ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਿਰ-ਮੱਥੇ, 15 ਜਨਵਰੀ ਨੂੰ ਨਿਮਾਣੇ ਸਿੱਖ ਵਜੋਂ ਪੇਸ਼ ਹੋਵਾਂਗਾ: ਭਗਵੰਤ ਮਾਨ
ਚੰਡੀਗੜ੍ਹ, 5 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਆਪਣੀ ਨਿਮਰਤਾ ਅਤੇ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਹੈ ਕਿ ਉਹ ਅਕਾਲ ਤਖ਼ਤ ਸਾਹਿਬ ਤੋਂ ਆਏ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨਗੇ। ਉਨ੍ਹਾਂ ਕਿਹਾ ਕਿ ਉਹ ਆਉਂਦੀ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਮੁੱਖ ਮੰਤਰੀ ਵਜੋਂ ਨਹੀਂ, ਸਗੋਂ ਇੱਕ ਨਿਮਾਣੇ ਸਿੱਖ ਵਜੋਂ ਨੰਗੇ ਪੈਰੀਂ ਚੱਲ ਕੇ ਹਾਜ਼ਰ ਹੋਣਗੇ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਭ ਤੋਂ ਉੱਪਰ ਹੈ। ਉਨ੍ਹਾਂ ਦੱਸਿਆ ਕਿ 15 ਜਨਵਰੀ ਨੂੰ ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU), ਅੰਮ੍ਰਿਤਸਰ ਵਿਖੇ ਇੱਕ ਅਹਿਮ ਕਾਨਫਰੰਸ ਵਿੱਚ ਹਿੱਸਾ ਲੈਣ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਦੇ ਉਸ ਪ੍ਰੋਗਰਾਮ ਵਿੱਚ ਸ਼ਾਮਲ ਨਾ ਹੋ ਸਕਣ ਲਈ ਉਹ ਪਹਿਲਾਂ ਹੀ ਮਾਫ਼ੀ ਮੰਗਦੇ ਹਨ ਕਿਉਂਕਿ ਉਨ੍ਹਾਂ ਲਈ ਗੁਰੂ ਸਾਹਿਬ ਦਾ ਦਰ ਅਤੇ ਉੱਥੋਂ ਆਇਆ ਹੁਕਮ ਸਭ ਤੋਂ ਉੱਤਮ ਹੈ।
ਭਗਵੰਤ ਮਾਨ ਨੇ ਭਾਵੁਕ ਹੁੰਦਿਆਂ ਕਿਹਾ, "ਮੇਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਉਸ ਪਾਵਨ ਤਖ਼ਤ ਤੋਂ ਆਇਆ ਹੁਕਮ ਹਮੇਸ਼ਾਂ ਸਿਰ-ਮੱਥੇ ਸੀ, ਹੈ ਅਤੇ ਹਮੇਸ਼ਾਂ ਰਹੇਗਾ।" ਉਨ੍ਹਾਂ ਦੇ ਇਸ ਬਿਆਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਧਾਰਮਿਕ ਮਰਿਆਦਾਵਾਂ ਅਤੇ ਹੁਕਮਨਾਮੇ ਦੀ ਪਾਲਣਾ ਨੂੰ ਪ੍ਰਸ਼ਾਸਨਿਕ ਰੁਝੇਵਿਆਂ ਨਾਲੋਂ ਪਹਿਲ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਨੂੰ ਕੁਝ ਪੰਥਕ ਮਾਮਲਿਆਂ ਦੇ ਸਬੰਧ ਵਿੱਚ ਤਲਬ ਕੀਤਾ ਗਿਆ ਸੀ, ਜਿਸ ਦੇ ਜਵਾਬ ਵਿੱਚ ਉਨ੍ਹਾਂ ਨੇ ਇਹ ਪ੍ਰਤੀਕਿਰਿਆ ਦਿੱਤੀ ਹੈ।