ਸ੍ਰੀਨਗਰ ਵਿਖੇ ਕਰਵਾਏ ਸਮਾਗਮ ਦੌਰਾਨ ਮਰਯਾਦਾ ਦੀ ਹੋਈ ਉਲੰਘਣਾ ਨੇ ਸਿੱਖ ਹਿਰਦਿਆਂ ਨੂੰ ਪਹੁੰਚਾਈ ਠੇਸ- ਐਡਵੋਕੇਟ ਧਾਮੀ
- ਕਿਹਾ; ਸਰਕਾਰ ਸ਼ਹੀਦੀ ਸ਼ਤਾਬਦੀ ਮੌਕੇ ਸਮਾਗਮਾਂ ਨੂੰ ਵਕਾਰ ਦਾ ਸਵਾਲ ਨਾ ਬਣਾਏ
ਅੰਮ੍ਰਿਤਸਰ, 26 ਜੁਲਾਈ 2025 - ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਮਰਯਾਦਾ ਦੀ ਹੋਈ ਉਲੰਘਣਾ ਨੇ ਸਿੱਖ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਧਾਰਮਿਕ ਖੇਤਰ ਅਤੇ ਮਰਯਾਦਾ ਪ੍ਰਤੀ ਪਕੜ ਨਾ ਹੋਣ ਕਾਰਨ ਅਤੇ ਜ਼ਿੱਦ ਨਾਲ ਰੱਖੇ ਸਮਾਗਮਾਂ ਕਾਰਨ ਗੁਰੂ ਸਾਹਿਬ ਦੀ ਪਵਿੱਤਰ ਸ਼ਹਾਦਤ ਦੀ ਭਾਵਨਾ ਨੂੰ ਸੱਟ ਵੱਜੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਅਵੱਗਿਆ ਹੋ ਸਕਦੀ ਹੈ, ਇਸੇ ਲਈ ਸ਼੍ਰੋਮਣੀ ਕਮੇਟੀ ਨੇ ਸਰਕਾਰ ਵੱਲੋਂ ਐਲਾਨੇ ਪ੍ਰੋਗਰਾਮ ਪ੍ਰਤੀ ਖਦਸ਼ਾ ਪ੍ਰਗਟਾਇਆ ਸੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਰਕਾਰ ਵੱਲੋਂ ਸ੍ਰੀਨਗਰ ਵਿਖੇ ਕਰਵਾਏ ਸਮਾਗਮ ਵਿਚ ਮਰਯਾਦਾ ਦੀ ਹੋਈ ਉਲੰਘਣਾ ਨੂੰ ਲੈ ਕੇ ਸੰਗਤਾਂ ਵੱਲੋਂ ਬਹੁਤ ਸਾਰੀਆਂ ਸ਼ਿਕਾਇਤਾਂ ਪੁੱਜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੀ ਪ੍ਰਬੰਧਕ ਸਪੱਸ਼ਟ ਕਰਨਗੇ ਕਿ ਗੁਰੂ ਸਾਹਿਬ ਦੇ ਉਪਦੇਸ਼ਾਂ ਵਿਰੁੱਧ ਹੋਏ ਇਸ ਸਮਾਗਮ ਦਾ ਆਉਣ ਵਾਲੀਆਂ ਪੀੜ੍ਹੀਆਂ ’ਤੇ ਕੀ ਪ੍ਰਭਾਵ ਪਵੇਗਾ?
ਉਨ੍ਹਾਂ ਪੰਜਾਬ ਦੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ਸਿੱਧਾ ਸਵਾਲ ਕਰਦਿਆਂ ਕਿਹਾ ਕਿ ਉਸ ਦਿਨ ਸਰਕਾਰ ਤੌਰ ’ਤੇ ਸਮਾਗਮਾਂ ਦਾ ਐਲਾਨ ਵੀ ਇਨ੍ਹਾਂ ਵੱਲੋਂ ਕੀਤਾ ਗਿਆ ਸੀ, ਜਿਸ ’ਤੇ ਸ਼੍ਰੋਮਣੀ ਕਮੇਟੀ ਇਤਰਾਜ਼ ਕੀਤਾ ਸੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਅਸੀਂ ਅੱਜ ਵੀ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸ਼ਹੀਦੀ ਸ਼ਤਾਬਦੀ ਮੌਕੇ ਸਮਾਗਮਾਂ ਨੂੰ ਵਕਾਰ ਦਾ ਸਵਾਲ ਨਾ ਬਣਾਓ। ਸ਼੍ਰੋਮਣੀ ਕਮੇਟੀ ਸਾਰਿਆਂ ਨੂੰ ਸਮਾਗਮਾਂ ਵਿੱਚ ਸਮੂਲੀਅਤ ਲਈ ਅਪੀਲ ਕਰਦੀ ਹੈ ਅਤੇ ਇਸ ਲਈ ਬਕਾਇਦਾ ਸੱਦੇ ਵੀ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਸ਼ਤਾਬਦੀ ਨੂੰ ਸਮਰਪਿਤ ਸਦੀਵੀ ਯਾਦਗਾਰਾਂ ਬਣਾਉਣ ਵੱਲ ਧਿਆਨ ਦੇਵੇ ਅਤੇ ਧਾਰਮਿਕ ਤੌਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮਾਂ ਵਿੱਚ ਸਹਿਯੋਗ ਕਰੇ। ਐਡਵੋਕੇਟ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੰਘੇ ਦਿਨੀਂ ਉਨ੍ਹਾਂ ’ਤੇ ਅਧੂਰੀ ਜਾਣਕਾਰੀ ਦੀ ਕੀਤੀ ਟਿੱਪਣੀ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਹੁਣ ਮੁੱਖ ਮੰਤਰੀ ਆਪਣੀ ਸਰਕਾਰ ਬਾਰੇ ਕੀ ਵਿਚਾਰ ਰੱਖਦੇ ਹਨ, ਇਹ ਵੀ ਸੰਗਤਾਂ ਨੂੰ ਦੱਸਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਤਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ ਆਦਿ ਹਾਜ਼ਰ ਸਨ।