ਸਿਹਤ ਵਿਭਾਗ ਵੱਲੋਂ ਪਰਿਵਾਰ ਨਿਯੋਜਨ ਸਬੰਧੀ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਨੂੰ ਸਿਖਲਾਈ
ਅਸ਼ੋਕ ਵਰਮਾ
ਬਠਿੰਡਾ, 7 ਜੁਲਾਈ 2025 : ਡਾ ਸੁਖਜਿੰਦਰ ਸਿੰਘ ਗਿੱਲ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਪ੍ਰਧਾਨਗੀ ਵਿੱਚ ਵਿਸ਼ਵ ਅਬਾਦੀ ਪੰਦਰਵਾੜੇ ਮਨਾਇਆ ਜਾ ਰਿਹਾ ਹੈ । ਇਸ ਸਬੰਧੀ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਦੀ ਟ੍ਰੇਨਿੰਗ ਕਰਵਾਈ ਗਈ । ਇਸ ਮੌਰੇ ਡਿਪਟੀ ਮਾਸ ਮੀਡੀਆ ਅਫ਼ਸਰ ਮਲਕੀਤ ਕੌਰ ਏ.ਐਨ.ਐਮ ਮੌਜੂਦ ਸਨ । ਟ੍ਰੇਨਿੰਗ ਦੌਰਾਨ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਹਰੇਕ ਏ.ਐਨ.ਐਮ ਆਪਣੇ ਆਸ਼ਾ ਵਰਕਰਾਂ ਨਾਲ ਮਿਲ ਕੇ ਪਹਿਲੇ ਪੰਦਰਵਾੜੇ ਦੌਰਾਨ ਆਪਣੇ-ਆਪਣੇ ਏਰੀਏ ਦੇ ਯੋਗ ਪਰਿਵਾਰਾਂ ਨੂੰ ਫੈਮਲੀ ਪਲੈਨਿੰਗ ਦੇ ਪੱਕੇ ਸਾਧਨਾਂ ਜਿਵੇਂ ਨਲਬੰਦੀ ਅਤੇ ਨਸਬੰਦੀ ਕਰਾਉਣ ਲਈ ਪ੍ਰੇਰਿਤ ਕਰਨਗੀਆਂ ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ 27 ਜੂਨ ਤੋਂ 10 ਜੁਲਾਈ ਤੱਕ ਦੰਪਤੀ ਸੰਪਰਕ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਯੋਗ ਜੋੜਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਸਾਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਦੂਸਰੇ ਪੰਦਰਵਾੜੇ 11 ਜੁਲਾਈ ਤੋਂ 24 ਜੁਲਾਈ ਤੱਕ ਅਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾਵੇਗਾ ਜਿਸ ਤਹਿਤ ਪਰਿਵਾਰ ਨਿਯੋਜਨ ਦੇ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਸਾਧਨਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਪੰਦਰਵਾੜੇ ਦੌਰਾਨ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਨਾਲ ਸਬੰਧਤ ਤਰੀਕੇ ਜਿਵੇਂ ਅੰਤਰਾ, ਛਾਇਆ, ਪੀ.ਪੀ.ਆਈ .ਯੂ.ਸੀ.ਡੀ ਅਤੇ ਨਲਬੰਦੀ/ਨਸਬੰਦੀ ਆਦਿ ਤਰੀਕੇ ਵੀ ਉਪਲਬਧ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਫੈਮਿਲੀ ਪਲੈਨਿੰਗ ਰਾਹੀਂ ਵੱਧਦੀ ਹੋਈ ਆਬਾਦੀ ਨੂੰ ਸਥਿਰ ਰੱਖਿਆ ਜਾ ਸਕਦਾ ਹੈ।