BREAKING: PM ਹਾਊਸ ਦੇ ਬਾਹਰੋਂ ਰਾਹੁਲ ਗਾਂਧੀ ਸਮੇਤ ਕਈ MPs ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
BABUSHAHI NETWORK
ਨਵੀਂ ਦਿੱਲੀ, 21 ਜੁਲਾਈ 2026- ਪੇਪਰ ਲੀਕ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕਾਂਗਰਸ ਅਤੇ ਵਿਰੋਧੀ ਧਿਰ ਵੱਲੋਂ ਅੱਜ ਪ੍ਰਧਾਨ ਮੰਤਰੀ ਨਿਵਾਸ (ਪੀਐਮ ਹਾਊਸ) ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਦਿੱਲੀ ਪੁਲਿਸ ਨੇ ਕਾਂਗਰਸ ਦੇ ਕਈ MPs ਨੂੰ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨ ਦੌਰਾਨ ਸੁਰੱਖਿਆ ਪ੍ਰਬੰਧ ਕਾਫ਼ੀ ਸਖ਼ਤ ਰਹੇ ਅਤੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਪੀਐਮ ਹਾਊਸ ਵੱਲ ਵਧਣ ਤੋਂ ਰੋਕ ਦਿੱਤਾ।
ਪ੍ਰਦਰਸ਼ਨ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੀ ਸ਼ਾਮਲ ਸਨ। ਪੁਲਿਸ ਵੱਲੋਂ ਰੋਕਣ 'ਤੇ ਰਾਹੁਲ ਗਾਂਧੀ ਸੜਕ 'ਤੇ ਬੈਠ ਗਏ ਅਤੇ ਕੁਝ ਸਮੇਂ ਬਾਅਦ ਸੜਕ 'ਤੇ ਲੇਟ ਕੇ ਵਿਰੋਧ ਦਰਜ ਕਰਵਾਇਆ। ਇਸ ਤੋਂ ਬਾਅਦ ਦਿੱਲੀ ਪੁਲਿਸ ਦੇ ਜਵਾਨਾਂ ਨੇ ਉਨ੍ਹਾਂ ਨੂੰ ਚੁੱਕ ਕੇ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਮੌਕੇ 'ਤੇ ਕੁਝ ਸਮੇਂ ਲਈ ਤਣਾਅਪੂਰਨ ਮਾਹੌਲ ਵੀ ਬਣ ਗਿਆ।

ਪੁਲਿਸ ਕਾਰਵਾਈ ਦੌਰਾਨ ਪੰਜਾਬ ਨਾਲ ਸਬੰਧਤ ਕਈ ਕਾਂਗਰਸੀ ਸੰਸਦ ਮੈਂਬਰਾਂ ਅਤੇ ਆਗੂਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ। ਇਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸਮੇਤ ਹੋਰ ਕਈ MPs ਸ਼ਾਮਲ ਸਨ। ਪੁਲਿਸ ਨੇ ਉਨ੍ਹਾਂ ਨੂੰ ਪ੍ਰਦਰਸ਼ਨ ਸਥਾਨ ਤੋਂ ਹਟਾ ਕੇ ਵੱਖ-ਵੱਖ ਥਾਵਾਂ 'ਤੇ ਲਿਜਾਇਆ।
ਕਾਂਗਰਸ ਦਾ ਦੋਸ਼ ਹੈ ਕਿ ਦੇਸ਼ ਵਿੱਚ ਪੇਪਰ ਲੀਕ ਦੀਆਂ ਲਗਾਤਾਰ ਸਾਹਮਣੇ ਆ ਰਹੀਆਂ ਘਟਨਾਵਾਂ ਕਾਰਨ ਲੱਖਾਂ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ। ਪਾਰਟੀ ਨੇ ਇਸ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ਦੇ ਨਾਲ ਹੀ ਕਾਂਗਰਸ ਆਗੂਆਂ ਨੇ ਕੇਂਦਰ ਸਰਕਾਰ 'ਤੇ ਨੌਜਵਾਨਾਂ ਦੇ ਹਿੱਤਾਂ ਦੀ ਅਣਦੇਖੀ ਕਰਨ ਦਾ ਦੋਸ਼ ਲਗਾਉਂਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵੀ ਅਸਤੀਫ਼ੇ ਦੀ ਮੰਗ ਕੀਤੀ।

ਦੂਜੇ ਪਾਸੇ, ਦਿੱਲੀ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਅਤੇ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਦੀ ਕਾਰਵਾਈ ਕੀਤੀ। ਖ਼ਬਰ ਲਿਖੇ ਜਾਣ ਤੱਕ ਕਈ ਕਾਂਗਰਸੀ ਆਗੂ ਪੁਲਿਸ ਹਿਰਾਸਤ ਵਿੱਚ ਸਨ, ਜਦਕਿ ਪ੍ਰਦਰਸ਼ਨ ਨੂੰ ਲੈ ਕੇ ਸਿਆਸੀ ਮਾਹੌਲ ਕਾਫ਼ੀ ਗਰਮਾਇਆ ਹੋਇਆ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮੁੱਦੇ 'ਤੇ ਸਿਆਸੀ ਟਕਰਾਅ ਹੋਰ ਤੇਜ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
- Download Babushahi App
-
-