ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਵਾਰਾ ਕੁੱਤਿਆਂ ਲਈ ਬਣਾਈ ਜਾ ਰਹੀ ਡਾਗ ਸੈਂਚੂਰੀ- ਡੀਸੀ ਬਠਿੰਡਾ
ਅਸ਼ੋਕ ਵਰਮਾ
ਬਠਿੰਡਾ, 13 ਫ਼ਰਵਰੀ 2026 : ਅਵਾਰਾ ਕੁੱਤਿਆਂ ਦੇ ਪ੍ਰਬੰਧਨ ਲਈ ਉਸਾਰੀ ਜਾਣ ਵਾਲੀ ਡਾਗ ਸੰਕਚੂਰੀ ਸਬੰਧੀ ਥਾਂ ਦਾ ਪ੍ਰਬੰਧ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਨੇ ਅੱਜ ਮੀਟਿੰਗ ਹਾਲ ਵਿਖੇ ਇਸ ਸਬੰਧੀ ਬੁਲਾਈ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ ਇਸ ਕਮੇਟੀ ਦੇ ਮੈਂਬਰ ਹੋਣਗੇ।
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਡਾਗ ਸੰਕਚੂਰੀ ਦੀ ਉਸਾਰੀ ਇਸ ਤਰੀਕੇ ਨਾਲ ਕੀਤੀ ਜਾਵੇ, ਜਿਸ ਨਾਲ ਕੁੱਤਿਆਂ ਅਤੇ ਉਨ੍ਹਾਂ ਦੇ ਦੇਖ-ਰੇਖ ਕਰਨ ਵਾਲੇ ਸਟਾਫ਼ ਦੀਆਂ ਲੋੜਾਂ ਦਾ ਪੂਰਾ ਖਿਆਲ ਰੱਖਿਆ ਜਾਵੇ। ਉਨ੍ਹਾਂ ਨਾਲ ਹੀ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਵਾਰਾ ਕੁੱਤਿਆਂ ਦੇ ਪ੍ਰਬੰਧਨ ਅਤੇ ਭਲਾਈ ਸੰਬੰਧੀ 'ਡਾਗ ਸੰਕਚੂਰੀ ' ਬਣਾਈ ਜਾਵੇਗੀ ।
ਡਿਪਟੀ ਕਮਿਸ਼ਨਰ ਨੇ ਨਿਰਮਾਣ ਵਿਭਾਗ ਨੂੰ ਹਦਾਇਤ ਕੀਤੀ ਕਿ ਡਾਗ ਸੰਕਚੂਰੀ ਦੀ ਉਸਾਰੀ ਸਬੰਧੀ ਨਕਸ਼ਾ ਅਤੇ ਅਨੁਮਾਨਤ ਖਰਚਾ ਤਿਆਰ ਕੀਤਾ ਜਾਵੇ ਅਤੇ ਇਸ ਇਮਾਰਤ ਦਾ ਨਕਸ਼ਾ ਸਰਕਾਰ ਦੇ ਮਾਪਦੰਡਾਂ ਅਨੁਸਾਰ ਹੋਵੇ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਸ਼੍ਰੀ ਸੁਨੀਲ ਫੋਗਾਟ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀ ਬਲਕਰਨ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।