ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Ashok Verma
ਲਹਿਰਾ ਮੁਹੱਬਤ, 21 ਅਕਤੂਬਰ 2026 : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਨੈਸ਼ਨਲ ਹਾਈਵੇ 07 ਦੇ ਸਰਵਿਸ ਰੋਡ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਪ੍ਰਧਾਨ ਜਗਰੂਪ ਸਿੰਘ,ਜਰਨਲ ਸਕੱਤਰ ਜਗਸੀਰ ਭੰਗੂ,ਮੀਤ ਪ੍ਰਧਾਨ ਬਲਜਿੰਦਰ ਮਾਨ,ਹਰਦੀਪ ਤੱਗੜ ਅਤੇ ਵਿੱਤ ਸਕੱਤਰ ਲਛਮਣ ਰਾਮਪੁਰਾ ਨੇ ਕਿਹਾ ਕਿ ਥਰਮਲ ਪਲਾਂਟ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਕੀਤੇ ਜਾ ਰਹੇ ਸੰਘਰਸ਼ ਦੇ ਦਬਾਅ ਸਦਕਾ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਥਰਮਲ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਤਹਿਤ ਵਿਭਾਗ ਦੀ ਮੈਨੇਜ਼ਮੈਂਟ ਵੱਲੋਂ ਥਰਮਲ ਪਲਾਂਟ ਦੇ ਸਿਵਲ ਸਰਕਲ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਆਫਰ ਲੈਟਰ ਦੇਣ ਦੇ ਬਾਵਜੂਦ ਨਿਯੁਕਤੀ ਪੱਤਰ ਦੇਣ ਤੇ ਰੋਕ ਲਗਾ ਦਿੱਤੀ ਹੈ। ਜਿਸਦੇ ਰੋਸ ਵਜੋਂ ਅੱਜ ਪਲਾਂਟ ਦੇ ਮੁੱਖ ਗੇਟ ਤੇ ਰੋਸ ਰੈਲੀ ਕਰਨ ਉਪਰੰਤ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ। ਆਗੂਆਂ ਨੇ ਮੰਗ ਕੀਤੀ ਕਿ ਸਿਵਲ ਸਰਕਲ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਨਿਯੁਕਤੀ ਪੱਤਰ ਸੌਂਪੇ ਜਾਣ,ਆਗੂਆਂ ਨੇ ਅਗਲੇ ਸੰਘਰਸ਼ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਲਕੇ "ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ" ਦੇ ਬੈਨਰ ਹੇਠ ਦਿੜ੍ਹਬਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਥਰਮਲ ਦੇ ਠੇਕਾ ਮੁਲਾਜ਼ਮ ਭਰਵੀਂ ਸ਼ਮੂਲੀਅਤ ਕਰਨਗੇ।
- Download Babushahi App
-
-