ਸਿਵਲ ਹਸਪਤਾਲ ਦੀਆਂ ਦੋ ਇਮਾਰਤਾਂ ਨੂੰ ਜਿੰਦਰੇ ਲੱਗਣ 'ਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਘੇਰੀ ਸਰਕਾਰ
ਅਸ਼ੋਕ ਵਰਮਾ
ਬਠਿੰਡਾ, 22 ਨਵੰਬਰ 2026- ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ ਦੇ ਅਹਾਤੇ ਵਿੱਚ ਕਰੀਬ 23 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ ਮਦਰ ਐਂਡ ਚਾਈਲਡ ਹੈਲਥ (ਐੱਮ.ਸੀ.ਐੱਚ.) ਵਿੰਗ ਅਤੇ ਕ੍ਰਿਟੀਕਲ ਕੇਅਰ ਯੂਨਿਟ (ਸੀ.ਸੀ.ਯੂ.) ਦੇ ਸ਼ੁਰੂ ਨਾ ਹੋ ਸਕਣ ਦਾ ਮਾਮਲਾ ਹੁਣ ਸਿਆਸੀ ਤੂਲ ਫੜਦਾ ਜਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਇਸ ਨੂੰ ਸਰਕਾਰੀ ਫੰਡਾਂ ਦੀ ਬਰਬਾਦੀ ਅਤੇ ਪ੍ਰਸ਼ਾਸਨਿਕ ਲਾਪਰਵਾਹੀ ਦਾ ਨਤੀਜਾ ਕਰਾਰ ਦਿੱਤਾ ਹੈ।
ਮੀਡੀਆ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦਿੰਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸੂਬੇ ਵਿੱਚ ਸਿਹਤ ਸਹੂਲਤਾਂ ਵਿੱਚ ਸੁਧਾਰ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਦੀ ਜ਼ਮੀਨੀ ਹਕੀਕਤ ਬਠਿੰਡਾ ਸਿਵਲ ਹਸਪਤਾਲ ਵਿੱਚ ਸਾਫ਼ ਦਿਖਾਈ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਗੰਭੀਰ ਰੂਪ ਵਿੱਚ ਝੁਲਸੇ ਅਤੇ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਮਰੀਜ਼ਾਂ ਨੂੰ ਇਲਾਜ ਲਈ ਦੂਜੇ ਹਸਪਤਾਲਾਂ ਵਿੱਚ ਰੈਫਰ ਕਰਨਾ ਪੈਂਦਾ ਹੈ, ਜਦਕਿ ਦੂਜੇ ਪਾਸੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀਆਂ ਇਮਾਰਤਾਂ ਸਿਰਫ਼ ਵਿਭਾਗੀ ਤਾਲਮੇਲ ਦੀ ਘਾਟ ਕਾਰਨ ਬੰਦ ਪਈਆਂ ਹਨ।ਸਿੰਗਲਾ ਨੇ ਦੋਸ਼ ਲਾਇਆ ਕਿ ਸਰਕਾਰ ਨਾ ਤਾਂ ਸਮੇਂ ਸਿਰ ਸਟਾਫ਼ ਦੀ ਭਰਤੀ ਕਰ ਸਕੀ ਹੈ ਅਤੇ ਨਾ ਹੀ ਲੋੜੀਂਦੇ ਮੈਡੀਕਲ ਉਪਕਰਨਾਂ ਅਤੇ ਬਿਜਲੀ ਕੁਨੈਕਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਸਬੰਧੀ ਰਸਮੀ ਕਾਰਵਾਈਆਂ ਪੂਰੀਆਂ ਕਰਵਾ ਸਕੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਜਲਦ ਹੀ ਇਨ੍ਹਾਂ ਦੋਵਾਂ ਯੂਨਿਟਾਂ ਨੂੰ ਚਾਲੂ ਕਰਕੇ ਲੋਕਾਂ ਨੂੰ ਸਮਰਪਿਤ ਨਾ ਕੀਤਾ ਤਾਂ ਭਾਜਪਾ ਇਸ ਦੇ ਵਿਰੋਧ ਵਿੱਚ ਸੜਕਾਂ ’ਤੇ ਉਤਰ ਕੇ ਪ੍ਰਦਰਸ਼ਨ ਕਰੇਗੀ।
ਸਰੂਪ ਸਿੰਗਲਾ ਨੇ ਦੱਸਿਆ ਕਿ ਹਸਪਤਾਲ ਵਿੱਚ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਦੋ ਅਹਿਮ ਪ੍ਰੋਜੈਕਟ ਤਿਆਰ ਕੀਤੇ ਗਏ ਸਨ, ਪਰ ਵੱਖ-ਵੱਖ ਕਾਰਨਾਂ ਕਰਕੇ ਇਹ ਅਜੇ ਤੱਕ ਸ਼ੁਰੂ ਨਹੀਂ ਹੋ ਸਕੇ।ਸਿੰਗਲਾ ਨੇ ਕਿਹਾ ਕਿ ਇਹ ਸਾਰੀ ਸਥਿਤੀ ਸਰਕਾਰ ਦੀ ਨਾਕਾਮ ਕਾਰਗੁਜ਼ਾਰੀ ਨੂੰ ਦਰਸਾਉਂਦੀ ਹੈ। ਪੰਜਾਬ ਵਿੱਚ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਇਸ਼ਤਿਹਾਰਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ, ਜਦਕਿ ਜ਼ਮੀਨੀ ਪੱਧਰ ’ਤੇ ਲੋਕਾਂ ਦੇ ਟੈਕਸਾਂ ਰਾਹੀਂ ਇਕੱਠੇ ਕੀਤੇ ਫੰਡਾਂ ਦੀ ਸਹੀ ਵਰਤੋਂ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰੇ, ਲੋਕਾਂ ਦੇ ਟੈਕਸਾਂ ਨਾਲ ਤਿਆਰ ਕੀਤੇ ਗਏ ਦੋਵਾਂ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ ਚਾਲੂ ਕੀਤਾ ਜਾਵੇ ਅਤੇ ਇਨ੍ਹਾਂ ਨੂੰ ਸ਼ੁਰੂ ਕਰਨ ਵਿੱਚ ਹੋ ਰਹੀ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
- Download Babushahi App
-
-