ਹੁਸ਼ਿਆਰਪੁਰ ਤੋਂ ਹੋਵੇਗੀ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ
- 3 ਸਤੰਬਰ ਨੂੰ ਲਾਜਵੰਤੀ ਬਹੁਮੰਤਵੀ ਸਟੇਡੀਅਮ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ
ਹੁਸ਼ਿਆਰਪੁਰ, 21 ਅਗਸਤ 2025 - ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਖੇਡਾਂ ਵਤਨ ਪੰਜਾਬ ਦੀਆਂ” ਦੀ ਸ਼ੁਰੂਆਤ ਇਸ ਵਾਰ ਹੁਸ਼ਿਆਰਪੁਰ ਤੋਂ ਹੋਵੇਗੀ। ਇਸ ਸਬੰਧੀ ਰਾਜ ਪੱਧਰੀ ਉਦਘਾਟਨੀ ਸਮਾਰੋਹ 3 ਸਤੰਬਰ ਨੂੰ ਲਾਜਵੰਤੀ ਬਹੁਮੰਤਵੀ ਸਟੇਡੀਅਮ, ਹੁਸ਼ਿਆਰਪੁਰ ਵਿਖੇ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਰਾਜ ਪੱਧਰੀ ਖੇਡ ਮੁਕਾਬਲੇ ਵੀ ਸ਼ੁਰੂ ਹੋਣਗੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸਮਾਗਮ ਨੂੰ ਸਫਲ ਅਤੇ ਯਾਦਗਾਰੀ ਬਣਾਉਣ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹਿਣ ਦੇਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮਾਗਮ ਰਾਹੀਂ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਨੌਜਵਾਨਾਂ ਵਿਚ ਨਵੀਂ ਊਰਜਾ ਭਰੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸਿਰਫ਼ ਖੇਡ ਮੁਕਾਬਲਿਆਂ ਤੱਕ ਹੀ ਸੀਮਤ ਨਹੀਂ ਹੈ, ਸਗੋਂ ਇਹ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਕਾਰਾਤਮਕ ਦਿਸ਼ਾ ਵੱਲ ਅੱਗੇ ਵਧਾਉਣ ਲਈ ਇਕ ਸ਼ਕਤੀਸ਼ਾਲੀ ਮਾਧਿਅਮ ਵੀ ਹੈ।
ਮੀਟਿੰਗ ਦੌਰਾਨ ਵੱਖ-ਵੱਖ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ। ਹਰੇਕ ਕਮੇਟੀ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ, ਜਿਨ੍ਹਾਂ ਵਿਚ ਖੇਡ ਮੁਕਾਬਲਿਆਂ ਦੇ ਪ੍ਰਬੰਧ, ਸੱਭਿਆਚਾਰਕ ਪ੍ਰੋਗਰਾਮ ਕਰਵਾਉਣਾ, ਮਹਿਮਾਨਾਂ ਦਾ ਸਵਾਗਤ ਕਰਨਾ, ਸੁਰੱਖਿਆ ਪ੍ਰਬੰਧ, ਟ੍ਰੈਫਿਕ ਕੰਟਰੋਲ, ਡਾਕਟਰੀ ਸਹੂਲਤਾਂ, ਪੀਣ ਵਾਲੇ ਪਾਣੀ ਅਤੇ ਸਫਾਈ ਪ੍ਰਬੰਧ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਅਧਿਕਾਰੀ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ ਤਾਂ ਜੋ ਜ਼ਿਲ੍ਹਾ ਹੁਸ਼ਿਆਰਪੁਰ ਇਸ ਸਮਾਗਮ ਲਈ ਪੂਰੇ ਸੂਬੇ ਵਿੱਚ ਇਕ ਮਿਸਾਲ ਕਾਇਮ ਕਰ ਸਕੇ।
ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪ੍ਰੋਗਰਾਮ ਲਈ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਅਤੇ ਨਾ ਸਿਰਫ਼ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਸਗੋਂ ਇਸ ਮਹੱਤਵਪੂਰਨ ਪਹਿਲਕਦਮੀ ਨੂੰ ਸਫਲ ਬਣਾਉਣ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਪੀ ਨਵਨੀਤ ਕੌਰ ਗਿੱਲ, ਆਰ.ਟੀ.ਓ ਅਮਨਦੀਪ ਕੌਰ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਡੀ.ਐਸ.ਪੀ ਮਨਪ੍ਰੀਤ ਕੌਰ ਸ਼ੀਮਾਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।