ਸੁਖਬੀਰ ਬਾਦਲ ਨੂੰ ਧਰਮ ਦੀ ਆੜ ’ਚ ਨਿਸ਼ਾਨਾ ਬਣਾ ਕੇ ਝੂਠੇ ਕੇਸ 'ਚ ਫਸਾਉਣ ਲਈ ਆਪ ਸਰਕਾਰ ਯਤਨਸ਼ੀਲ: ਅਕਾਲੀ ਦਲ
ਜ਼ੋਰ ਦੇ ਕੇ ਕਿਹਾ ਕਿ ਆਪ ਸਰਦਾਰ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਵਿਚ ਹੀ ਖ਼ਤਮ ਕਰਨ ਲਈ ਯਤਨਸ਼ੀਲ, ਮੰਗ ਕੀਤੀ ਕਿ ਅਕਾਲੀ ਆਗੂ ਨੂੰ ਵੱਖਰੀ ਜੇਲ੍ਹ ਵਿਚ ਤਬਦੀਲ ਕੀਤਾ ਜਾਵੇ
ਪਾਰਟੀ ਨੇ ਰਾਜਪਾਲ ਕੋਲੋਂ ਮਿਲਣ ਦਾ ਸਮਾਂ ਮੰਗਿਆ ਤਾਂ ਜੋ ਉਹਨਾਂ ਨੂੰ ਆਪ ਵੱਲੋਂ ਅਕਾਲੀ ਲੀਡਰਸ਼ਿਪ ਖਿਲਾਫ ਸਾਜ਼ਿਸ਼ ਤੋਂ ਜਾਣੂ ਕਰਵਾਇਆ ਜਾ ਸਕੇ
ਚੰਡੀਗੜ੍ਹ, 10 ਜਨਵਰੀ: ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨਾ ਬਣਾਉਣ ਵਾਸਤੇ ਧਰਮ ਦੀ ਆੜ ਦੀ ਵਰਤੋਂ ਕਰ ਰਹੀ ਹੈ ਅਤੇ ਇਯ ਵਾਸਤੇ ਉਹਨਾਂ ਖਿਲਾਫ ਝੂਠੇ ਬਦਲਾਖੋਰੀ ਦੇ ਕੇਸ ਵਿਚ ਜਾਂਚ ਆਰੰਭੀ ਗਈ ਹੈ।
ਸਰਦਾਰ ਬਲਵਿੰਰਦ ਸਿੰਘ ਭੂੰਦੜ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਸਿਆਸੀ ਤੌਰ ’ਤੇ ਫੇਲ੍ਹ ਕਰਨ ਦੇ ਮਨਸੂਬਿਆਂ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਵਾਇਆ ਗਿਆ ਜੋ ਰਾਜ ਸਰਕਾਰ ਵੱਲੋਂ ਸਪਾਂਸਰ ਨਿਕਲਿਆ ਪਰ ਕਿਸੇ ਤਰੀਕੇ ਸਰਦਾਰ ਬਾਦਲ ਬਚ ਗਏ ਤਾਂ ਹੁਣ ਲੁਧਿਆਣਾ ਅਤੇ ਬਠਿੰਡਾ ਵਿਚ ਅਕਾਲੀ ਦਲ ਦੇ ਪ੍ਰਧਾਨ ਨਾਲ ਜੁੜੇ ਆਮਦਨ ਕਰ ਦੇ ਵਕੀਲਾਂ ਦੇ ਬਹਾਨੇ ਉਹਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।
ਸਰਦਾਰ ਗਰੇਵਾਲ ਤੇ ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਭ ਕੁਝ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਕਾਲੀ ਦਲ ਦੀ ਲੀਡਰਸ਼ਿਪ ਖਿਲਾਫ ਨਿੱਜੀ ਕਿੱੜ ਵਜੋਂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਕਦੇ ਵੀ ਇਸ ਤਰੀਕੇ ਡਰਾਇਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੋ ਗਿਆ ਹੈ ਕਿ ਆਪ ਸਰਕਾਰ ਤੇ ਇਸਦੀਆਂ ਪੰਜਾਬੀ ਵਿਰੋਧੀ ਨੀਤੀਆਂ ਬੇਨਕਾਬਰ ਹੋ ਗਈਆਂ ਹਨ ਤੇ ਇਹ ਜ਼ੋਰਦਾਰ ਢੰਗ ਨਾਲ ਬੇਨਕਾਬ ਕੀਤੀਆਂ ਜਾਣਗੀਆਂ।
ਇਹਨਾਂ ਆਗੂਆਂ ਨੇ ਨੇ ਸ਼੍ਰੋਮਣੀ ਕਮੇਟੀ ਵੱਲੋਂ 328 ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਰੱਖੇ ਚਾਰਟਡ ਅਕਾਊਂਟੈਂਟ ਨੂੰ ਗ੍ਰਿਫਤਾਰ ਕਰਨ ਦੀ ਵੀ ਨਿਖੇਧੀ ਕੀਤੀ ਜਿਸਦਾ ਮਕਸਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਨਿਸ਼ਾਨਾ ਬਣਾਉਣਾ ਹੈ ਭਾਵੇਂ ਕਿ ਮੁੱਖ ਮੁਲਜ਼ਮ ਉਹ ਜਸਪ੍ਰੀਤ ਸਿੰਘ ਨਾਂ ਤਾਂ ਸ਼੍ਰੋਮਣੀ ਕਮੇਟੀ ਮੁਲਾਜ਼ਮ ਹੈ ਜੋ ਇਸ ਵੇਲੇ ਅੰਮ੍ਰਿਤਸਰ ਯੋਜਨਾ ਬੋਰਡ ਦਾ ਚੇਅਰਮੈਨ ਤੇ ਆਮ ਆਦਮੀ ਪਾਰਟੀ ਦਾ ਜ਼ਿਲ੍ਹਾ ਅੰਮ੍ਰਿਤਸਰ ਦਾ ਪ੍ਰਧਾਨ ਹੈ।
ਅਕਾਲੀ ਆਗੂਆਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨਿੱਜੀ ਕਿੱੜਾਂ ਇਸ ਕਰ ਕੇ ਵੀ ਕੱਢ ਰਿਹਾ ਹੈ ਕਿਉਂਕਿ ਉਸਨੂੰ ਸਰਦਾਰ ਬਿਕਰਮ ਸਿੰਘ ਮਜੀਠੀਆ ਤੋਂ ਹਲਫੀਆ ਬਿਆਨ ਦੇ ਕੇ ਮੁਆਫੀ ਮੰਗਣੀ ਪਈ। ਉਹਨਾਂ ਕਿਹਾ ਕਿ ਪਹਿਲਾਂ ਤਾਂ ਸਰਦਾਰ ਮਜੀਠੀਆ ਦੇ ਖਿਲਾਫ ਝੂਠੀ ਐਫ ਆਈ ਆਰ ਦਰਜ ਕੀਤੀ ਗਈ ਤੇ ਫਿਰ ਉਹਨਾਂ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਗਈ। ਉਹਨਾਂ ਕਿਹਾ ਕਿ ਹੁਣ ਜਦੋਂ ਇਹ ਸਪਸ਼ਟ ਹੋ ਗਿਆ ਹੈ ਕਿ ਕੇਂਦਰੀ ਏਜੰਸੀਆਂ ਦੀ ਰਿਪੋਰਟ ਮੁਤਾਬਕ ਸਰਦਾਰ ਮਜੀਠੀਆ ਬੱਬਰ ਖਾਲਸਾ ਇੰਟਰਨੈਸ਼ਨਲ (ਬੀ ਕੇ ਆਈ) ਦੇ ਨਿਸ਼ਾਨੇ ’ਤੇ ਹਨ ਤਾਂ ਵੀ ਹਿਰਾਸਤ ਵਿਚ ਉਹਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਸਤੇ ਕੱਖ ਵੀ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਆਪ ਸਰਕਾ ਚਾਹੁੰਦੀ ਹੈ ਕਿ ਜੇਲ੍ਹ ਵਿਚ ਹੀ ਸਰਦਾਰ ਮਜੀਠੀਆ ਦਾ ਖ਼ਾਤਮਾ ਕਰਵਾ ਦਿੱਤਾ ਜਾਵੇ।
ਸਰਦਾਰ ਮਜੀਠੀਆ ਨੂੰ ਨਾਭਾ ਜੇਲ੍ਹ ਤੋਂ ਕਿਸੇ ਹੋਰ ਜੇਲ੍ਹ ਵਿਚ ਤਬਦੀਲ ਕੀਤੇ ਜਾਣ ਦੀ ਮੰਗ ਕਰਦਿਆਂ ਇਹਨਾਂ ਆਗੂਆਂ ਨੇ ਕਿਹਾ ਕਿ ਜੇਕਰ ਉਹਨਾਂ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।
ਇਸ ਦੌਰਾਨ ਡਾ. ਚੀਮਾ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਦਾ ਇਕ ਵਫਦ ਜਲਦ ਹੀ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ ਤੇ ਉਹਨਾਂ ਨੂੰ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਦੇ ਮਾਮਲੇ ਵਿਚ ਵਾਪਰ ਰਹੇ ਘਟਨਾਕ੍ਰਮ ਤੋਂ ਜਾਣੂ ਕਰਵਾਏਗਾ।ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲੀ ਦਲ ਲੀਡਰਸ਼ਿਪ ਅਤੇ ਉਹਨਾਂ ਮੀਡੀਆ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਜੋ ਲੋਕ ਹਿੱਤਾਂ ਵਿਚ ਆਵਾਜ਼ ਬੁਲੰਦ ਕਰ ਰਹੇ ਹਨ।
ਡਾ. ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰੂ ਸਾਹਿਬਾਨ ਖਿਲਾਫ ਟਿੱਪਣੀਆਂ ਕਰ ਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲੇ ਵਿਚ ਦਿੱਲੀ ਦੀ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਮਾਰਲੇਨਾ ਖਿਲਾਫ ਕਾਰਵਾਈ ਨਾ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਸੀਂ ਆਸ ਕੀਤੀ ਸੀ ਕਿ ਆਤਿਸ਼ੀ ਦੇ ਖਿਲਾਫ ਕੇਸ ਦਰਜ ਹੋਵੇਗਾ ਤੇ ਅਸੀਂ ਮੰਗ ਕਰਦੇ ਹਾਂ ਕਿ ਉਸਨੂੰ ਪਾਰਟੀ ਵਿਚੋਂ ਕੱਢਿਆ ਜਾਵੇ। ਉਹਨਾਂਕਿਹਾ ਕਿ ਇਸਦੀ ਥਾਂ ਮੁੱਖ ਮੰਤਰੀ ਉਹਨਾਂ ਦੇ ਖਿਲਾਫ ਕਾਰਵਾਈ ਕਰ ਰਹੇ ਹਨ ਜਿਹਨਾਂ ਨੇ ਉਸਦੀ ਸੋਸ਼ਲ ਮੀਡੀਆ ’ਤੇ ਕਲਿੱਪ ਸਾਂਝੀ ਕੀਤੀ ਹੈ। ਉਹਨਾਂ ਸਵਾਲ ਕੀਤਾ ਕਿ ਕੀ ਇਹ ਆਪ ਦਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪ੍ਰਤੀ ਸਨਮਾਨ ਦਾ ਸੰਕੇਤ ਹੈ ?
ਇਸ ਮੌਕੇ ਸੀਨੀਅਰ ਆਗੂ ਸਰਦਾਰ ਹੀਰਾ ਸਿੰਘ ਗਾਬੜੀਆ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ ਅਤ ਗੁਲਜ਼ਾਰ ਸਿੰਘ ਰਣੀਕੇ, ਤੇਜਿੰਦਰ ਸਿੰਘ ਮਿੱਡੂਖੇੜਾ ਤੇ ਅਰਸ਼ਦੀਪ ਸਿੰਘ ਕਲੇਰ ਵੀ ਹਾਜ਼ਰ ਸਨ।