AAP ਦੀ ਟਿਕਟ ’ਤੇ ਹੀ ਲੜਾਂਗਾ 2027 ਦੀਆਂ ਚੋਣਾਂ! ਪਾਰਟੀ ਬਦਲਣ ਦੀਆਂ ਚਰਚਾਵਾਂ ’ਤੇ MLA ਦਾ ਵੱਡਾ ਬਿਆਨ
ਰਵੀ ਜੱਖੂ
ਚੰਡੀਗੜ੍ਹ, 13 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਵਿਧਾਇਕਾਂ ਦੇ ਪਾਰਟੀ ਬਦਲਣ ਸਬੰਧੀ ਚੱਲ ਰਹੀਆਂ ਚਰਚਾਵਾਂ ਦਰਮਿਆਨ ਲੁਧਿਆਣਾ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਆਪਣੀ ਸਿਆਸੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਉਨ੍ਹਾਂ ਨੇ ਦੂਜੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਬੇਬੁਨਿਆਦ ਦੱਸਦਿਆਂ ਐਲਾਨ ਕੀਤਾ ਹੈ ਕਿ ਉਹ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਹੀ ਲੜਨਗੇ।
ਮਦਨ ਲਾਲ ਬੱਗਾ ਨੇ ਕਿਹਾ ਕਿ ਉਨ੍ਹਾਂ ਦੇ ਕਿਸੇ ਹੋਰ ਸਿਆਸੀ ਪਾਰਟੀ ਵਿੱਚ ਜਾਣ ਦੀਆਂ ਗੱਲਾਂ ਸਿਰਫ਼ ਅਫਵਾਹਾਂ ਹਨ। ਉਨ੍ਹਾਂ ਦਾ ਅਜਿਹੀ ਕੋਈ ਯੋਜਨਾ ਨਹੀਂ ਹੈ ਅਤੇ ਉਹ ਆਮ ਆਦਮੀ ਪਾਰਟੀ ਨਾਲ ਹੀ ਜੁੜੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਦੇ ਸੱਚੇ ਸਿਪਾਹੀ ਹਨ ਅਤੇ ਪਾਰਟੀ ਦੀ ਵਿਚਾਰਧਾਰਾ ਨਾਲ ਖੜ੍ਹੇ ਹਨ।
ਵਿਧਾਇਕ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਬਾਰੇ ਫੈਲਾਈਆਂ ਜਾ ਰਹੀਆਂ ਪਾਰਟੀ ਛੱਡਣ ਦੀਆਂ ਚਰਚਾਵਾਂ ਵਿੱਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਮੁੜ ਦੁਹਰਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਉਹ ‘ਆਪ’ ਵੱਲੋਂ ਹੀ ਚੋਣ ਮੈਦਾਨ ਵਿੱਚ ਉਤਰਨਗੇ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸ ਦੌਰਾਨ ਮਦਨ ਲਾਲ ਬੱਗਾ ਦੇ ਪਾਰਟੀ ਬਦਲਣ ਸਬੰਧੀ ਚਰਚਾਵਾਂ ਵੀ ਸਾਹਮਣੇ ਆ ਰਹੀਆਂ ਸਨ। ਹੁਣ ਉਨ੍ਹਾਂ ਦੇ ਬਿਆਨ ਨਾਲ ਇਨ੍ਹਾਂ ਅਟਕਲਾਂ ’ਤੇ ਵਿਰਾਮ ਲੱਗਣ ਦੀ ਕੋਸ਼ਿਸ਼ ਹੋਈ ਹੈ। ਹਾਲਾਂਕਿ, 2027 ਦੀਆਂ ਚੋਣਾਂ ਲਈ ਉਮੀਦਵਾਰੀ ਬਾਰੇ ਅੰਤਿਮ ਫੈਸਲਾ ਪਾਰਟੀ ਵੱਲੋਂ ਹੀ ਕੀਤਾ ਜਾਵੇਗਾ।
- Download Babushahi App
-
-