ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਗੋਨੇਆਣਾ ਮੰਡੀ ਵਿੱਚ ਵੀ ਫੋਕੇ ਕਿਸਾਨਾਂ ਨੇ ਕੇਂਦਰ ਅਤੇ ਭਾਜਪਾ ਦੇ ਪੁਤਲੇ
ਅਸ਼ੋਕ ਵਰਮਾ
ਗੋਨੇਆਣਾ ਮੰਡੀ, 16 ਮਈ 2026:ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਬੀਕੇਯੂ ਉਗਰਾਹਾਂ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਨੇ ਬੱਸ ਅੱਡਾ ਗੋਨਿਆਣਾ ਮੰਡੀ ਵਿਖੇ ਪੰਜਾਬ ਦੇ ਗਵਰਨਰ ਅਤੇ ਬੀਜੇਪੀ ਦੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਸਮੇਂ ਇੱਥੇ ਜੁੜੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ ਅਤੇ ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਆਗੂ ਜਗਸੀਰ ਸਿੰਘ ਝੁੰਬਾ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਦੀਆਂ ਪਾਣੀ, ਚੰਡੀਗੜ੍ਹ, ਡੈਮਾਂ ਦਾ ਕੰਟਰੋਲ ਅਤੇ ਕਿਸਾਨਾਂ ਦੀਆਂ ਦੂਜੀਆਂ ਮੰਗਾਂ ਲਈ ਸ਼ਾਂਤੀ ਪੂਰਨ ਰੋਸ ਪ੍ਰਦਰਸ਼ਨ ਕਰਨਾ ਚਾਹੁੰਦੇ ਸਨ ਪਰ ਗਵਰਨਰ ਪੰਜਾਬ ਦੀ ਇਸ਼ਾਰੇ ਤੇ ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਵਿਛਾੜਾਂ ਮਾਰਨ ਤੋਂ ਇਲਾਵਾ ਲਾਠੀਚਾਰਜ ਕਰਕੇ ਲੋਕਤੰਤਰੀ ਹੱਕ ਦਾ ਕਤਲ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਮੌਕੇ ਵੱਡੀ ਗਿਣਤੀ ਕਿਸਾਨ ਜਖਮੀ ਹੋਏ ਹਨ ਅਤੇ ਕਈਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਸੱਤਾ ਵਿੱਚ ਆਈਆਂ ਸਾਰੀਆਂ ਸਰਕਾਰਾਂ ਨੇ ਪੰਜਾਬ ਦੇ ਪਾਣੀਆਂ ਦੀ ਵੰਡ ਵਿੱਚ ਪੰਜਾਬ ਨਾਲ ਭਾਰੀ ਬੇਇਨਸਾਫੀ ਕੀਤੀ ਹੈ ਅਤੇ ਪੰਜਾਬ ਦਾ 50% ਤੋਂ ਉੱਪਰ ਪਾਣੀ ਗੈਰ ਰਿਪੇਰੀਅਨ ਰਾਜਾਂ ਜਿਵੇਂ ਕਿ ਰਾਜਸਥਾਨ ਨੂੰ ਦੇ ਦਿੱਤਾ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਵੱਲੋਂ ਸਾਰਾ ਵਿੱਤੀ ਬੋਝ ਉਠਾਏ ਜਾਣ ਦੇ ਬਾਵਜੂਦ ਵੀ ਪੰਜਾਬ ਦੀ ਪ੍ਰਬੰਧਕੀ ਹਿੱਸੇਦਾਰੀ ਖਤਮ ਕਰ ਦਿੱਤੀ ਗਈ ਹੈ ਜੋ ਕਿ ਅਤਿ ਨਿੰਦਨ ਯੋਗ ਹੈ।ਡੈਮ ਸੇਫਟੀ ਐਕਟ ਬਣਾ ਕੇ ਕੇਂਦਰ ਸਰਕਾਰ ਨੇ ਡੈਮਾਂ ਦਾ ਸਾਰਾ ਕੰਟਰੋਲ ਆਪਣੇ ਹੱਥ ਵਿੱਚ ਲੈ ਲਿਆ ਹੈ ਜਿਸ ਕਾਰਨ ਪੰਜਾਬ ਨੂੰ ਹਰ ਸਾਲ ਹੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਪੰਜਾਬ ਦਾ ਭਾਰੀ ਨੁਕਸਾਨ ਹੋ ਜਾਂਦਾ ਹੈ। ਉਹਨਾਂ ਮੰਗ ਕੀਤੀ ਕਿ ਪੰਜਾਬ ਦੇ ਪਾਣੀਆਂ ਦੀ ਵੰਡ ਮੁੜ ਤੋਂ ਰਿਪੇਰੀਅਨ ਸਿਧਾਂਤ ਦੇ ਆਧਾਰ ਤੇ ਕੀਤੀ ਜਾਵੇ ਅਤੇ ਪੰਜਾਬ ਦੇ ਸਾਰੇ ਡੈਮਾਂ ਦਾ ਕੰਟਰੋਲ ਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਹਵਾਲੇ ਕੀਤਾ ਜਾਵੇ। ਕਿਸਾਨੀ ਦੀਆਂ ਉਪਰੋਕਤ ਸਾਰੀਆਂ ਮੰਗਾਂ ਤੁਰੰਤ ਮੰਨੀਆਂ ਜਾਣ ।
ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਆਗੂਆਂ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਹੱਕ ਕੇਂਦਰ ਕੋਲੋਂ ਪ੍ਰਾਪਤ ਕਰਨ ਵਿੱਚ ਬੁਰੀ ਤਰ੍ਹਾਂ ਫੇਲ ਹੋਈ ਹੈ ਅਤੇ ਆਪਣੇ ਕਾਰਜਕਾਲ ਦੇ ਚਾਰ ਸਾਲਾਂ ਦੌਰਾਨ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸਮੇਤ ਕੋਈ ਵੀ ਮੰਗ ਕੇਂਦਰ ਕੋਲੋਂ ਪੂਰੀ ਨਹੀਂ ਕਰਵਾ ਸਕੀ । ਮੁੱਖ ਮੰਤਰੀ ਭਗਵੰਤ ਮਾਨ ਸਿਰਫ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਸਮਾਂ ਪਾਸ ਕਰ ਰਿਹਾ ਹੈ।ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਪੰਜਾਬ ਅਤੇ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਕੋਲ ਜੋਰਦਾਰ ਤਰੀਕੇ ਨਾਲ ਉਠਾਵੇ ਅਤੇ ਉਹਨਾਂ ਨੂੰ ਪੂਰੀਆਂ ਕਰਾਉਣ ਲਈ ਯਤਨ ਕਰੇ।ਕਿਸਾਨ ਆਗੂਆਂ ਨੇ ਦੱਸਿਆ ਕਿ 21 ਮਈ ਨੂੰ ਸੰਯੁਕਤ ਕਿਸਾਨ ਮੋਰਚਾ ਮੀਟਿੰਗ ਕਰਕੇ ਇਹਨਾਂ ਮੰਗਾਂ ਉੱਪਰ ਅਗਲੇ ਸੰਘਰਸ਼ ਦਾ ਐਲਾਨ ਕਰੇਗਾ। ਇਸ ਸਮੇਂ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਦਾਨ ਸਿੰਘ ਵਾਲਾ,ਜਗਸੀਰ ਸਿੰਘ ਚਹਿਲ ,ਰਜਿੰਦਰ ਸਿੰਘ ਬਲਾਹੜ ਮਹਿਮਾ, ਮੁਲਾਜ਼ਮ ਆਗੂ ਚੰਦਰ ਸ਼ਰਮਾ, ਮਜ਼ਦੂਰ ਆਗੂ ਮਾਸਟਰ ਸੇਵਕ ਸਿੰਘ ਅਤੇ ਹੋਰ ਬਹੁਤ ਸਾਰੇ ਵਰਕਰ ਵੀ ਹਾਜ਼ਰ ਸਨ।
- Download Babushahi App
-
-