ਹੋਮੋਪੈਥਿਕ ਮੈਡੀਕਲ ਅਫਸਰਾਂ ਦੀਆਂ ਅਸਾਮੀਆਂ ਭਰਨ ਦੀ ਸ਼ਲਾਘਾ ਕੀਤੀ
ਰੋਹਿਤ ਗੁਪਤਾ
ਗੁਰਦਾਸਪੁਰ 21 ਨਵੰਬਰ
ਸੂਬੇ ਦੇ ਲੋਕਾਂ ਨੂੰ ਬਿਹਤਰ ਆਯੂਸ਼ ਸਿਹਤ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਸਰਕਾਰ ਵੱਲੋਂ ਹੋਮਿਓਪੈਥੀ ਵਿਭਾਗ ਵਿੱਚ ਹੋਮਿਓਪੈਥਿਕ ਮੈਡੀਕਲ ਅਫਸਰਾਂ ਅਤੇ ਡਿਸਪੈਂਸਰਾਂ ਦੇ ਨਾਲ ਨਾਲ ਜੋ 115 ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਹੈ, ਉਹ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾ ਯੋਗ ਕਦਮ ਹੈ। ਇਸ ਸੰਬੰਧ ਵਿੱਚ ਪ੍ਰੈਸ ਨਾਲ ਗੱਲਬਾਤ ਕਰਦਿਆਂ ਆਯੂਸ਼ਮਾਨ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਅਤੇ ਐਨ ਆਰ ਐਚ ਐਮ ਇੰਪਲਾਈਜ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾਕਟਰ ਇੰਦਰਜੀਤ ਸਿੰਘ ਰਾਣਾ ਨੇ ਐਸੋਸੀਏਸ਼ਨ ਦੀ ਇਸ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਸਰਕਾਰ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਡਾਕਟਰ ਰਾਣਾ ਨੇ ਕਿਹਾ ਕਿ ਸਰਕਾਰ ਨੇ ਆਯੂਸ਼ ਚਿਕਿਤਸਾ ਪ੍ਰਣਾਲੀਆਂ ਨੂੰ ਮਜਬੂਤ ਕਰਨ ਦਾ ਜੋ ਇਹ ਸਿਲਸਿਲਾ ਸ਼ੁਰੂ ਕੀਤਾ ਹੈ ਉਹ ਇਸੇ ਤਰ੍ਹਾਂ ਹੀ ਜਾਰੀ ਰਹਿਣਾ ਚਾਹੀਦਾ ਹੈ। ਸਰਕਾਰ ਨੂੰ ਅਪੀਲ ਹੈ ਕਿ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਹੋਮਿਓਪੈਥੀ ਅਤੇ ਆਯੁਰਵੇਦ ਨਾਲ ਸੰਬੰਧਿਤ ਜੋ ਵੀ ਪੋਸਟਾਂ ਖਾਲੀ ਪਈਆਂ ਹਨ ਉਹਨਾਂ ਤੇ ਵੀ ਭਰਤੀਆਂ ਕੱਢੀਆਂ ਜਾਣ ਤਾਂ ਜੋ ਕਿ ਇਹਨਾਂ ਪੈਥੀਆਂ ਨਾਲ ਜੁੜੇ ਲੋਕਾਂ ਨੂੰ ਰੋਜ਼ਗਾਰ ਮਿਲ ਸਕੇ ਅਤੇ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮਿਲਣ। ਸਰਕਾਰ ਵੱਲੋਂ ਸੂਬੇ ਵਿੱਚ ਜੋ ਨਵਾਂ ਸਰਕਾਰੀ ਹੋਮਿਓਪੈਥੀ ਕਾਲਜ ਖੋਲਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਉਸ ਨੂੰ ਵੀ ਸਮੇਂ ਸਿਰ ਨੇਪਰੇ ਚਾੜਿਆ ਜਾਵੇ।