2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ
*ਭਗਵੰਤ ਮਾਨ ਸਰਕਾਰ ਪਠਾਨਕੋਟ ਤੋਂ ਲੈ ਕੇ ਫਾਜ਼ਿਲਕਾ ਤੱਕ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਮਿਸ਼ਨ 'ਤੇ:ਹਰਜੋਤ ਸਿੰਘ ਬੈਂਸ*
*ਸਕੂਲਾਂ ਵਿੱਚ ਲਾਪਰਵਾਹੀ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਨੀਤੀ ਨੂੰ ਦੁਹਰਾਇਆ; ਬੱਚਿਆਂ ਨੂੰ ਸਹੀ ਤਰੀਕੇ ਨਾਲ ਨਾ ਪੜ੍ਹਾਉਣ ਵਾਲੇ ਅਧਿਆਪਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਜੋਤ ਸਿੰਘ ਬੈਂਸ*
*500 ਤੋਂ ਵੱਧ ਵਿਦਿਆਰਥੀਆਂ ਵਾਲੇ ਸਕੂਲਾਂ ਵਿੱਚ ਕੈਂਪਸ ਮੈਨੇਜਰ, ਸੁਰੱਖਿਆ ਗਾਰਡ ਤਾਇਨਾਤ ਕੀਤੇ; ਜੇ.ਈ.ਈ. ਵਰਗੀਆਂ ਪ੍ਰੀਖਿਆਵਾਂ ‘ਚ ਵਿਦਿਆਰਥੀਆਂ ਦੀ ਸਫ਼ਲਤਾ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ ‘ਤੇ ਮੋਹਰ: ਹਰਜੋਤ ਸਿੰਘ ਬੈਂਸ*
*ਚੰਡੀਗੜ੍ਹ / ਅੰਮ੍ਰਿਤਸਰ, 20 ਫਰਵਰੀ: *
ਪੰਜਾਬ ਦੇ ਸਿੱਖਿਆ ਸੁਧਾਰਾਂ ਦਾ ਲੜੀ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਇਸ ਦੇ ਸੁਧਾਰ ਸਬੰਧੀ ਆਪਣੀ ਨਿਰੰਤਰ ਮੁਹਿੰਮ ਦੇ ਹਿੱਸੇ ਵਜੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੀਤਾ ਕਲਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸ. ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਪੰਜਾਬ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕੀਤਾ ਹੈ, ਜਿਸ ਨੂੰ ਉਨ੍ਹਾਂ ਨੇ ਸੂਬੇ ਦੇ ਇਤਿਹਾਸ ਵਿੱਚ ਇੱਕ ਨਵਾਂ ਮਾਪਦੰਡ ਕਰਾਰ ਦਿੱਤਾ।
ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਂ ਅਹੁਦਾ ਸੰਭਾਲਣ ਤੋਂ ਲੈ ਕੇ ਸੂਬੇ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਜ਼ਮੀਨੀ ਪੱਧਰ ਉਤੇ ਦੌਰਾ ਕਰਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਸਿੱਖਿਆ ਮੰਤਰੀ ਨੇ ਸਿੱਖਿਆ ਪ੍ਰਣਾਲੀ ਦੀ ਇੰਨੇ ਵੱਡੇ ਪੱਧਰ ‘ਤੇ ਜ਼ਮੀਨੀ ਪੱਧਰ ‘ਤੇ ਸਮੀਖਿਆ ਕੀਤੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਮੈਂ ਪਠਾਨਕੋਟ ਤੋਂ ਫਾਜ਼ਿਲਕਾ, ਫਿਰੋਜ਼ਪੁਰ ਤੋਂ ਮੋਹਾਲੀ ਤੱਕ ਕੋਈ ਜ਼ਿਲ੍ਹਾ ਨਹੀਂ ਛੱਡਿਆ ਹੈ, ਜੋ ਕਿ ਸੂਬੇ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਮੇਰੇ ਜਨੂੰਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਤਕਰੀਬਨ 20,000 ਸਕੂਲ ਹਨ, ਜਿਨ੍ਹਾਂ ਦੇ ਜ਼ਮੀਨੀ ਪੱਧਰ ‘ਤੇ ਨਿਰੀਖਣ ਲਈ ਮੈਂ ਇੱਕ ਮਿਸ਼ਨ 'ਤੇ ਹਾਂ।
ਸਟਾਫ਼ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਵਿੱਚ ਸਿੱਖਿਆ ਅਤੇ ਪ੍ਰਬੰਧਨ ਦੇ ਮਿਆਰਾਂ ਦੀ ਸਮੀਖਿਆ ਕੀਤੀ ਅਤੇ 'ਸਮਰੱਥ' ਪ੍ਰੋਗਰਾਮ, ਜੋ ਪ੍ਰਾਇਮਰੀ ਕਲਾਸਾਂ ਵਿੱਚ ਪੜ੍ਹਾਈ-ਲਿਖਾਈ ਸਬੰਧੀ ਦਰਪੇਸ਼ ਸਮੱਸਿਆਵਾਂ ਦੇ ਹੱਲ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇੱਕ ਪ੍ਰਮੁੱਖ ਪਹਿਲਕਦਮੀ ਹੈ, ਦੀ ਪ੍ਰਗਤੀ ਦਾ ਮੁਲਾਂਕਣ ਵੀ ਕੀਤਾ।
ਸ. ਬੈਂਸ ਨੇ ਆਪਣੇ ਅਹੁਦਾ ਸੰਭਾਲਣ ਸਮੇਂ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਦੇ ਹਾਲਾਤਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਪ੍ਰਾਇਮਰੀ ਪੱਧਰ 'ਤੇ ਵੱਡੀ ਗਿਣਤੀ ਬੱਚੇ ਪੜ੍ਹਨ ਜਾਂ ਲਿਖਣ ਵਿੱਚ ਅਸਮਰੱਥ ਸਨ। ਸਿੱਖਣ ਦੇ ਪਾੜੇ ਨੂੰ ਪੂਰਨ ਵਿੱਚ ਇਸ ਪਹਿਲਕਦਮੀ ਦੇ ਉਸਾਰੂ ਪ੍ਰਭਾਵ ਨੂੰ ਉਜਾਗਰ ਕਰਦਿਆਂ ਉਹ ਜਦੋਂ ਅਜਿਹੇ ਬੱਚਿਆਂ, ਜੋ ਅੱਖਰਾਂ ਦੀ ਪਛਾਣ ਕਰਨ ‘ਚ ਜੱਦੋ-ਜਹਿਦ ਤੋਂ ਲੈ ਕੇ ਹੁਣ ਸ਼ਬਦਾਂ ਅਤੇ ਵਾਕਾਂ ਨੂੰ ਭਰੋਸੇ ਨਾਲ ਪੜ੍ਹਨ ਤੱਕ ਤਰੱਕੀ ਕਰ ਚੁੱਕੇ ਹਨ, ਨਾਲ ਗੱਲਬਾਤ ਕਰਦੇ ਹਨ ਤਾਂ ਉਨ੍ਹਾਂ ਨੂੰ ਬਹੁਤ ਖੁਸ਼ੀ ਅਤੇ ਸੰਤੁਸ਼ਟੀ ਹੁੰਦੀ ਹੈ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਮਰੱਥ' ਪ੍ਰੋਗਰਾਮ ਰਾਹੀਂ ਅਸੀਂ ਅਜਿਹੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ 'ਤੇ ਕੰਮ ਕੀਤਾ। ਉਨ੍ਹਾ ਕਿਹਾ ਕਿ ਬੱਚਿਆਂ ਨੂੰ ਚੰਗੀ ਤਰ੍ਹਾਂ ਪੜ੍ਹਾਉਣ ਵਾਲੇ ਅਧਿਆਪਕ ਸ਼ਾਨਦਾਰ ਨਤੀਜੇ ਦੇ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਅਜਿਹੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਦੀ ਪੁਸ਼ਟੀ ਕਰਦਿਆਂ ਸਿੱਖਿਆ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਨਾਕਾਮ ਰਹਿਣ ਵਾਲੇ ਅਧਿਆਪਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸੁਰੱਖਿਤ ਅਤੇ ਅਨੁਕੂਲ ਸਿੱਖਿਆ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਚੁੱਕੇ ਗਏ ਕਦਮਾਂ 'ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 500 ਤੋਂ ਵੱਧ ਵਿਦਿਆਰਥੀਆਂ ਦੇ ਦਾਖਲੇ ਵਾਲੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਤਾਇਨਾਤ ਕੀਤੇ ਗਏ ਹਨ।
ਇਹ ਆਖਦਿਆਂ ਕਿ ਗਲਤ ਚੀਜ਼ਾਂ ਬਹੁਤ ਜਲਦੀ ਵਾਇਰਲ ਹੋ ਜਾਂਦੀਆਂ ਹਨ, ਸ. ਬੈਂਸ ਨੇ ਜਨਤਾ ਅਤੇ ਮੀਡੀਆ ਨੂੰ ਮਿਹਨਤੀ ਅਤੇ ਕੁਸ਼ਲ ਅਧਿਆਪਕਾਂ ਦੇ ਚੰਗੇ ਕੰਮਾਂ ਨੂੰ ਵੀ ਸਾਂਝਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਝੀਤਾ ਕਲਾਂ ਵਰਗੇ ਸਕੂਲਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਵੱਧ ਤੋਂ ਵੱਧ ਦਿਖਾਇਆ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਇਸ ਸਕੂਲ ਦੇ ਕੈਂਪਸ ਅਤੇ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਸਕੂਲ ਸ਼ਾਨਦਾਰ ਨਤੀਜੇ ਦੇ ਰਿਹਾ ਹੈ ਅਤੇ ਇਥੋਂ ਦੇ ਇੱਕ ਵਿਦਿਆਰਥੀ ਨੇ ਜੇਈਈ ਵੀ ਪਾਸ ਕੀਤਾ ਹੈ।
ਵਿਦਿਆਰਥੀਆਂ ਦੀ ਹਾਲੀਆ ਪ੍ਰੀਖਿਆ ਕਾਰਗੁਜ਼ਾਰੀ ਅਤੇ ਸਕੂਲ ਵਿੱਚ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਕਾਰਜਾਂ ਦੀ ਸ਼ਲਾਘਾ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਭਗਵੰਤ ਮਾਨ ਸਰਕਾਰ ਦੀ ਸਰਕਾਰੀ ਸਕੂਲਾਂ ਵਿੱਚ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਜਾ ਰਹੇ ਸਿੱਖਿਆ ਸੁਧਾਰਾਂ ਦੀ ਰਫ਼ਤਾਰ ਨੂੰ ਕਾਇਮ ਰੱਖਣ ਲਈ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।