ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਮਹਿਲਾ ਰਿਜਰਵੇਸ਼ਨ ਬਿੱਲ ਇਤਿਹਾਸਿਕ ਕਰਾਰ
ਅਸ਼ੋਕ ਵਰਮਾ
ਬਠਿੰਡਾ, 16 ਅਪ੍ਰੈਲ 2026 :ਕੇਂਦਰ ਸਰਕਾਰ ਵੱਲੋਂ ਅੱਜ ਲੋਕ ਸਭਾ ਵਿੱਚ ਮਹਿਲਾ ਰਿਜ਼ਰਵੇਸ਼ਨ ਬਿੱਲ ਪਾਸ ਕੀਤੇ ਜਾਣ ’ਤੇ ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਇਸਨੂੰ ਦੇਸ਼ ਦੀਆਂ ਮਹਿਲਾਵਾਂ ਲਈ ਇਤਿਹਾਸਕ ਉਪਲਬਧੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਮਹਿਲਾਵਾਂ ਨੂੰ ਰਾਜਨੀਤਿਕ ਤੌਰ ’ਤੇ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ।
ਸਿੰਗਲਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਫੀ ਸਮੇਂ ਤੋਂ ਲੰਬਿਤ ਇਸ ਬਿੱਲ ਦੇ ਪਾਸ ਹੋਣ ਨਾਲ ਹੁਣ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਧੇਗੀ, ਜਿਸ ਨਾਲ ਦੇਸ਼ ਦੀ ਲੋਕਤੰਤਰਿਕ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਸੰਸਕ੍ਰਿਤੀ ਵਿੱਚ ਮਹਿਲਾਵਾਂ ਨੂੰ ਹਮੇਸ਼ਾ ਸਨਮਾਨ ਦਿੱਤਾ ਗਿਆ ਹੈ ਅਤੇ ਇਹ ਬਿੱਲ ਉਸੇ ਪਰੰਪਰਾ ਨੂੰ ਅੱਗੇ ਵਧਾਉਣ ਦਾ ਕੰਮ ਕਰੇਗਾ। ਸਿੰਗਲਾ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਮਹਿਲਾਵਾਂ ਰਾਜਨੀਤੀ ਵਿੱਚ ਹੋਰ ਸਰਗਰਮ ਭੂਮਿਕਾ ਨਿਭਾਉਂਦੀਆਂ ਹੋਈਆਂ ਸਮਾਜ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣਗੀਆਂ।ਭਾਜਪਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਨੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫੈਸਲਾ ਨਾਰੀ ਸ਼ਕਤੀ ਨੂੰ ਸਮਰਪਿਤ ਹੈ। ਉਨ੍ਹਾਂ ਪਾਰਟੀ ਵਰਕਰਾਂ ਅਤੇ ਸ਼ਹਿਰ ਵਾਸੀਆਂ ਨੂੰ ਵੀ ਇਸ ਇਤਿਹਾਸਕ ਫੈਸਲੇ ਦਾ ਸਵਾਗਤ ਕਰਨ ਦੀ ਅਪੀਲ ਕੀਤੀ।
ਸਿੰਗਲਾ ਨੇ ਕਿਹਾ ਕਿ ਮਹਿਲਾ ਰਿਜ਼ਰਵੇਸ਼ਨ ਬਿੱਲ ਦੇ ਲਾਗੂ ਹੋਣ ਨਾਲ ਦੇਸ਼ ਦੀ ਅੱਧੀ ਅਬਾਦੀ ਨੂੰ ਉਹਨਾਂ ਦਾ ਹੱਕ ਮਿਲੇਗਾ ਅਤੇ ਭਾਰਤ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕਰੇਗਾ।
Click to Follow Babushahi Facebook page →