ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਵਸ
ਵਿਲੱਖਣ ਹੋਵੇਗਾ 20 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ ‘ਚ ਹੋਣ ਵਾਲਾ ਲਾਈਟ ਐਂਡ ਸਾਊਂਡ ਸ਼ੋਅ- ਹਰਜੋਤ ਸਿੰਘ ਬੈਂਸ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 07 ਨਵੰਬਰ,2025
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾਂ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਾਮ 6 ਵਜੇ ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਵਿਲੱਖਣ ਲਾਈਟ ਲੈਂਡ ਸਾਊਂਡ ਸ਼ੋਅ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਰੋਸ਼ਨੀ ਅਤੇ ਅਵਾਜ਼ ਦੇ ਸ਼ੋਅ ਵਿਚ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਲਸਾਨੀ ਸ਼ਹਾਦਤ ਨੂੰ ਆਕਰਸ਼ਕ ਅਤੇ ਭਾਵਨਾਤਮਕ ਢੰਗ ਨਾਲ ਪੇਸ਼ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਚਰਨ ਗੰਗਾ ਸਟੇਡੀਅਮ ਵਿਖੇ ਹੋਣ ਵਾਲੇ ਸ਼ੋਅ ਦੀ ਰੂਪ ਰੇਖਾ ਦਾ ਜਾਇਜਾ ਲਿਆ। ਉਨ੍ਹਾਂ ਦੱਸਿਆ ਕਿ ਲਗਭਗ 45 ਮਿੰਟ ਦਾ ਇਹ ਡਿਜੀਟਲ ਸ਼ੋਅ ਨੋਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵ ਭਾਈਚਾਰੇ ਦੇ ਸੰਦੇਸ਼ ਨੂੰ ਸੁੰਦਰਤਾ ਨਾਲ ਉਜਾਗਰ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਮਾਗਮ ਗੁਰੂ ਸਾਹਿਬ ਦੇ ਮਨੁੱਖਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਸ.ਬੈਂਸ ਨੇ ਕਿਹਾ ਕਿ ਸ਼ੋਅ ਵਿੱਚ ਦਾਖਲਾ ਮੁਫ਼ਤ ਹੋਵੇਗਾ ਅਤੇ ਹਰ ਕੋਈ ਵੀ ਵਿਅਕਤੀ ਬਿਨਾਂ ਰੋਕ ਟੋਕ ਇਸ ਸ਼ਾਨਦਾਰ ਸਮਾਗਮ ਵਿਚ ਸ਼ਾਮਿਲ ਹੋ ਸਕਦਾ ਹੈ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਇਸ ਸਮਾਗਮ ਵਿਚ ਹਿੱਸਾ ਲੈਣ।
ਉਨ੍ਹਾਂ ਨੇ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸੁਰੱਖਿਆ, ਆਵਾਜਾਈ ਪ੍ਰਬੰਧਨ, ਸਫ਼ਾਈ, ਪਾਰਕਿੰਗ ਵਿਵਸਥਾ, ਬੈਰੀਕੇਡਿੰਗ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ ਦੀ ਤਾਇਨਾਤੀ, ਫਾਇਰ ਸੇਫਟੀ, ਪ੍ਰਚਾਰ ਵਿਵਸਥਾ, ਕੰਟਰੋਲ ਰੂਮ, ਪੀਣ ਵਾਲੇ ਪਾਣੀ ਦੀ ਸਹੂਲਤ ਆਦਿ ਦਾ ਬਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਉਹ ਸਮਾਂਬੱਧ ਢੰਗ ਨਾਲ ਸਾਰੇ ਪ੍ਰਬੰਧ ਯਕੀਨੀ ਬਣਾਉਣ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਇਹ ਲਾਈਟ ਐਂਡ ਸਾਊਂਡ ਸ਼ੋਅ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ।ਜਿਕਰਯੋਗ ਹੈ ਕਿ ਸ.ਹਰਜੋਤ ਸਿੰਘ ਬੈਂਸ ਇਨ੍ਹੀ ਦਿਨੀ ਆਪਣੇ ਵਿਧਾਨ ਸਭਾ ਹਲਕੇ ਵਿੱਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦੀ ਮੋਨੀਟਰਿੰਗ ਕਰ ਰਹੇ ਹਨ। ਉਨ੍ਹਾ ਵੱਲੋਂ ਅਧਿਕਾਰੀਆਂ ਨੂੰ ਇਸ ਸਬੰਧ ਵਿਚ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ।