਆਈ ਹੈ। ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹਨ, ਜੋ ਜ਼ਮੀਨੀ ਪੱਧਰ 'ਤੇ ਲੋਕਾਂ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਠਾਉਂਦੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਂਦੇ ਹਨ।
ਉਨ੍ਹਾਂ ਕਿਹਾ ਕਿ ਸੁਖ ਨਿੱਝਰ ਅਤੇ ਉਨ੍ਹਾਂ ਦੇ ਸਾਥੀਆਂ ਦੀ ਕਾਂਗਰਸ ਵਿੱਚ ਵਾਪਸੀ ਨਾਲ ਅਜਨਾਲਾ ਹਲਕੇ ਵਿੱਚ ਪਾਰਟੀ ਨੂੰ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ। ਕਾਂਗਰਸ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਉੱਥੇ ਹੀ ਸੁਖ ਔਜਲਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਸਾਰੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਹੋਵੇਗਾ। ਸੁਖ ਨਿੱਝਰ ਦੀ ਆਪਣੇ ਸਮਰਥਕਾਂ ਸਮੇਤ ਘਰ ਵਾਪਸੀ ਅਜਨਾਲਾ ਵਿੱਚ ਕਾਂਗਰਸ ਦੇ ਸੰਗਠਨਾਤਮਕ ਵਿਸਥਾਰ ਅਤੇ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਆਪਣੇ ਮਿਹਨਤੀ ਵਰਕਰਾਂ ਦੇ ਸਹਿਯੋਗ ਨਾਲ ਇਕਜੁੱਟ ਹੋ ਕੇ ਸਰਕਾਰ ਬਣਾਏਗੀ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਏਗੀ।
- Download Babushahi App
-
-