BREAKING: ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ, ਛੱਡੀ ਪਾਰਟੀ
Babushahi Network
ਚੰਡੀਗੜ੍ਹ, 4 ਨਵੰਬਰ 2026: ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਸਿਆਸਤ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਐਲਾਨ ਕਰਦਿਆਂ ਹੋਇਆ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਫੈਸਲਾ ਪੰਥਕ ਏਕਤਾ ਦੇ ਮੁੱਦੇ ’ਤੇ ਵਿਚਾਰਾਂ ਅਤੇ ਕਾਰਜਸ਼ੈਲੀ ਵਿੱਚ ਸਹਿਮਤੀ ਨਾ ਬਣਨ ਦੇ ਮੱਦੇਨਜ਼ਰ ਲਿਆ ਹੈ।
ਮੀਡੀਆ ਨੂੰ ਜਾਰੀ ਕੀਤੇ ਬਿਆਨ ਵਿੱਚ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਦਾ ਇੱਕ ਸਾਂਝੇ ਮੰਚ ’ਤੇ ਇਕੱਠੇ ਹੋਣਾ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਪੰਜਾਬ ਦੇ ਹੱਕਾਂ, ਪੰਥਕ ਮਸਲਿਆਂ ਅਤੇ ਪੰਜਾਬੀਅਤ ਦੀ ਰਾਖੀ ਲਈ ਸਾਰੀਆਂ ਧਿਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਸਾਂਝੀ ਰਣਨੀਤੀ ਅਪਣਾਉਣੀ ਚਾਹੀਦੀ ਹੈ।
ਉਨ੍ਹਾਂ ਆਪਣੇ ਬਿਆਨ ਵਿੱਚ ਕਿਹਾ ਕਿ ਪੰਥਕ ਏਕਤਾ ਲਈ ਉਨ੍ਹਾਂ ਵੱਲੋਂ ਕੀਤੀ ਗਈ ਅਪੀਲ ’ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਨਤਕ ਤੌਰ ’ਤੇ ਦਿੱਤੇ ਗਏ ਪ੍ਰਤੀਕਰਮ ਤੋਂ ਇਹ ਮਹਿਸੂਸ ਹੋਇਆ ਕਿ ਦੋਵਾਂ ਦੀ ਸੋਚ, ਵਿਚਾਰਧਾਰਾ ਅਤੇ ਕੰਮ ਕਰਨ ਦੇ ਢੰਗ ਵਿੱਚ ਆਪਸੀ ਤਾਲਮੇਲ ਨਹੀਂ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ।
ਪ੍ਰੋ. ਚੰਦੂਮਾਜਰਾ ਨੇ ਸਪੱਸ਼ਟ ਕੀਤਾ ਕਿ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦੇ ਬਾਵਜੂਦ ਪੰਥ, ਪੰਜਾਬ, ਪੰਜਾਬੀਅਤ ਅਤੇ ਸੂਬੇ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਪਹਿਲਾਂ ਵਾਂਗ ਹੀ ਬਰਕਰਾਰ ਰਹੇਗੀ। ਉਨ੍ਹਾਂ ਦੇ ਇਸ ਫੈਸਲੇ ਨੂੰ ਪੰਜਾਬ ਦੀ ਅਕਾਲੀ ਸਿਆਸਤ ਵਿੱਚ ਇੱਕ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ ਆਉਣ ਵਾਲੇ ਸਮੇਂ ਵਿੱਚ ਪੰਥਕ ਏਕਤਾ ਨੂੰ ਲੈ ਕੇ ਅਗਲਾ ਸਿਆਸੀ ਰੁਖ਼ ਕੀ ਹੋਵੇਗਾ?
- Download Babushahi App
-
-