ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵਿਸ਼ੇਸ਼ ਇਜਲਾਸ ਹੋਏ
ਪੰਜਾਬ ਸਰਕਾਰ ਵੱਲੋਂ 45 ਦਿਨਾਂ ਦੇ ਅੰਦਰ ਦਿੱਤਾ ਜਾਵੇਗਾ ਹੜ੍ਹ ਪੀੜ੍ਹਤਾਂ ਨੂੰ ਮੁਆਵਜਾ - ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 14 ਸਤੰਬਰ - ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਪੁਨਰਵਾਸ ਦੇ ਕਾਰਜ ਲਗਾਤਾਰ ਜਾਰੀ ਹਨ। ਰਾਹਤ ਤੇ ਪੁਨਰਵਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਗ੍ਰਾਂਮ ਪੰਚਾਇਤਾਂ ਦੇ ਵਿਸ਼ੇਸ਼ ਇਜਲਾਸ ਕਰਕੇ ਕਮੇਟੀਆਂ ਗਠਨ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ ਹੀ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਬਲੱਗਣ, ਹਰਦਾਨ, ਖੋਖਰ, ਭੁੱਲਾ ਅਤੇ ਲੱਖੋਵਾਲ ਵਿਖੇ ਗ੍ਰਾਂਮ ਪੰਚਾਇਤਾਂ ਦੇ ਵਿਸ਼ੇਸ਼ ਇਜਲਾਸ ਬੁਲਾਏ ਗਏ। ਇਨ੍ਹਾਂ ਵਿਸ਼ੇਸ਼ ਇਜਲਾਸਾਂ ਵਿੱਚ ਸੀਨੀਅਰ ਆਗੂ ਸ੍ਰੀ ਰਮਨ ਬਹਿਲ ਨੇ ਵੀ ਹਾਜ਼ਰੀ ਭਰੀ।
ਇਨ੍ਹਾਂ ਇਜਲਾਸਾਂ ਦੌਰਾਨ ਪਿੰਡਾਂ ਵਿੱਚ ਨਿਗਰਾਨ ਕਮੇਟੀਆਂ ਦਾ ਗਠਨ ਕੀਤਾ ਗਿਆ ਜਿਸ ਵਿੱਚ ਸਰਪੰਚ, ਪੰਚਾਇਤ ਮੈਂਬਰ, ਸਕੱਤਰ, ਸਮਾਜ ਸੇਵੀ ਜਾਂ ਸਬਾਕਾ ਫ਼ੌਜੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਨਿਗਰਾਨ ਕਮੇਟੀਆਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਇਕੱਠੀ ਹੋਈ ਗਾਰ ਦੀ ਸਫ਼ਾਈ, ਨੁਕਸਾਨੇ ਗਏ ਘਰਾਂ ਦੀ ਮੁਰੰਮਤ, ਪ੍ਰਧਾਨ ਮੰਤਰੀ ਅਵਾਸ ਯੋਜਨਾ ਦੀਆਂ ਹਦਾਇਤਾਂ ਅਨੁਸਾਰ ਨਵਾਂ ਸਰਵੇ, ਮਰੇ ਹੋਏ ਪਸ਼ੂਆਂ ਨੂੰ ਦਬਾਉਣ, ਪਿੰਡ ਵਿੱਚ ਸਰਕਾਰੀ ਇਮਾਰਤਾਂ, ਸਰਕਾਰੀ ਸਕੂਲ, ਸਮਸ਼ਾਨਘਾਟ, ਬੂਟੇ, ਖੇਡ ਮੈਦਾਨ, ਪਾਰਕ, ਮਨਰੇਗਾ ਦੇ ਐਸਿਸਟ ਜਿਵੇਂ ਆਂਗਨਵਾੜੀ ਸੈਂਟਰ, ਪੰਚਾਇਤ ਘਰ ਆਦਿ ਦੇ ਨੁਕਸਾਨ ਅਤੇ ਰਿਪੇਅਰ ਸਬੰਧੀ ਇਸ ਤੋਂ ਇਲਾਵਾ ਗ੍ਰਾਮ ਸਭਾ ਨੂੰ ਕੋਈ ਹੋਰ ਹੜ੍ਹ ਪ੍ਰਭਾਵਿਤ ਕੰਮਾਂ ਨੂੰ ਕਰਵਾਇਆ ਜਾਵੇਗਾ।
ਸ੍ਰੀ ਰਮਨ ਬਹਿਲ ਨੇ ਇਨ੍ਹਾਂ ਪਿੰਡਾਂ ਵਿੱਚ ਚੁਣੀਆਂ ਗਈਆਂ ਨਿਗਰਾਨ ਕਮੇਟੀ ਦੇ ਮੈਂਬਰਾਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਦਿੱਤੀ ਗਈ ਜ਼ਿੰਮੇਵਾਰੀ ਨੂੰ ਨਿਭਾਉਣ ਤਾਂ ਜੋ ਹੜ੍ਹ ਪੀੜ੍ਹਤਾਂ ਨੂੰ ਰਾਹਤ ਮਿਲ ਸਕੇ। ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਫਸਲਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸੇਸ ਗਿਰਦਾਵਰੀ ਕੱਲ੍ਹ (13 ਸਤੰਬਰ) ਤੋਂ ਸੁਰੂ ਹੋ ਗਈ ਹੈ ਅਤੇ ਇਹ ਸਮੁੱਚੀ ਪ੍ਰਕਿਰਿਆ 45 ਦਿਨਾਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਤੁਰੰਤ ਬਾਅਦ ਕਿਸਾਨਾਂ ਨੂੰ ਆਪਣੇ ਮੁਆਵਜੇ ਦੇ ਚੈੱਕ ਮਿਲਣੇ ਸੁਰੂ ਹੋ ਜਾਣਗੇ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਫਸਲ 100 ਫੀਸਦੀ ਬਰਬਾਦ ਹੋ ਗਈ ਹੈ, ਉੱਥੇ ਇਹ ਪ੍ਰਕਿਰਿਆ ਸਿਰਫ ਇਕ ਮਹੀਨੇ ਵਿੱਚ ਪੂਰੀ ਕਰ ਲਈ ਜਾਵੇਗੀ ਅਤੇ ਤੁਰੰਤ ਬਾਅਦ ਚੈੱਕ ਸੌਂਪਣੇ ਸੁਰੂ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਮੁਆਵਜਾ ਵੰਡਣ ਵਿੱਚ ਪੂਰਾ ਸਾਲ ਲੱਗਦਾ ਸੀ, ਹੁਣ ਇਹ ਕਾਰਜ ਇਕ ਮਹੀਨੇ ਜਾਂ ਡੇਢ ਮਹੀਨੇ ਵਿੱਚ ਪੂਰਾ ਹੋ ਜਾਵੇਗਾ ਕਿਉਂਕਿ ਇਕ ਇਮਾਨਦਾਰ ਸਰਕਾਰ ਲੋਕਾਂ ਦੀ ਸੇਵਾ ਕਰ ਰਹੀ ਹੈ।
ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜਿਨ੍ਹਾਂ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਨੂੰ ਵੀ ਸਰਕਾਰ ਵੱਲੋਂ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦਾ ਪੂਰਾ ਘਰ ਢਹਿ ਗਿਆ ਹੈ, ਉਨ੍ਹਾਂ ਨੂੰ 1,20,000 ਰੁਪਏ ਮਿਲਣਗੇ, ਅਤੇ ਜਿਨ੍ਹਾਂ ਨੂੰ ਘੱਟ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ 40,000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਘਰਾਂ ਦੇ ਘੱਟ ਨੁਕਸਾਨ ਲਈ ਸਿਰਫ 6,800 ਰੁਪਏ ਮੁਆਵਜਾ ਦਿੰਦੀਆਂ ਸਨ, ਪਰ ਹੁਣ ਇਹ ਰਕਮ ਵਧਾ ਕੇ 40,000 ਰੁਪਏ ਕਰ ਦਿੱਤੀ ਗਈ ਹੈ।
ਇਸੇ ਤਰ੍ਹਾਂ ਜਿਨ੍ਹਾਂ ਲੋਕਾਂ ਦੇ ਪਸੂ ਹੜ੍ਹਾਂ ਵਿੱਚ ਵਹਿ ਗਏ ਸਨ ਜਾਂ ਮਰ ਗਏ ਸਨ, ਉਨ੍ਹਾਂ ਨੂੰ ਵੀ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੀ ਗਾਂ ਜਾਂ ਮੱਝ ਦੀ ਮੌਤ ਹੋ ਗਈ ਹੈ ਤਾਂ ਸਰਕਾਰ 37,500 ਰੁਪਏ ਦੇਵੇਗੀ, ਜੇਕਰ ਹੜ੍ਹ ਵਿੱਚ ਬੱਕਰੀ ਦੀ ਮੌਤ ਹੋ ਗਈ ਹੈ ਤਾਂ 4,000 ਰੁਪਏ ਦਿੱਤੇ ਜਾਣਗੇ ਅਤੇ ਹੋਰ ਸਾਰੇ ਜਾਨਵਰਾਂ ਨੂੰ ਵੀ ਨਿਯਮਾਂ ਅਨੁਸਾਰ ਮੁਆਵਜਾ ਦਿੱਤਾ ਜਾਵੇਗਾ ਜਿਸ ਵਿੱਚ ਬਲਦ, ਘੋੜੇ, ਮੁਰਗੀ, ਮੱਛੀ ਪਾਲਣ ਅਤੇ ਹੋਰ ਜੀਵ ਸਾਮਲ ਹਨ।