ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ
ਅੰਮ੍ਰਿਤਸਰ, 20 ਮਈ 2025-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ। ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਹਾੜੇ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਮੀਰੀ ਪੀਰੀ ਦੀਆਂ ਕਿਰਪਾਨਾਂ ਧਾਰਨ ਕਰਕੇ ਸਿੱਖਾਂ ਅੰਦਰ ਜੁਲਮ ਖਿਲਾਫ਼ ਲੜਨ ਦਾ ਜਜ਼ਬਾ ਪੈਦਾ ਕੀਤਾ।
ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁਰਤਾਗੱਦੀ ’ਤੇ ਬਿਰਾਜਮਾਨ ਹੋਣ ਸਮੇਂ ਸੰਗਤਾਂ ਨੂੰ ਜੋ ਹੁਕਮ ਕੀਤੇ ਸਨ, ਉਹ ਹੁਕਮ ਅੱਜ ਵੀ ਲਾਗੂ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਅੱਜ ਵੀ ਉਵੇਂ ਹੀ ਕਾਇਮ ਹੈ। ਜਥੇਦਾਰ ਸਾਹਿਬ ਨੇ ਸਮੁੱਚੀ ਸਿੱਖ ਕੌਮ ਨੂੰ ਇੱਕ ਨਿਸ਼ਾਨ ਸਾਹਿਬ ਹੇਠ ਇਕੱਠੇ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਹਰੇਕ ਸਿੱਖ ਆਪਣੇ ਕੋਲ ਸ਼ਸਤਰ ਰੱਖੇ, ਜੋ ਇਹ ਸਾਡੇ ਗੁਰੂ ਦਾ ਹੁਕਮ ਹੈ।
ਉਨ੍ਹਾਂ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਹੋਏ, ਤਾਂ ਉਨ੍ਹਾਂ ਨੇ 52 ਰਾਜਿਆਂ ਨੂੰ ਵੀ ਕੈਦ ’ਚੋਂ ਰਿਹਾਅ ਕਰਵਾਇਆ। ਜਥੇਦਾਰ ਗੜਗੱਜ ਨੇ ਗੁਰੂ ਸਾਹਿਬ ਦੇ ਗੁਰਿਆਈ ਪੁਰਬ ਮੌਕੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਅਤੇ ਸਮੁੱਚੀ ਕੌਮ ਨੂੰ ਅਪੀਲ ਕੀਤੀ ਕਿ ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਹਰ ਸਿੱਖ ਨੂੰ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ ਵਧਾਈ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕੱਠੇ ਹੋਣ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਤੇ ਚੱਲਣ ਦੀ ਅਪੀਲ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਰਜਿੰਦਰ ਸਿੰਘ ਰੂਬੀ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਸ. ਨਿਸ਼ਾਨ ਸਿੰਘ ਜਫ਼ਰਵਾਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।