ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ: ਸ਼ੈਰੀ ਕਲਸੀ, ਲਾਲਜੀਤ ਭੁੱਲਰ ਅਤੇ ਹਰਚੰਦ ਬਰਸਟ ਦੀ ਅਗਵਾਈ 'ਚ ਕਈ ਆਗੂ ਹੋਏ ਸ਼ਾਮਲ
ਤਰਨਤਾਰਨ 'ਚ 'ਆਪ' ਦਾ ਕਾਫਲਾ ਵਧਿਆ: ਵਿਰੋਧੀ ਧਿਰਾਂ ਦਾ ਸੂਪੜਾ ਸਾਫ਼ ਹੋਣ ਦੇ ਆਸਾਰ - ਹਰਚੰਦ ਬਰਸਟ
ਬਾਰਡਰ ਏਰੀਏ ਦੇ ਵਿਕਾਸ ਲਈ 'ਆਪ' ਵਚਨਬੱਧ, ਲੋਕਾਂ ਦਾ ਮਿਲ ਰਿਹਾ ਭਰਪੂਰ ਸਮਰਥਨ: 'ਆਪ' ਆਗੂ
ਤਰਨਤਾਰਨ, 9 ਨਵੰਬਰ 2025
ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪਾਰਟੀ ਦੇ ਵਰਕਿੰਗ ਪ੍ਰਧਾਨ ਸ਼ੈਰੀ ਕਲਸੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਮੌਜੂਦਗੀ ਵਿੱਚ ਕਾਂਗਰਸ ਸਮੇਤ ਹੋਰ ਪਾਰਟੀਆਂ ਦੇ ਕਈ ਆਗੂ ਅਤੇ ਵਰਕਰ 'ਆਪ' ਵਿੱਚ ਸ਼ਾਮਲ ਹੋ ਗਏ। ਤਰਨਤਾਰਨ ਵਿਖੇ ਹੋਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਰਸਮੀ ਸੁਆਗਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਤਰਨਤਾਰਨ ਦੇ ਸੂਝਵਾਨ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸਰਹੱਦੀ ਖੇਤਰ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 58 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ, ਕੇਵਲ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜੋ ਪਾਰਦਰਸ਼ੀ ਸ਼ਾਸਨ ਦੀ ਇੱਕ ਮਿਸਾਲ ਹੈ।
ਬਰਸਟ ਨੇ ਅੱਗੇ ਕਿਹਾ ਕਿ 'ਆਪ' ਸਰਕਾਰ ਨੇ ਕਿਸਾਨਾਂ ਲਈ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਇਆ ਹੈ ਅਤੇ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। ਇਸ ਤੋਂ ਇਲਾਵਾ, ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਅਤੇ ਬਿਹਤਰ ਸਿਹਤ ਸਹੂਲਤਾਂ ਲਈ ਮੁਹੱਲਾ ਕਲੀਨਿਕ ਵਰਗੇ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ। ਉਨ੍ਹਾਂ ਨੇ ਪਿਛਲੀਆਂ ਅਕਾਲੀ-ਕਾਂਗਰਸ ਸਰਕਾਰਾਂ 'ਤੇ ਸਰਕਾਰੀ ਜਾਇਦਾਦਾਂ ਵੇਚਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ ਇੱਕ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਲੋਕਾਂ ਨੂੰ ਸਮਰਪਿਤ ਕੀਤਾ ਹੈ।
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ 'ਆਪ' ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ। ਉਨ੍ਹਾਂ ਕਿਹਾ ਕਿ ਚੋਣ ਨਿਸ਼ਾਨ 'ਝਾੜੂ' ਵਾਲਾ ਤਿੰਨ ਨੰਬਰ ਬਟਨ ਦਬਾ ਕੇ ਲੋਕ ਹਲਕੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ।
ਵਰਕਿੰਗ ਪ੍ਰਧਾਨ ਸ਼ੈਰੀ ਕਲਸੀ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸੁਆਗਤ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ, ਖਾਸਕਰ ਕਾਂਗਰਸ ਅਤੇ ਭਾਜਪਾ, ਦਾ ਪੰਜਾਬ ਵਿੱਚੋਂ ਸੂਪੜਾ ਸਾਫ਼ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਪਾਰਟੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਸਿਰਫ਼ ਆਮ ਆਦਮੀ ਪਾਰਟੀ 'ਤੇ ਹੀ ਭਰੋਸਾ ਕਰਦੇ ਹਨ।