ਸੀਵਰੇਜ ਕੰਮ ਦੀ ਹੌਲੀ ਰਫ਼ਤਾਰ ਨੇ ਵਧਾਈਆਂ ਲੋਕਾਂ ਦੀਆਂ ਮੁਸ਼ਕਲਾਂ, ਮਾਡਲ ਟਾਊਨ ਐਕਸਟੈਂਸ਼ਨ ਦੇ ਵਸਨੀਕਾਂ 'ਚ ਰੋਸ
-ਢਾਈ ਮਹੀਨਿਆਂ ਤੋਂ ਪੁੱਟੀਆਂ ਸੜਕਾਂ ਬਣੀਆਂ ਮੁਸੀਬਤ, ਬਾਰਿਸ਼ ਮਗਰੋਂ ਚਿੱਕੜ ਤੇ ਗੰਦਗੀ ਕਾਰਨ ਜਨਜੀਵਨ ਪ੍ਰਭਾਵਿਤ
ਸੁਖਮਿੰਦਰ ਭੰਗੂ
ਲੁਧਿਆਣਾ, 13 ਜੂਨ 2026- ਲੁਧਿਆਣਾ ਮਿਊਨਿਸਿਪਲ ਕਾਰਪੋਰੇਸ਼ਨ ਦੀ ਕਥਿਤ ਲਾਪਰਵਾਹੀ ਕਾਰਨ ਮਾਡਲ ਟਾਊਨ ਐਕਸਟੈਂਸ਼ਨ ਦੇ ਨਿਊ ਕ੍ਰਿਸ਼ਨਾ ਮੰਦਿਰ ਸਾਹਮਣੇ ਸਥਿਤ ਬਲਾਕ ਦੇ ਵਸਨੀਕ ਪਿਛਲੇ ਢਾਈ ਤੋਂ ਤਿੰਨ ਮਹੀਨਿਆਂ ਤੋਂ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਇਲਾਕੇ ਵਿੱਚ ਸੀਵਰੇਜ ਪਾਈਪਾਂ ਬਦਲਣ ਦੇ ਕੰਮ ਲਈ ਸੜਕਾਂ ਨੂੰ ਪੁੱਟਿਆ ਗਿਆ ਸੀ, ਪਰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਕੰਮ ਅਜੇ ਤੱਕ ਮੁਕੰਮਲ ਨਹੀਂ ਹੋ ਸਕਿਆ, ਜਿਸ ਕਾਰਨ ਸਥਾਨਕ ਲੋਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ।
ਪਿਛਲੇ ਦੋ ਦਿਨਾਂ ਦੌਰਾਨ ਹੋਈ ਬਾਰਿਸ਼ ਨੇ ਇਲਾਕੇ ਦੀ ਸਥਿਤੀ ਨੂੰ ਹੋਰ ਵੀ ਬਦਤਰ ਬਣਾ ਦਿੱਤਾ ਹੈ। ਪੁੱਟੀਆਂ ਹੋਈਆਂ ਸੜਕਾਂ ਚਿੱਕੜ ਅਤੇ ਪਾਣੀ ਨਾਲ ਭਰ ਗਈਆਂ ਹਨ, ਜਿਸ ਕਾਰਨ ਵਾਹਨਾਂ ਦੀ ਆਵਾਜਾਈ ਲਗਭਗ ਠੱਪ ਹੋ ਗਈ ਹੈ। ਕਈ ਦੋਪਹੀਆ ਅਤੇ ਚਾਰ ਪਹੀਆ ਵਾਹਨ ਚਿੱਕੜ ਵਿੱਚ ਫਸ ਰਹੇ ਹਨ, ਜਦਕਿ ਬਜ਼ੁਰਗਾਂ, ਬੱਚਿਆਂ ਅਤੇ ਮਹਿਲਾਵਾਂ ਲਈ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ।
ਸਥਾਨਕ ਨਿਵਾਸੀ ਹਰੀਸ਼ ਕੁਮਾਰ ਰਾਜਪਾਲ ਤੇ ਹਿਮਾਂਸ਼ੂ ਸੂਦ ਦਾ ਦੋਸ਼ ਹੈ ਕਿ ਕੰਮ ਬੇਹੱਦ ਸੁਸਤ ਰਫ਼ਤਾਰ ਨਾਲ ਚੱਲ ਰਿਹਾ ਹੈ ਅਤੇ ਕਾਰਪੋਰੇਸ਼ਨ ਵੱਲੋਂ ਇਸ ਮਾਮਲੇ ਵਿੱਚ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਉਨ੍ਹਾਂ ਦਾ ਕਹਿਣਾ ਹੈ ਕਿ ਧੂੜ, ਮਿੱਟੀ ਅਤੇ ਗੰਦਗੀ ਘਰਾਂ ਦੇ ਅੰਦਰ ਤੱਕ ਪਹੁੰਚ ਰਹੀ ਹੈ, ਜਿਸ ਨਾਲ ਸਾਹ ਸਬੰਧੀ ਅਤੇ ਹੋਰ ਬਿਮਾਰੀਆਂ ਦਾ ਖ਼ਤਰਾ ਵੀ ਵੱਧ ਗਿਆ ਹੈ। ਲੋਕਾਂ ਦਾ ਮੰਨਣਾ ਹੈ ਕਿ ਇਸ ਪੂਰੇ ਪ੍ਰੋਜੈਕਟ ਦੀ ਨਿਗਰਾਨੀ ਵਿੱਚ ਵੱਡੀ ਕਮੀ ਰਹੀ ਹੈ, ਜਿਸ ਕਾਰਨ ਆਮ ਨਾਗਰਿਕਾਂ ਨੂੰ ਬੇਵਜ੍ਹਾ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ।
ਮਾਨਸੂਨ ਦੀ ਆਮਦ ਤੋਂ ਪਹਿਲਾਂ ਹੀ ਇਲਾਕੇ ਦੀ ਇਹ ਹਾਲਤ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਜਲਦੀ ਹੀ ਸੜਕਾਂ ਦੀ ਮੁਰੰਮਤ ਅਤੇ ਬਾਕੀ ਕੰਮ ਪੂਰਾ ਨਾ ਕੀਤਾ ਗਿਆ ਤਾਂ ਕਿਸੇ ਵੀ ਸਮੇਂ ਕੋਈ ਗੰਭੀਰ ਹਾਦਸਾ ਵਾਪਰ ਸਕਦਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਜਿਵੇਂ ਸੰਬੰਧਿਤ ਵਿਭਾਗ ਅਤੇ ਠੇਕੇਦਾਰ ਕਿਸੇ ਅਣਚਾਹੀ ਘਟਨਾ ਦੀ ਉਡੀਕ ਕਰ ਰਹੇ ਹੋਣ।
ਸਮਾਜ ਸੇਵੀ ਅਰਵਿੰਦ ਸ਼ਰਮਾ ਨੇ ਇਸ ਮਾਮਲੇ ਨੂੰ ਲੋਕਾਂ ਦੇ ਮੂਲ ਅਧਿਕਾਰਾਂ ਨਾਲ ਜੁੜਿਆ ਹੋਇਆ ਦੱਸਦਿਆਂ ਕਿਹਾ ਕਿ ਸਾਫ਼-ਸੁਥਰਾ ਅਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਤੁਰੰਤ ਪ੍ਰਭਾਵ ਨਾਲ ਕੰਮ ਪੂਰਾ ਕਰਕੇ ਸੜਕਾਂ ਨੂੰ ਆਵਾਜਾਈ ਯੋਗ ਨਾ ਬਣਾਇਆ ਗਿਆ ਤਾਂ ਸਥਾਨਕ ਵਸਨੀਕ ਮਾਨਵ ਅਧਿਕਾਰ ਕਮਿਸ਼ਨ ਦਾ ਦਰਵਾਜ਼ਾ ਖੜਕਾਉਣ ਲਈ ਮਜਬੂਰ ਹੋਣਗੇ।
ਉਨ੍ਹਾਂ ਮਿਊਨਿਸਿਪਲ ਕਾਰਪੋਰੇਸ਼ਨ ਕਮਿਸ਼ਨਰ ਅਤੇ ਹੋਰ ਸੰਬੰਧਿਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੈਂਡਿੰਗ ਕੰਮ ਨੂੰ ਜੰਗੀ ਪੱਧਰ 'ਤੇ ਪੂਰਾ ਕੀਤਾ ਜਾਵੇ ਅਤੇ ਖਸਤਾ ਹਾਲ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ, ਤਾਂ ਜੋ ਕਿਸੇ ਵੀ ਸੰਭਾਵਿਤ ਹਾਦਸੇ, ਜਾਨੀ ਨੁਕਸਾਨ ਅਤੇ ਸਿਹਤ ਸੰਬੰਧੀ ਖਤਰਿਆਂ ਤੋਂ ਬਚਿਆ ਜਾ ਸਕੇ। ਇਸ ਬਾਰੇ ਜਦੋਂ ਨਗਰ ਨਿਗਮ ਦੇ ਬੀ ਐਂਡ ਆਰ ਦੇ ਸੁਪਰੀਟੈਂਡੈਂਟ ਇੰਜੀਨੀਅਰ ਸ਼ਾਮ ਲਾਲ ਜੀ ਨਾਲ ਗੱਲ ਕਰਨੀ ਚਾਹੀ ਤਾਂ ਉਹ ਮਸਰੂਫ ਹੋਣ ਕਰਕੇ ਫੋਨ ਨਹੀਂ ਚੱਕ ਸਕੇ । ਇਸ ਤੋਂ ਲੱਗਦਾ ਹੈ ਕਿ ਨਗਰ ਨਿਗਮ ਕਿੰਨਾ ਕੁ ਜਿੰਮੇਵਾਰ ਹੈ ਆਪਨੀ ਜਿੰਮੇਵਾਰੀ ਪ੍ਰਤੀ।
- Download Babushahi App
-
-