ਸਿਹਤ ਵਿਭਾਗ ਬਠਿੰਡਾ ਨੇ ਪਲਸ ਪੋਲੀਓ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ
ਅਸ਼ੋਕ ਵਰਮਾ
ਬਠਿੰਡਾ, 25 ਜੂਨ 2026 :ਸਿਹਤ ਵਿਭਾਗ ਬਠਿੰਡਾ ਦੇ ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਪਲਸ ਪੋਲੀਓ ਰਾਊਂਡ ਮਿਤੀ 28 ਤੋਂ 30 ਜੂਨ ਤੱਕ ਸਫਲਤਾਪੂਰਵਕ ਮਨਾਉਣ ਦੇ ਮੱਦੇਨਜ਼ਰ ਸਿਹਤ ਵਿਭਾਗ ਬਠਿੰਡਾ ਵੱਲੋਂ ਅੱਜ ਜਾਗਰੂਕਤਾ ਰੈਲੀ ਕੱਢੀ ਗਈ । ਰੈਲੀ ਦਾ ਉਦੇਸ਼ ਮਾਪਿਆਂ ਅਤੇ ਆਮ ਲੋਕਾਂ ਨੂੰ ਪੰਜ ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਪ੍ਰੇਰਿਤ ਕਰਨਾ ਸੀ। ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਪੋਲੀਓ ਇੱਕ ਗੰਭੀਰ ਬਿਮਾਰੀ ਹੈ, ਜੋ ਬੱਚਿਆਂ ਨੂੰ ਜੀਵਨ ਭਰ ਲਈ ਅਪਾਹਜ ਬਣਾ ਸਕਦੀ ਹੈ। ਪੋਲੀਓ ਤੋਂ ਬਚਾਅ ਲਈ ਪਲਸ ਪੋਲੀਓ ਦੀਆਂ ਦੋ ਬੂੰਦਾਂ ਬਹੁਤ ਜ਼ਰੂਰੀ ਹਨ। ਇਸ ਲਈ ਮਾਪੇ ਆਪਣੇ ਪੰਜ ਸਾਲ ਤੱਕ ਦੇ ਹਰ ਬੱਚੇ ਨੂੰ ਨੇੜਲੇ ਪੋਲੀਓ ਬੂਥ ’ਤੇ ਜ਼ਰੂਰ ਲੈ ਕੇ ਜਾਣ ਅਤੇ ਪੋਲੀਓ ਰੋਕੂ ਦਵਾਈ ਪਿਲਾਉਣ।
ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਬੱਚਿਆਂ ਨੂੰ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਮਿਤੀ 28 ਤੋਂ 30 ਜੂਨ ਤੱਕ ਚੱਲਣ ਵਾਲੇ ਪਲਸ ਪੋਲੀਓ ਰਾਊਂਡ ਦੌਰਾਨ ਪੰਜ ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਦਵਾਈ ਦੀਆਂ ਦੋ ਬੂੰਦਾਂ ਜ਼ਰੂਰ ਪਿਲਾਈਆਂ ਜਾਣ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਭਾਵੇਂ ਬੱਚੇ ਨੂੰ ਪਹਿਲਾਂ ਵੀ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹੋਣ, ਫਿਰ ਵੀ ਇਸ ਰਾਊਂਡ ਦੌਰਾਨ ਦਵਾਈ ਜ਼ਰੂਰ ਪਿਲਾਈ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੂਥਾਂ ਦੇ ਨਾਲ-ਨਾਲ ਘਰ-ਘਰ ਜਾ ਕੇ ਵੀ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਈ ਜਾਵੇਗੀ ਤਾਂ ਜੋ ਕੋਈ ਵੀ ਬੱਚਾ ਇਸ ਤੋਂ ਵਾਂਝਾ ਨਾ ਰਹੇ।
ਜਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਰੈਲੀ ਦੌਰਾਨ ਭਾਗੀਦਾਰਾਂ ਨੇ “ਦੋ ਬੂੰਦ ਜ਼ਿੰਦਗੀ ਦੀਆਂ”, “ਹਰ ਬੱਚੇ ਨੂੰ ਪੋਲੀਓ ਦੀ ਦਵਾਈ ਪਿਲਾਓ” ਅਤੇ “ਪੋਲੀਓ ਮੁਕਤ ਭਾਰਤ ਬਣਾਓ” ਵਰਗੇ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ। ਰੈਲੀ ਨੇ ਵੱਖ-ਵੱਖ ਬਾਜ਼ਾਰਾਂ ਅਤੇ ਮੁੱਖ ਸੜਕਾਂ ਤੋਂ ਹੁੰਦੀ ਹੋਈ ਲੋਕਾਂ ਨੂੰ ਪਲਸ ਪੋਲੀਓ ਮੁਹਿੰਮ ਵਿੱਚ ਸਹਿਯੋਗ ਦੇਣ ਦਾ ਸੰਦੇਸ਼ ਦਿੱਤਾ। ਉਹਨਾ ਦੱਸਿਆ ਕਿ ਪਲਸ ਪੋਲੀਓ ਰਾਊਂਡ ਦੌਰਾਨ ਬੂਥਾਂ ’ਤੇ ਪੋਲੀਓ ਦੀ ਦਵਾਈ ਪਿਲਾਉਣ ਤੋਂ ਬਾਅਦ ਜਿਹੜੇ ਬੱਚੇ ਰਹਿ ਜਾਣਗੇ, ਉਨ੍ਹਾਂ ਨੂੰ ਘਰ-ਘਰ ਜਾ ਕੇ ਟੀਮਾਂ ਵੱਲੋਂ ਦਵਾਈ ਪਿਲਾਈ ਜਾਵੇਗੀ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਬੱਚਾ ਪੋਲੀਓ ਰੋਕੂ ਦਵਾਈ ਤੋਂ ਵਾਂਝਾ ਨਾ ਰਹੇ। ਇਸ ਮੌਕੇ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ,ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ, ਡਾ ਮੋਨਿਕਾ,ਡਿਪਟੀ ਮਾਸ ਮੀਡੀਆ ਅਫ਼ਸਰ ਗਗਨਦੀਪ ਸਿੰਘ ਭੁੱਲਰ, ਜਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ, ਜੀ.ਐਨ.ਐਮ ਸਕੂਲ ਅਧਿਆਪਕਾ ਗੁਰਪ੍ਰੀਤ ਕੌਰ ਅਤੇ ਕਿਰਨਦੀਪ ਕੌਰ ਹਾਜ਼ਰ ਸਨ ।
- Download Babushahi App
-
-