4 ਮਈ ਨੂੰ ਗੁਰਦਾਸਪੁਰ ਵਿਖੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਹੋਵੇਗੀ ਜ਼ਿਲ੍ਹਾ ਪੱਧਰੀ ਮੀਟਿੰਗ
ਰੋਹਿਤ ਗੁਪਤਾ
- ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਮੀਟਿੰਗ ਵਿੱਚ ਹੋਣਗੇ ਸ਼ਾਮਲ
- ਡਿਪਟੀ ਕਮਿਸ਼ਨਰ ਵੱਲੋਂ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਸਾਰੇ ਨੁਮਾਇੰਦਿਆਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ
ਗੁਰਦਾਸਪੁਰ, 2 ਮਈ 2025 - ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 4 ਮਈ ਨੂੰ ਗੁਰਦਾਸਪੁਰ ਵਿਖੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਜਾਵੇਗੀ। ਪੀ.ਐੱਸ. ਗਾਰਡਨ ਗੁਰਦਾਸਪੁਰ ਵਿਖੇ ਹੋਣ ਵਾਲੀ ਇਸ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣਗੇ।
ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੀ ਮੀਟਿੰਗ ਵਿੱਚ ਜ਼ਿਲ੍ਹੇ ਦੀਆਂ ਸਾਰੀਆਂ ਡਿਫੈਂਸ ਕਮੇਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦਾ ਸਾਥ ਲਿਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੀਆਂ ਸਾਰੀਆਂ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ 4 ਮਈ ਨੂੰ ਸਵੇਰੇ 9:00 ਵਜੇ ਪੀ.ਐੱਸ. ਗਾਰਡਨ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਸ਼ਾਮਲ ਹੋਣ ਅਤੇ ਆਪਣੇ ਜ਼ਿਲ੍ਹੇ ਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਪੰਜਾਬ ਸਰਕਾਰ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਇਸ ਮੌਕੇ ਸਮੂਹ ਕਮੇਟੀ ਮੈਂਬਰਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਾਥ ਦੇਣ ਦੀ ਸਹੁੰ ਵੀ ਚੁਕਾਈ ਜਾਵੇਗੀ।